ਮਨਵੀਰ ਕੌਰ ਰੰਧਾਵਾ


ਚੰਡੀਗੜ੍ਹ: ਪੰਜਾਬ ਅਸੈਂਬਲੀ 'ਚ ਮੰਗਲਵਾਰ ਨੂੰ ਕਰਤਾਰਪੁਰ ਲਾਂਘੇ ਬਾਰੇ ਅਹਿਮ ਮਤਾ ਪਾਸ ਕੀਤਾ ਗਿਆ। ਇਸ ਮਤੇ ਤਹਿਤ ਪਾਕਿਸਤਾਨ ਤੋਂ ਮੰਗ ਕੀਤੀ ਗਈ ਕਰਤਾਰਪੁਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਲਈ ਪਾਸਪੋਰਟ ਦੀ ਲੋੜ ਤੇ 20 ਡਾਲਰ ਦੀ ਫੀਸ ਮੁਆਫ ਕੀਤੀ ਜਾਵੇ।

ਮਤੇ 'ਚ ਕਿਹਾ ਗਿਆ ਹੈ ਕਿ ਸ਼ਰਧਾਲੂਆਂ ਨੂੰ ਜਾਣ ਦੀ ਇਜਾਜ਼ਤ ਦੇਣ ਲਈ ਆਧਾਰ ਕਾਰਡ ਦੀ ਵਰਤੋਂ ਕੀਤੀ ਜਾਣੀ ਚਾਹੀਦੀ ਹੈ। ਕੈਬਨਿਟ ਮੰਤਰੀ ਸੁਖਵਿੰਦਰ ਰੰਧਾਵਾ ਨੇ ਕੇਂਦਰ ਸਰਕਾਰ ਤੋਂ ਕਰਤਾਰਪੁਰ ਸਾਹਿਬ ਪਹੁੰਚਣ ਲਈ ਪਾਸਪੋਰਟ ਦੀ ਸ਼ਰਤ ਵਿੱਚ ਢਿੱਲ ਦੇਣ ਲਈ ਇਹ ਮਤਾ ਚੁੱਕਿਆ ਸੀ।

ਦੱਸ ਦਈਏ ਕਿ 'ਆਪ’ ਤੇ ਅਕਾਲੀ ਵਿਧਾਇਕਾਂ ਨੇ ਇਸ ਮਤੇ ਦੀ ਹਮਾਇਤ ਕੀਤੀ ਹੈ। ਇਸ ਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਨ੍ਹਾਂ ਮੁੱਦਿਆਂ ਦੇ ਹੱਲ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਰਬ ਪਾਰਟੀ ਵਫ਼ਦ ਭੇਜਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਗਰੀਬ ਲੋਕਾਂ ਕੋਲ ਪਾਸਪੋਰਟ ਨਹੀਂ ਤੇ ਉਹ 20 ਡਾਲਰ ਦੀ ਫੀਸ ਨਹੀਂ ਦੇ ਸਕਦੇ। ਮੁੱਖ ਮੰਤਰੀ ਨੇ ਕਿਹਾ, “ਅਸੀਂ ਚਾਹੁੰਦੇ ਹਾਂ ਕਿ ਸਾਡੀ ਕੇਂਦਰ ਸਰਕਾਰ ਇਸ ਮੁੱਦੇ ਨੂੰ ਪਾਕਿਸਤਾਨ ਸਰਕਾਰ ਕੋਲ ਉਠਾਵੇ।"

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਨੂੰ ਵੀ ਦਿੱਲੀ 'ਚ ਇਸ ਮੁੱਦੇ ਲਈ ਆਧਾਰ ਤਿਆਰ ਕਰਨ ਵਿੱਚ ਮਦਦ ਕਰਨੀ ਚਾਹੀਦੀ ਹੈ।