ਜਲੰਧਰ: ਜਲੰਧਰ ਕਮਿਸ਼ਨਰੇਟ ਪੁਲਿਸ ਨੇ ਅੱਜ ਇੱਕ ਅੰਤਰਰਾਸ਼ਟਰੀ ਡਰੱਗ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਜਿਸ ਵਿੱਚ ਅਫਰੀਕੀ ਮੂਲ ਦੇ ਦੋ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ 500 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਸੀਆਈਏ ਸਟਾਫ ਨੂੰ ਸੂਚਨਾ ਮਿਲੀ ਸੀ ਕਿ ਨਸ਼ੇ ਦੀ ਤਸਕਰੀ ਕਰਨ ਵਾਲੇ ਦੋ ਅਫਰੀਕੀ ਨਾਗਰਿਕ ਅੱਜ ਜੀਟੀ ਰੋਡ ਪਰਾਗਪੁਰ ਵੱਲ ਆ ਰਹੇ ਹਨ। ਉਨ੍ਹਾਂ ਕੋਲ ਵੱਡੀ ਖੇਪ 'ਚ ਨਸ਼ਾ ਹੈ। 


 


ਇਸ ਜਾਣਕਾਰੀ ਦੇ ਅਧਾਰ 'ਤੇ ਸੀਆਈਏ ਸਟਾਫ ਦੀ ਟੀਮ ਨੇ ਪਰਾਗਪੁਰ ਰੋਡ ਜਾਮ ਕਰ ਦਿੱਤਾ ਅਤੇ ਵਾਹਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ। ਸੀਆਈਏ ਸਟਾਫ ਦੀ ਟੀਮ ਨੇ ਅਫ਼ਰੀਕੀ ਮੂਲ ਦੇ ਆਦਮੀ ਅਤੇ ਔਰਤ ਨੂੰ ਬੈਗ ਫੜ੍ਹੇ ਆਉਦੇ ਵੇਖਿਆ। ਪੁਲਿਸ ਪਾਰਟੀ ਨੇ ਦੋਵਾਂ ਨੂੰ ਰੋਕ ਲਿਆ ਅਤੇ ਉਨ੍ਹਾਂ ਦੇ ਬੈਗਾਂ ਦੀ ਤਲਾਸ਼ੀ ਲਈ ਤਾਂ ਇੱਕ ਦੇ ਕੋਲੋਂ 200 ਗ੍ਰਾਮ ਹੈਰੋਇਨ ਅਤੇ ਦੂਸਰੇ ਕੋਲੋਂ 300 ਗ੍ਰਾਮ ਹੈਰੋਇਨ ਬਰਾਮਦ ਹੋਈ।



ਪੁਲਿਸ ਪੁੱਛਗਿੱਛ ਵਿੱਚ ਮੁਲਜ਼ਮਾਂ ਨੇ ਕਿਹਾ ਕਿ ਉਹ ਪੰਜਾਬ ਅਤੇ ਹਰਿਆਣਾ ਵਿੱਚ ਨਸ਼ਿਆਂ ਦੀ ਸਪਲਾਈ ਕਰਕੇ ਮੋਟੀ ਕਮਾਈ ਕਰ ਰਹੇ ਸੀ। ਪੁਲਿਸ ਮੁਲਜ਼ਮਾਂ ਤੋਂ ਹੋਰ ਪੁੱਛਗਿੱਛ ਕਰ ਰਹੀ ਹੈ ਤਾਂ ਜੋ ਉਨ੍ਹਾਂ ਦੀ ਚੇਨ ਤੋੜੀ ਜਾ ਸਕੇ।