ਚੰਡੀਗੜ੍ਹ: ਬੀਤੇ ਦਿਨੀਂ ਮੰਤਰੀ ਸਮੂਹ ਨੇ ਆਪਣੀ ਮੀਟਿੰਗ ਵਿੱਚ ਪੰਜਾਬ ‘ਚ ਕੋਵਿਡ-19 ਦੇ ਫੈਲਣ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲਿਆ। ਮੀਟਿੰਗ ਵਿੱਚ ਸਾਰੇ ਜਨਤਕ ਸੇਵਾ ਵਾਹਨਾਂ ਦੀ ਆਵਾਜਾਈ 'ਤੇ ਰੋਕ ਲਗਾਉਣ ਦਾ ਫੈਸਲਾ ਕੀਤਾ ਗਿਆ ਸੀ। ਟਰਾਂਸਪੋਰਟ ਵਿਭਾਗ ਨੇ ਜਨਤਕ ਸਹੂਲਤ ਲਈ, ਪੀਆਰਟੀਸੀ/ਪਨਬੱਸ/ਪੰਜਾਬ ਰੋਡਵੇਜ਼ ਦੀਆਂ ਬੱਸਾਂ ਨੂੰ ਕੁਝ ਖ਼ਾਸ ਰੂਟਾਂ 'ਤੇ ਚਲਾਉਣ ਦਾ ਫੈਸਲਾ ਕੀਤਾ ਹੈ।

ਰਜ਼ੀਆ ਸੁਲਤਾਨਾ ਵੱਲੋਂ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਸ ਸਬੰਧੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਹ ਪਾਬੰਦੀ 20 ਮਾਰਚ, 2020 ਦੀ ਅੱਧੀ ਰਾਤ ਤੋਂ ਲਾਗੂ ਹੋਵੇਗੀ ਅਤੇ 31 ਮਾਰਚ, 2020 ਤੱਕ ਲਾਗੂ ਰਹੇਗੀ। ਇਸ ਪਾਬੰਦੀ ਵਿੱਚ ਸਟੇਜ ਕੈਰੇਜ ਦੇ ਨਾਲ-ਨਾਲ ਠੇਕੇ 'ਤੇ ਚੱਲਣ ਵਾਲੀਆਂ ਬੱਸਾਂ ਵੀ ਸ਼ਾਮਲ। ਹਾਲਾਂਕਿ, ਐਮਰਜੈਂਸੀ ਦੀ ਸਥਿਤੀ ਵਿੱਚ ਸਬੰਧਤ ਡਿਪਟੀ ਕਮਿਸ਼ਨਰਾਂ ਅਤੇ ਰਾਜ ਟਰਾਂਸਪੋਰਟ ਕਮਿਸ਼ਨਰ ਨੂੰ ਕਿਸੇ ਵੀ ਜਨਤਕ ਵਾਹਨ ਨੂੰ ਇਸ ਆਦੇਸ਼ ਨੂੰ ਲਾਗੂ ਕਰਨ ਤੋਂ ਛੋਟ ਦੇਣ ਦਾ ਅਧਿਕਾਰ ਹੈ।

ਰਜ਼ੀਆ ਸੁਲਤਾਨਾ ਨੇ ਦੱਸਿਆ ਕਿ ਸਮੂਹ ਮੰਤਰੀਆਂ ਵੱਲੋਂ ਸਰਕਾਰੀ ਦਫਤਰਾਂ ਵਿੱਚ ਗੈਰ-ਜਰੂਰੀ ਪਬਲਿਕ ਡੀਲਿੰਗ ਨੂੰ ਘੱਟਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਦੇ ਮੱਦੇਨਜਰ, ਡਰਾਈਵਿੰਗ ਲਾਇਸੈਂਸ ਜਾਰੀ ਕਰਨ ਅਤੇ ਡਰਾਇਵਿੰਗ ਟੈਸਟ ਨੂੰ 23.03.2020 ਤੋਂ 31.03.2020 ਤੱਕ ਅਸਥਾਈ ਤੌਰ 'ਤੇ ਮੁਅੱਤਲ ਕਰਨ ਦਾ ਫੈਸਲਾ ਵੀ ਲਿਆ ਗਿਆ।