ਗੁਰਦਾਸਪੁਰ: ਪੰਜਾਬ ਰੋਡਵੇਜ਼ ਤੇ ਪਨਬੱਸ ਕੰਟ੍ਰੈਕਟ ਵਰਕਰ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਮਨਵਾਉਣ ਲਈ ਪੰਜਾਬ ਸਰਕਾਰ ਖਿਲਾਫ ਗੁਰਦਾਸਪੁਰ ਦੇ ਕਸਬਾ ਕਾਦੀਆਂ ਵਿੱਚ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਕੋਠੀ ਦਾ ਘਿਰਾਓ ਕੀਤਾ ਗਿਆ।


 


ਵੱਡੀ ਗਿਣਤੀ ਇਕੱਠੇ ਹੋਏ ਮੁਲਾਜ਼ਮਾਂ ਵੱਲੋਂ ਪੰਜਾਬ ਵਿੱਚ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਮੁੱਖ ਮੰਗ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜੀ ਕੀਤੀ ਗਈ। ਉੱਥੇ ਹੀ ਮੰਤਰੀ ਤ੍ਰਿਪਤ ਬਾਜਵਾ ਨੇ ਧਰਨਾ ਦੇ ਰਹੇ ਮੁਲਾਜ਼ਮਾਂ ਕੋਲੋਂ ਮੰਗ ਪੱਤਰ ਲੈ ਕੇ ਉਨ੍ਹਾਂ ਦੀਆਂ ਮੰਗਾਂ ਜਲਦ ਪੂਰੀਆਂ ਕਰਨ ਦਾ ਭਰੋਸਾ ਦਿੱਤਾ।


 


ਪੰਜਾਬ ਰੋਡਵੇਜ਼ ਅਤੇ ਪਨਬੱਸ ਕੰਟ੍ਰੈਕਟ ਵਰਕਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਅਜੀਤ ਸਿੰਘ ਗਿੱਲ ਤੇ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਪਰਮਜੀਤ ਸਿੰਘ ਨੇ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਸੱਤਾ ਹਾਸਲ ਕਰਨ ਤੋਂ ਪਹਿਲਾਂ ਠੇਕਾ ਮੁਲਾਜਮਾਂ ਨੂੰ ਰੈਗੂਲਰ ਕਰਨ ਦਾ ਵਾਅਦਾ ਕੀਤਾ ਸੀ ਪਰ ਉਹ ਪਿਛਲੇ ਕਈ ਸਾਲਾਂ ਤੋਂ ਨਿਗੁਣੀਆਂ ਤਨਖਾਹਾਂ ਤੇ ਕੰਟਰੈਕਟ ਵਰਕਰ ਸੇਵਾਵਾਂ ਦੇ ਰਹੇ ਹਨ।


 


ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਲੋਕ ਵਿਰੋਧੀ ਨੀਤੀਆਂ ਤਹਿਤ ਨਿੱਜੀਕਰਨ ਦੀਆਂ ਮਾਰੂ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਰੱਦ ਕਰਵਾਉਣ ਤੇ ਆਪਣੀਆਂ ਲੰਬੇ ਸਮੇ ਤੋਂ ਲਟਕ ਰਹੀਆਂ ਮੰਗਾਂ ਨੂੰ ਪੂਰਾ ਕਰਵਾਉਣ ਨੂੰ ਲੈ ਕੇ ਉਨ੍ਹਾਂ ਵੱਲੋਂ ਸੰਘਰਸ਼ ਜਾਰੀ ਰਹੇਗਾ।


 


ਇਸ ਦੇ ਨਾਲ ਹੀ ਇਹਨਾਂ ਆਗੂਆਂ ਦਾ ਕਹਿਣਾ ਸੀ ਕਿ ਅੱਜ ਉਨ੍ਹਾਂ ਵੱਲੋਂ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੇ ਘਰ ਦਾ ਘਿਰਾਓ ਕੀਤਾ ਗਿਆ ਹੈ ਜਦਕਿ ਕੱਲ੍ਹ ਪੰਜਾਬ ਦੀ ਟ੍ਰਾਂਸਪੋਰਟ ਮੰਤਰੀ ਦੇ ਖਿਲਾਫ ਮਾਲੇਰਕੋਟਲਾ ਵਿਖੇ ਧਰਨਾ ਦਿੱਤਾ ਜਾਵੇਗਾ। ਇਨ੍ਹਾਂ ਮੁਲਾਜ਼ਮਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆ ਮੰਗਾਂ ਦਾ ਹੱਲ ਜਲਦ ਨਾ ਕੀਤਾ ਤਾ ਉਨ੍ਹਾਂ ਵੱਲੋਂ ਤਿੰਨ ਦਿਨ 27, 28, 29 ਜੂਨ ਨੂੰ ਪੰਜਾਬ ਭਰ ਵਿੱਚ ਪਨਬੱਸ ਦਾ ਚੱਕਾ ਜਾਮ ਕਰ ਮੁਕੰਮਲ ਹੜਤਾਲ ਕੀਤੀ ਜਾਵੇਗੀ।


 


ਉਧਰ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵੱਲੋਂ ਧਰਨਾ ਦੇ ਰਹੇ ਇਨ੍ਹਾਂ ਮੁਲਾਜ਼ਮਾਂ ਕੋਲੋਂ ਮੰਗ ਪੱਤਰ ਲਿਆ ਗਿਆ ਤੇ ਮੰਤਰੀ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਅਮਰਿੰਦਰ ਸਿੰਘ ਤੇ ਉਨ੍ਹਾਂ ਦੀ ਸਰਕਾਰ ਵੱਲੋਂ ਜਲਦ ਇਨ੍ਹਾਂ ਦੀਆਂ ਮੰਗਾਂ 'ਤੇ ਵਿਚਾਰ ਕਰ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਕੀਤਾ ਜਾਵੇਗਾ।