ਚੰਡੀਗੜ੍ਹ: ਪੰਜਾਬ ਪੁਲਿਸ ਨੇ ਤਿੰਨ ਵਿਅਕਤੀਆਂ ਦੀ ਗ੍ਰਿਫ਼ਤਾਰੀ ਨਾਲ ਇੱਕ ਵੱਡੇ ਨਾਰਕੋ ਗੈਂਗਸਟਰ ਮੌਡਿਊਲ ਦਾ ਪਰਦਾਫਾਸ਼ ਕੀਤਾ ਹੈ, ਜਿਸ ਦੀ 532 ਕਿਲੋ ਅਟਾਰੀ ਡਰੱਗ ਮਾਮਲੇ ਵਿੱਚ ਭਾਲ ਸੀ। ਡੀਜੀਪੀ ਦਿਨਕਰ ਗੁਪਤਾ ਨੇ ਮੰਗਲਵਾਰ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੋਸ਼ੀਆਂ ਕੋਲੋਂ ਛੇ ਨਾਜਾਇਜ਼ ਹਥਿਆਰ ਜ਼ਬਤ ਕੀਤੇ ਗਏ ਹਨ ਤੇ ਉਨ੍ਹਾਂ ਖਿਲਾਫ਼ ਥਾਣਾ ਭਿੱਖੀਵਿੰਡ ਵਿਖੇ ਐਨਡੀਪੀਐਸ ਐਕਟ ਦੀ ਧਾਰਾ 27, ਆਰਮਜ਼ ਐਕਟ ਦੀ ਧਾਰਾ 25, 54, 59, ਆਈਪੀਸੀ 188, 269, 270, 506 ਅਤੇ ਆਪਦਾ ਪ੍ਰਬੰਧਨ ਦੀ ਧਾਰਾ 51 ਬੀ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਗੁਪਤਾ ਨੇ ਦੱਸਿਆ ਕਿ ਡੀਐਸਪੀ/ਡਿਟੈਕਟਿਵ ਅਤੇ ਇੰਚਾਰਜ ਸੀਆਈਏ, ਤਰਨ ਤਾਰਨ ਦੀ ਟੀਮ ਨੇ ਗੁਰਪ੍ਰੀਤ ਸਿੰਘ ਪੁੱਤਰ ਜਸਵੰਤ ਸਿੰਘ ਨਿਵਾਸੀ ਪਿੰਡ ਭਿੱਖੀਵਿੰਡ, ਥਾਣਾ ਭਿੱਖੀਵਿੰਡ; ਸੁਖਦੇਵ ਸਿੰਘ ਪੁੱਤਰ ਲਖਵੀਰ ਸਿੰਘ, ਨਿਵਾਸੀ ਪਿੰਡ ਜੀਓਨਕੇ, ਥਾਣਾ ਹਰੀਕੇ ਅਤੇ ਸਰਬਜੀਤ ਸਿੰਘ ਪੁੱਤਰ ਸੁਖਦੇਵ ਸਿੰਘ, ਨਿਵਾਸੀ ਪਿੰਡ ਵਾੜਾ, ਥਾਣਾ ਭਿੱਖੀਵਿੰਡ ਤੋਂ ਗ੍ਰਿਫ਼ਤਾਰ ਕੀਤੇ ਹਨ। ਉਨ੍ਹਾਂ ਕੋਲੋਂ 12 ਬੋਰ ਦੀ ਦੁਨਾਲੀ ਰਾਈਫਲ, ਇੱਕ 32 ਬੋਰ ਦੀ ਬੈਰੇਟਾ ਪਿਸਤੌਲ, ਦੋ 32 ਬੋਰ ਪਿਸਤੌਲ, ਇੱਕ 12 ਬੋਰ ਦੀ ਪਿਸਤੌਲ ਅਤੇ ਇੱਕ 315 ਬੋਰ ਪਿਸਤੌਲ ਸਮੇਤ 315 ਬੋਰ ਦੇ 2 ਜਿੰਦਾ ਕਾਰਤੂਸ ਅਤੇ 32 ਬੋਰ ਦੇ 2 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।
ਦੋਸ਼ੀ ਗੁਰਪ੍ਰੀਤ ‘ਤੇ ਜੇਲ੍ਹ ਵਿੱਚ ਬੰਦ ਕਈ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਨਾਲ ਸਿੱਧੇ ਸੰਪਰਕ ਹੋਣ ਦਾ ਵੀ ਦੋਸ਼ ਸੀ। ਇਸ ਸਬੰਧੀ ਡੀਜੀਪੀ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਦੀ ਪੁੱਛਗਿੱਛ ਤੋਂ ਪਤਾ ਲੱਗਾ ਹੈ ਕਿ ਉਹ ਸ਼ੁਭਮ ਨਾਲ ਸਿੱਧਾ ਸੰਪਰਕ ਵਿੱਚ ਸੀ, ਜੋ ਬਟਾਲਾ ਦਾ ਇੱਕ ਗੈਂਗਸਟਰ ਸੀ ਅਤੇ 2018 ਵਿਚ ਅੰਮ੍ਰਿਤਸਰ ਵਿਚ ਇੱਕ ਗਹਿਣਿਆਂ ਦੀ ਦੁਕਾਨ ਤੋਂ 7 ਕਰੋੜ ਰੁਪਏ ਦੀ ਹਥਿਆਰਬੰਦ ਲੁੱਟ ਦੇ ਮਾਮਲੇ ਵਿੱਚ ਮੁੱਖ ਮੁਲਜ਼ਮ ਸੀ। ਸ਼ੁਭਮ ਨੂੰ 2019 ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਇਸ ਸਮੇਂ ਉਹ ਅੰਮ੍ਰਿਤਸਰ ਕੇਂਦਰੀ ਜੇਲ੍ਹ, ਵਿਚ ਬੰਦ ਹੈ। ਹੁਣ ਤੱਕ ਕੀਤੀ ਗਈ ਫੋਰੈਂਸਿਕ ਅਤੇ ਤਕਨੀਕੀ ਜਾਂਚ ਦੇ ਅਧਾਰ ‘ਤੇ ਇਹ ਪਾਇਆ ਗਿਆ ਹੈ ਕਿ ਗੁਰਪ੍ਰੀਤ ਸਿੰਘ, ਸ਼ੁਭਮ ਦੇ ਸੰਪਰਕ ਵਿੱਚ ਸੀ ਅਤੇ ਤਰਨਤਾਰਨ ਤੇ ਫਿਰੋਜ਼ਪੁਰ ਦੇ ਇਲਾਕਿਆਂ ਵਿੱਚ ਆਪਣੇ ਸਾਥੀਆਂ ਨੂੰ ਹਥਿਆਰ ਸਪਲਾਈ ਕਰਦਾ ਸੀ।
ਡੀਜੀਪੀ ਨੇ ਅੱਗੇ ਦੱਸਿਆ ਕਿ ਐਸਐਸਪੀ ਧਰੁਵ ਧਈਆ ਦੀ ਅਗਵਾਈ ਵਾਲੀ ਟੀਮ ਵੱਲੋਂ ਕੀਤੀ ਗਈ ਜਾਂਚ ਦੇ ਅਧਾਰ ‘ਤੇ ਗਿਰੋਹ ਦੇ ਤਿੰਨ ਹੋਰ ਸਾਥੀ, ਸਾਰੇ ਵਾਸੀ ਫਿਰੋਜ਼ਪੁਰ ਦੀ ਪਛਾਣ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ੁਭਮ ਦੇ ਅਹਿਮ ਸਾਥੀ ਵਜੋਂ ਥਾਣਾ ਆਰਿਫਕੇ, ਫਿਰੋਜ਼ਪੁਰ ਅਧੀਨ ਪੈਂਦੇ ਪਿੰਡ ਕਟੌਰਾ ਦੇ ਸੂਰੀਆ ਦੀ ਪਛਾਣ ਕੀਤੀ ਗਈ ਜੋ ਕਿ ਗੁਰਪ੍ਰੀਤ ਸਿੰਘ ਨਾਲ ਤਾਲਮੇਲ ਨਾਲ ਨਾਜਾਇਜ਼ ਹਥਿਆਰਾਂ ਦੀ ਸਪਲਾਈ ਵਿੱਚ ਸ਼ਾਮਲ ਸੀ।
ਪੜਤਾਲ ਤੋਂ ਪਤਾ ਲੱਗਿਆ ਕਿ ਗੁਰਪ੍ਰੀਤ ਸਿੰਘ, ਕੁਲਦੀਪ ਸਿੰਘ ਉਰਫ਼ ਬੱਬੂ ਪੁਤਰ ਹਰਭਜਨ ਸਿੰਘ ਵਾਸੀ ਹਵੇਲੀਆਂ, ਥਾਣਾ ਸਰਾਏ ਅਮਾਨਤ ਖਾਂ, ਤਰਨ ਤਾਰਨ ਦੇ ਨਾਲ ਸਿੱਧਾ ਸੰਪਰਕ ਵਿੱਚ ਸੀ ਜੋ ਰਣਜੀਤ ਰਾਣਾ ਦਾ ਭਰਾ ਹੈ, ਜੋ ਕਿ 532 ਕਿਲੋ ਹੈਰੋਇਨ ਅਟਾਰੀ ਨਸ਼ਾ ਕੇਸ ਦਾ ਮੁੱਖ ਦੋਸ਼ੀ ਹੈ ਅਤੇ ਹਾਲ ਹੀ ਵਿੱਚ ਪੰਜਾਬ ਪੁਲਿਸ ਨੇ ਉਸਨੂੰ ਗ੍ਰਿਫ਼ਤਾਰ ਕੀਤਾ।
ਡੀਜੀਪੀ ਨੇ ਦੱਸਿਆ ਕਿ ਦੋਸ਼ੀ ਗੁਰਪ੍ਰੀਤ ਸਿੰਘ ਅਤੇ ਉਸਦੇ ਸਾਥੀਆਂ ਦੇ ਮੋਬਾਈਲ ਉਪਕਰਣਾਂ ਦੀ ਫੋਰੈਂਸਿਕ ਅਤੇ ਤਕਨੀਕੀ ਵਿਸ਼ਲੇਸ਼ਣ ਕੀਤਾ ਜਾ ਰਿਹਾ ਹੈ। ਗੈਂਗਸਟਰ ਸ਼ੁਭਮ ਅਤੇ ਅਟਾਰੀ ਸਰਹੱਦ ਤੋਂ ਆਏ 532 ਕਿਲੋ ਹੈਰੋਇਨ ਦੇ ਮੁਲਜ਼ਮ ਸਣੇ ਵੱਡੇ ਨਸ਼ਾ ਤਸਕਰਾਂ ਨਾਲ ਇਸ ਗਿਰੋਹ ਦੇ ਸਬੰਧਾਂ ਦੀ ਵੀ ਹੋਰ ਜਾਂਚ ਕੀਤੀ ਜਾ ਰਹੀ ਹੈ।
ਸੂਬੇ ਚੋਂ ਨਸ਼ਾ ਅਤੇ ਨਸਿ਼ਆਂ ਦੀ ਤਸਕਰੀ ਨੂੰ ਖ਼ਤਮ ਕਰਨ ਲਈ ਪੰਜਾਬ ਪੁਲਿਸ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਗੁਪਤਾ ਨੇ ਕਿਹਾ ਕਿ 22 ਮਾਰਚ ਨੂੰ ਕਰਫਿਊ ਲਾਗੂ ਕਰਨ ਤੋਂ ਬਾਅਦ ਤਰਨਤਾਰਨ ਜ਼ਿਲ੍ਹੇ ਤੋਂ 15.802 ਕਿਲੋ ਹੈਰੋਇਨ ਬਰਾਮਦ ਕੀਤੀ ਗਈ। ਇਸ ਤੋਂ ਇਲਾਵਾ ਜ਼ਿਲ੍ਹਾ ਪੁਲਿਸ ਐਨਡੀਪੀਐਸ ਐਕਟ ਦੀਆਂ ਧਾਰਾਵਾਂ ਤਹਿਤ ਵੱਡੇ ਨਸ਼ਾ ਤਸਕਰਾਂ ਦੀਆਂ ਗੈਰ ਕਾਨੂੰਨੀ ਢੰਗ ਨਾਲ ਬਣਾਈਆਂ ਜਾਇਦਾਦਾਂ ਨੂੰ ਜ਼ਬਤ ਕਰਨ ਸਬੰਧੀ ਸਖ਼ਤੀ ਨਾਲ ਕਾਰਵਾਈ ਕਰ ਰਹੀ ਹੈ।
ਡੀਜੀਪੀ ਨੇ ਅੱਗੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ਼ ਕਾਰਵਾਈ ਤੋਂ ਇਲਾਵਾ 13 ਨਾਜਾਇਜ਼ ਹਥਿਆਰ ਵੀ ਬਰਾਮਦ ਕੀਤੇ ਗਏ ਹਨ ਅਤੇ ਕਰਫਿਊ ਲਗਾਉਣ ਤੋਂ ਬਾਅਦ ਗੈਂਗਸਟਰਾਂ ਅਤੇ ਗੈਰ ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿਰੁੱਧ ਜ਼ਿਲ੍ਹਾ ਪੁਲਿਸ ਵੱਲੋਂ ਜ਼ੀਰੋ ਟੌਲਰੈਂਸ ਤਰੀਕੇ ਨਾਲ ਕਾਰਵਾਈ ਕੀਤੀ ਜਾ ਰਹੀ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
ਨਾਰਕੋ ਗੈਂਗਸਟਰ ਮੌਡਿਊਲ ਦਾ ਪਰਦਾਫਾਸ਼, ਪੁਲਿਸ ਨੇ ਹਥਿਆਰਾਂ ਸਣੇ ਤਿੰਨ ਨੂੰ ਕੀਤਾ ਕਾਬੂ
ਏਬੀਪੀ ਸਾਂਝਾ
Updated at:
12 May 2020 08:08 PM (IST)
ਪੰਜਾਬ ਪੁਲਿਸ ਨੇ ਤਿੰਨ ਵਿਅਕਤੀਆਂ ਦੀ ਗ੍ਰਿਫ਼ਤਾਰੀ ਨਾਲ ਇੱਕ ਵੱਡੇ ਨਾਰਕੋ ਗੈਂਗਸਟਰ ਮੌਡਿਊਲ ਦਾ ਪਰਦਾਫਾਸ਼ ਕੀਤਾ ਹੈ, ਜਿਸ ਦੀ 532 ਕਿਲੋ ਅਟਾਰੀ ਡਰੱਗ ਮਾਮਲੇ ਵਿੱਚ ਭਾਲ ਸੀ।
ਪੁਰਾਣੀ ਤਸਵੀਰ
- - - - - - - - - Advertisement - - - - - - - - -