ਪਟਿਆਲਾ: ਪੰਜਾਬ 'ਚ ਕੋਰੋਨਾਵਾਇਰਸ ਦੀ ਲੜੀ ਨੂੰ ਤੋੜਨ ਲਈ ਪੰਜਾਬ ਸਰਕਾਰ ਵੱਲੋਂ ਕਈ ਵੱਡੇ ਫੈਸਲੇ ਲਏ ਜਾ ਰਹੇ ਹਨ। ਇਸੇ ਦਰਮਿਆਨ ਤੇ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਮਗਰੋਂ ਪੰਜਾਬ ਸਰਕਾਰ ਵੱਲੋਂ ਅਹਿਮ ਫੈਸਲਾ ਲਿਆ ਗਿਆ ਹੈ। ਇਸ ਦੇ ਚੱਲਦਿਆਂ ਪੰਜਾਬ ਭਰ ਦੀਆਂ ਜੇਲ੍ਹਾਂ ਦੇ ਵਿੱਚੋਂ 6 ਹਜ਼ਾਰ ਦੇ ਕਰੀਬ ਹਵਾਲਾਤੀਆਂ ਨੂੰ ਰਿਹਾਅ ਕੀਤੇ ਜਾਣ ਦੇ ਹੁਕਮ ਜਾਰੀ ਕੀਤੇ ਗਏ ਹਨ।


ਇਨ੍ਹਾਂ ਹੁਕਮਾਂ ਨੂੰ ਧਿਆਨ 'ਚ ਰੱਖਦਿਆਂ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿੱਚੋਂ 45 ਦੇ ਕਰੀਬ ਹਵਾਲਾਤੀਆਂ ਨੂੰ ਰਿਹਾਅ ਕੀਤਾ ਗਿਆ ਹੈ। ਇਸ ਮੌਕੇ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਡਿਪਟੀ ਸੁਪਰਡੈਂਟ ਇੰਦਰਜੀਤ ਸਿੰਘ ਕਾਹਲੋਂ ਨੇ ਕਿਹਾ ਕਿ ਇਹ ਫੈਸਲਾ ਸੁਪਰੀਮ ਕੋਰਟ ਤੇ ਪੰਜਾਬ ਸਰਕਾਰ ਵੱਲੋਂ ਕੋਰੋਨਾਵਾਇਰਸ ਦੀ ਲੜੀ ਨੂੰ ਤੋੜਨ ਲਈ ਲਿਆ ਗਿਆ ਹੈ।


ਇਨ੍ਹਾਂ ਕੈਦੀਆਂ ਨੂੰ ਬੱਸਾਂ ਦੇ ਜ਼ਰੀਏ ਉਨ੍ਹਾਂ ਦੇ ਘਰ ਤੱਕ ਪਹੁੰਚਾਇਆ ਜਾਵੇਗਾ। ਇਸ ਮੌਕੇ 'ਤੇ ਜੇਲ੍ਹ ਵਿਚੋਂ ਰਿਹਾਅ ਹੋਏ ਕੈਦੀਆਂ ਨੇ ਕਿਹਾ ਕਿ ਇਹ ਜੋ ਫੈਸਲਾ ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ ਕਰਕੇ ਲਿਆ ਹੈ, ਇਹ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਅਸੀਂ ਵੀ ਕੋਰੋਨਾ ਵਾਇਰਸ ਦੀ ਮਹਾਂਮਾਰੀ ਤੋਂ ਬਚਣ ਲਈ ਆਪਣੇ ਘਰਾਂ ਵਿੱਚ ਹੀ ਰਹਾਂਗੇ।