ਚੰਡੀਗੜ੍ਹ: ਪੰਜਾਬ ਵਿੱਚ ਸ਼ਰਾਬ ਮਾਫੀਆ ਦੀ ਹੁਣ ਖੈਰ ਨਹੀਂ। ਜੇਕਰ ਜ਼ਹਿਰੀਲੀ ਸ਼ਰਾਬ ਨਾਲ ਕਿਸੇ ਦੀ ਮੌਤ ਹੁੰਦੀ ਹੈ ਤਾਂ ਮੌਤ ਦੀ ਸਜ਼ਾ ਤੱਕ ਹੋ ਸਕਦੀ ਹੈ। ਇਸ ਬਾਰੇ ਪੰਜਾਬ ਕੈਬਨਿਟ ਨੇ ਪੰਜਾਬ ਆਬਕਾਰੀ ਐਕਟ ’ਚ ਸੋਧਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਦਾ ਮਕਸਦ ਰਾਜ ਵਿੱਚ ਨਾਜਾਇਜ਼/ਗ਼ੈਰਕਾਨੂੰਨੀ ਤੇ ਜ਼ਹਿਰੀਲੀ ਸ਼ਰਾਬ ਦੇ ਕਾਰੋਬਾਰ ਨੂੰ ਖਤਮ ਕਰਨਾ ਹੈ।


 


ਪੰਜਾਬ ਕੈਬਨਿਟ ਨੇ ਪੰਜਾਬ ਆਬਕਾਰੀ ਐਕਟ, 1914 ’ਚ ਧਾਰਾ 61-ਏ ਦਰਜ ਕਰਨ ਤੇ ਧਾਰਾ 61 ਤੇ 63 ਵਿੱਚ ਸੋਧ ਕਰਨ ਦੀ ਫ਼ੈਸਲਾ ਲਿਆ ਹੈ। ਚਾਲੂ ਬਜਟ ਇਜਲਾਸ ਵਿੱਚ ਬਿੱਲ ਲਿਆਉਣ ਦੀ ਪ੍ਰਵਾਨਗੀ ਵੀ ਦਿੱਤੀ ਗਈ ਹੈ। ਹਾਸਲ ਜਾਣਕਾਰੀ ਅਨੁਸਾਰ ਪੰਜਾਬ ਆਬਕਾਰੀ ਐਕਟ, 1914 ਵਿੱਚ ਇਸ ਦੀ ਉੱਪ ਧਾਰਾ (1) ਵਜੋਂ ਨਵੀਂ ਧਾਰਾ 61-ਏ ਸ਼ਾਮਲ ਕੀਤੀ ਗਈ ਹੈ। ਜੇਕਰ ਕਿਸੇ ਸ਼ਰਾਬ ਵਿੱਚ ਜ਼ਹਿਰੀਲਾ ਜਾਂ ਮਨੁੱਖੀ ਸਿਹਤ ਲਈ ਹਾਨੀਕਾਰਕ ਪਦਾਰਥ ਮਿਲਦਾ ਹੈ ਤਾਂ ਉਹ ਸ਼ਰਾਬ ਤਿਆਰ ਕਰਨ ਜਾਂ ਵੇਚਣ ਵਾਲਾ ਵਿਅਕਤੀ ਸਜ਼ਾ ਦਾ ਹੱਕਦਾਰ ਹੋਵੇਗਾ।


 


ਅਜਿਹੀ ਸ਼ਰਾਬ ਪੀਣ ਨਾਲ ਕਿਸੇ ਦੀ ਮੌਤ ਹੋਣ ਦੀ ਸੂਰਤ ’ਚ ਦੋਸ਼ੀ ਨੂੰ ਮੌਤ ਜਾਂ ਉਮਰ ਕੈਦ ਦੀ ਸਜ਼ਾ ਦੇਣ ਦੇ ਨਾਲ-ਨਾਲ 20 ਲੱਖ ਰੁਪਏ ਤੱਕ ਜੁਰਮਾਨਾ ਵੀ ਲਾਇਆ ਜਾ ਸਕੇਗਾ। ਕਿਸੇ ਹੋਰ ਗੰਭੀਰ ਨੁਕਸਾਨ ਦੀ ਸਥਿਤੀ ਵਿੱਚ ਦੋਸ਼ੀ ਨੂੰ ਇਕ ਸਾਲ ਤੱਕ ਦੀ ਕੈਦ ਤੇ ਪੰਜ ਲੱਖ ਰੁਪਏ ਤੱਕ ਦਾ ਜੁਰਮਾਨਾ ਲਾਇਆ ਜਾ ਸਕੇਗਾ। ਇਸ ਤਹਿਤ ਪੀੜਤਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿਵਾਉਣ ਦੀ ਵਿਵਸਥਾ ਵੀ ਕੀਤੀ ਹੈ। ਜਿੱਥੇ ਸ਼ਰਾਬ ਇਕ ਲਾਇਸੈਂਸਸ਼ੁਦਾ ਠੇਕੇ ਤੋਂ ਵੇਚੀ ਜਾਂਦੀ ਹੈ ਤਾਂ ਇਸ ਸੈਕਸ਼ਨ ਤਹਿਤ ਮੁਆਵਜ਼ਾ ਦੇਣ ਦੀ ਜ਼ਿੰਮੇਵਾਰੀ ਲਾਇਸੈਂਸਧਾਰਕ ਦੀ ਹੋਵੇਗੀ।