ਚੰਡੀਗੜ੍ਹ: ਪੰਜਾਬ ਐਂਡ ਹਰਿਆਣਾ ਹਾਈਕੋਰਟ ‘ਚ ਦਾਇਰ ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲਿਆਂ ‘ਤੇ ਹੋਏ ਹਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਸਬੰਧੀ ਪਟੀਸ਼ਨ ‘ਤੇ ਸੁਣਵਾਈ ਅੱਜ ਹੋਵੇਗੀ। ਢੱਡਰੀਆਂ ਵਾਲਿਆਂ ਦੇ ਸਮਰਥਕਾਂ ਵੱਲੋਂ ਦਾਇਰ ਕੀਤੀ ਇਸ ਪਟੀਸ਼ਨ ਤੇ ਪਿਛਲੀ ਸੁਣਵਾਈ ਮਗਰੋਂ ਪੰਜਾਬ ਸਰਕਾਰ, ਸੀਬੀਆਈ ਤੇ ਡੀਜੀਪੀ ਪੰਜਾਬ ਨੂੰ ਨੋਟਿਸ ਜਾਰੀ ਕਰ ਜਵਾਬ ਮੰਗਿਆ ਗਿਆ ਸੀ।
ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲਿਆਂ ‘ਤੇ ਹੋਏ ਹਮਲੇ ਦੀ ਸੀਬੀਆਈ ਜਾਂਚ ਬਾਰੇ ਪਟੀਸ਼ਨ ‘ਤੇ ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਪਿਛਲੀ ਸੁਣਵਾਈ ਦੌਰਾਨ ਨੋਟਿਸ ਜਾਰੀ ਕੀਤਾ ਹੈ। ਹਾਈਕੋਰਟ ਨੇ ਨੋਟਿਸ ਜਾਰੀ ਕਰਦਿਆਂ ਪੰਜਾਬ ਸਰਕਾਰ, ਸੀਬੀਆਈ ਤੇ ਡੀਜੀਪੀ ਪੰਜਾਬ ਤੋਂ ਇਸ ਸਬੰਧੀ ਜਵਾਬ ਮੰਗਿਆਂ ਹੈ। ਸੰਤ ਰਣਜੀਤ ਸਿੰਘ ਢੱਡਰੀਆਂ ਵਾਲਿਆਂ ‘ਤੇ ਹੋਏ ਹਮਲੇ ਦੀ ਜਾਂਚ ਦੀ ਮੰਗ ਵਾਲੀ ਇਹ ਪਟੀਸ਼ਨ ਉਨ੍ਹਾਂ ਦੇ ਸਮਰਥਕਾਂ ਵੱਲੋਂ ਦਾਇਰ ਕੀਤੀ ਗਈ ਹੈ।
ਪਟੀਸ਼ਨਕਰਤਾ ਨੇ ਇਲਜ਼ਾਮ ਲਗਾਇਆ ਹੈ ਕਿ ਉਹ ਇਸ ਹਮਲੇ ਦੇ ਚਸ਼ਮਦੀਦ ਹਨ, ਪਰ ਬਾਵਜੂਦ ਇਸ ਦੇ ਪੁਲਿਸ ਨੇ ਉਨ੍ਹਾਂ ਦੇ ਬਿਆਨ ਦਰਜ ਨਹੀਂ ਕੀਤੇ। ਇਸ ਤੋਂ ਇਲਾਵਾ 3 ‘ਚੋਂ ਸਿਰਫ ਇੱਕ ਗੱਡੀ ਨੂੰ ਹੀ ਕੇਸ ਪ੍ਰਾਪਰਟੀ ਵਜੋਂ ਅਟੈਚ ਕੀਤਾ ਗਿਆ ਹੈ। ਅਜਿਹੇ ‘ਚ ਪੁਲਿਸ ਤੋਂ ਸਹੀ ਜਾਂਚ ਦੀ ਉਮੀਦ ਨਹੀਂ ਕੀਤੀ ਜਾ ਸਕਦੀ। ਹਾਈਕੋਰਟ ਨੇ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਬਾਅਦ ਨੋਟਿਸ ਜਾਰੀ ਕਰ ਜਵਾਬ ਮੰਗਿਆ ਹੈ।