ਅੰਮ੍ਰਿਤਸਰ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬੇਅਦਬੀ ਮਾਮਲੇ 'ਚ ਨਾਮਜ਼ਦ ਔਰਤ ਦਾ ਕਤਲ ਕਰ ਦਿੱਤਾ ਗਿਆ ਹੈ। ਖਬਰ ਅੰਮ੍ਰਿਤਸਰ ਦੇ ਪਿੰਡ ਵੈਰੋਕੇ ਤੋਂ ਹੈ। ਜਿੱਥੇ ਕੱਲ੍ਹ ਰਾਤ ਬਲਵਿੰਦਰ ਕੌਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤਾ ਗਿਆ ਹੈ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਪੁਲਿਸ ਨੇ ਅਣਪਛਾਤੇ ਹਮਲਾਵਰਾਂ ਖਿਲਾਫ ਕਤਲ ਦਾ ਮਾਮਲਾ ਦਰ ਕੀਤਾ ਹੈ। ਉਸ ਦੇ ਖ਼ਿਲਾਫ਼ ਨਵੰਬਰ, 2015 ਵਿੱਚ ਇਤਿਹਾਸਕ ਗੁਰਦੁਆਰਾ ਬਾਬੇ ਦੀ ਬੇਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਸਬੰਧੀ ਕੇਸ ਦਰਜ ਹੋਇਆ ਸੀ। ਉਹ ਥੋੜਾ ਸਮਾਂ ਪਹਿਲਾਂ ਹੀ ਜ਼ਮਾਨਤ 'ਤੇ ਰਿਹਾਅ ਹੋਈ ਸੀ।

 

 

 

ਪੁਲਿਸ ਮੁਤਾਬਕ ਦੇਰ ਰਾਤ ਤਿੰਨ ਅਣਪਛਾਤੇ ਵਿਅਕਤੀ ਉਸ ਦੇ ਘਰ ਆਏ। ਉਨ੍ਹਾਂ ਘਰ ਦਾ ਦਰਵਾਜ਼ਾ ਖੜਕਾਇਆ ਤੇ ਜਦ ਉਸ ਨੇ ਦਰਵਾਜ਼ਾ ਖੋਲ੍ਹਿਆ ਤਾਂ ਇਹਨਾਂ ਵਿਅਕਤੀਆਂ ਨੇ ਉਸ 'ਤੇ ਹਮਲਾ ਕਰ ਦਿੱਤਾ। ਹਮਲਾਵਰ ਉਸ ਨੂੰ ਖਿੱਚ ਕੇ ਦੂਰ ਲੈ ਗਏ ਅਤੇ ਤੇਜ਼ਧਾਰ ਹਥਿਆਰ ਨਾਲ ਉਸ ’ਤੇ ਕਈ ਵਾਰ ਕੀਤੇ। ਇਸ ਹਮਲੇ 'ਚ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।

 

 

 

ਇਸ ਕਤਲ ਦਾ ਪਤਾ ਸਵੇਰ ਵੇਲੇ ਲੱਗਾ ਜਦ ਗੁਆਂਢ ਰਹਿੰਦੇ ਵਿਅਕਤੀਆਂ ਨੇ ਬਲਵਿੰਦਰ ਦੀ ਲਾਸ਼ ਦੇਖੀ। ਇਸ 'ਤੇ ਤੁਰੰਤ ਪੁਲਿਸ ਨੂੰ ਜਾਣਕਾਰੀ ਦਿੱਤੀ ਗਈ। ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਐਸਐਸਪੀ ਦਿਹਾਤੀ ਸਮੇਤ ਹੋਰ ਉੱਚ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ। ਫਿਲਹਾਲ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ।