ਬਰਨਾਲਾ: ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਪੰਜਾਬ ਸਮੇਤ ਦੇਸ਼ ਭਰ ਦੇ ਕਿਸਾਨ ਦਿੱਲੀ ਦੀਆਂ ਹੱਦਾਂ 'ਤੇ ਤਿੰਨ ਮਹੀਨਿਆਂ ਤੋਂ ਸੰਘਰਸ਼ ਕਰ ਰਹੇ ਹਨ। ਇਸੇ ਸੰਘਰਸ਼ ਤਹਿਤ ਸੰਯੁਕਤ ਕਿਸਾਨ ਮੋਰਚੇ ਵੱਲੋਂ 26 ਮਾਰਚ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਭਾਰਤ ਬੰਦ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਬਰਨਾਲਾ ਦੇ ਸ਼ਹਿਰ ਵਿੱਚ ਇੱਕ ਮੋਟਰਸਾਈਕਲ ਮਾਰਚ ਕੱਢ ਕੇ ਵਪਾਰੀਆਂ ਸਮੇਤ ਹਰ ਵਰਗ ਨੂੰ ਸਾਥ ਦੇਣ ਦਾ ਸੱਦਾ ਦਿੱਤਾ ਗਿਆ।

 

ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿੱਚ ਲਗਾਤਾਰ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਕਿਸਾਨਾਂ ਦਾ ਦਿੱਲੀ ਬਾਰਡਰਾਂ ਤੇ ਤਿੰਨ ਮਹੀਨਿਆਂ ਤੋਂ ਸੰਘਰਸ਼ ਜਾਰੀ ਹੈ। ਪਰ ਮੋਦੀ ਸਰਕਾਰ ਕਿਸਾਨਾਂ ਦੀ ਸੁਣਵਾਈ ਨਹੀਂ ਕਰ ਰਹੀ। ਜਿਸ ਤਹਿਤ ਕਿਸਾਨਾਂ ਵੱਲੋਂ ਸੰਘਰਸ਼ ਨੂੰ ਤੇਜ਼ ਕਰਦਿਆਂ ਭਲਕੇ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਬੰਦ ਨੂੰ ਸਫਲ ਬਣਾਉਣ ਲਈ ਅੱਜ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਬਰਨਾਲਾ ਸ਼ਹਿਰ ਦੇ ਬਾਜ਼ਾਰਾਂ ਵਿੱਚ ਲੋਕਾਂ ਨੂੰ ਸਾਥ ਦੇਣ ਦੀ ਅਪੀਲ ਕੀਤੀ ਗਈ ਹੈ।

 

ਕੇਂਦਰ ਸਰਕਾਰ ਤੋਂ ਵਪਾਰੀਆਂ ਸਮੇਤ ਹਰ ਵਰਗ ਦੁਖੀ ਹੈ। ਜਿਸ ਕਰਕੇ ਅੱਜ ਮਾਰਚ ਦੌਰਾਨ ਹਰ ਦੁਕਾਨਦਾਰ ਵੱਲੋਂ ਉਨ੍ਹਾਂ ਨੂੰ ਬੰਦ ਦੌਰਾਨ ਸਾਥ ਦੇਣ ਦਾ ਵਿਸ਼ਵਾਸ ਦਿਵਾਇਆ ਗਿਆ ਹੈ। ਕਿਸਾਨਾਂ ਨੇ ਦੱਸਿਆ ਕਿ ਭਾਰਤ ਬੰਦ ਦੌਰਾਨ ਜਿਥੇ ਬਰਨਾਲਾ ਸ਼ਹਿਰ ਬੰਦ ਰਹੇਗਾ, ਉੱਥੇ ਬਰਨਾਲਾ ਤੋਂ ਚੰਡੀਗੜ੍ਹ, ਮਾਨਸਾ, ਬਠਿੰਡਾ, ਅੰਮ੍ਰਿਤਸਰ, ਲੁਧਿਆਣਾ ਨੂੰ ਆਉਣ ਜਾਣ ਵਾਲੇ ਸਾਰੇ ਕੌਮੀ ਮਾਰਗਾਂ ਨੂੰ ਜਾਮ ਕਰਕੇ ਧਰਨੇ ਲਗਾਏ ਜਾਣਗੇ।