ਦਿੱਲੀ: ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਮੱਲ ਸਿੰਘ ਦੀਆਂ ਮੁਸ਼ਕਲਾਂ ਵਧ ਰਹੀਆਂ ਹਨ।  ਦਿਮਾਗ ਦਾ ਅਪ੍ਰੇਸ਼ਨ ਕਰਵਾਉਣ ਕਾਰਨ ਪਤਿਤ ਹੋਣ ਦੀਆਂ ਖਬਰਾਂ ਤੋਂ ਬਾਅਦ ਉਨ੍ਹਾਂ ਦੇ ਅਸਤੀਫੇ ਦੀ ਮੰਗ ਹੋਣ ਲੱਗੀ ਹੈ। ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਸਕੱਤਰ
ਹਰਵਿੰਦਰ ਸਿੰਘ ਸਰਨਾ ਨੇ ਉਨਾਂ ਤੋਂ ਅਸਤੀਫੇ ਦੀ ਮੰਗ ਕੀਤੀ ਹੈ। ਸਰਨਾ ਨੇ ਕਿਹਾ ਕਿ ਨਿਯਮਾਂ ਤੇ ਰਹਿਤ ਮਰਿਆਦਾ ਅਨੁਸਾਰ ਕੋਈ ਵੀ ਪਤਿਤ ਸਿੱਖ ਕਿਸੇ ਵੀ ਤਖਤ ਦਾ ਜਥੇਦਾਰ ਨਹੀਂ ਰਹਿ ਸਕਦਾ।


 

 

 

ਕਿਉਂਕਿ ਗਿਆਨੀ ਮੱਲ ਸਿੰਘ ਦੇ ਆਪਰੇਸ਼ਨ ਕਾਰਨ ਡਾਕਟਰਾਂ ਨੇ ਉਨਾਂ ਦੇ ਸਿਰ ਦੇ ਕੇਸ ਕਤਲ ਕਰ ਦਿੱਤੇ ਸਨ। ਉਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਵੀ ਫਰਜ਼ ਬਣਦਾ ਹੈ ਕਿ ਆਪਣੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਗਿਆਨੀ ਮੱਲ ਸਿੰਘ ਨੂੰ ਤੁਰੰਤ ਅਹੁਦੇ ਤੋਂ ਵਿਹਲੇ ਕਰਕੇ ਉਨ੍ਹਾਂ ਦੀ ਥਾਂ ‘ਤੇ ਕੋਈ ਨਵਾਂ ਜਥੇਦਾਰ ਲਗਾਇਆ ਜਾਵੇ। ਸਰਨਾ ਨੇ ਕਿਹਾ ਕਿ ਰਹਿਤ ਮਰਿਆਦਾ ਤੇ ਨਿਯਮਾਂ ਅਨੁਸਾਰ ਕਿਸੇ ਵੀ ਤਖਤ ਦਾ ਜਥੇਦਾਰ ਬੀਮਾਰ ਵਿਅਕਤੀ ਨਹੀਂ ਹੋ ਸਕਦਾ। ਪਰ ਕੁਝ ਸਮਾਂ ਪਹਿਲਾਂ ਜਦੋਂ ਗਿਆਨੀ ਮੱਲ ਸਿੰਘ ਨੂੰ ਡਾਕਟਰਾਂ ਨੇ ਸਿਰ ਦਾ ਆਪਰੇਸ਼ਨ ਕਰਵਾਉਣ ਲਈ ਸਲਾਹ ਦਿੱਤੀ ਸੀ, ਉਦੋਂ ਗਿਆਨੀ ਮੱਲ ਸਿੰਘ ਨੂੰ ਆਪਣਾ ਅਸਤੀਫਾ ਦੇ ਕੇ ਹੀ ਇਲਾਜ ਕਰਵਾਉਣਾ ਚਾਹੀਦਾ ਸੀ।

 

 

 

ਉਹਨਾਂ ਮੰਗ ਕੀਤੀ ਕਿ ਸ਼੍ਰੋਮਣੀ ਕਮੇਟੀ ਸੰਗਤਾਂ ਵਿੱਚ ਕਿਸੇ ਕਿਸਮ ਦਾ ਰੋਸ ਪੈਦਾ ਹੋਣ ਤੋਂ ਪਹਿਲਾਂ ਹੀ ਅਸਤੀਫਾ ਲੈ ਲਵੇ ਤਾਂ ਬਿਹਤਰ ਹੋਵੇਗਾ। ਨਹੀਂ ਤਾਂ ਲੋਕ ਸੜਕਾਂ ‘ਤੇ ਆਉਣ ਲਈ ਮਜਬੂਰ ਹੋਣਗੇ ਜਿਸ ਤੋਂ ਨਿਕਲਣ ਵਾਲੇ ਸਿੱਟਿਆਂ ਲਈ ਬਾਦਲ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕ ਜ਼ਿੰਮੇਵਾਰ ਹੋਣਗੇ।