(Source: ECI/ABP News/ABP Majha)
Labour Strike: ਪੰਜਾਬ ਦੇ 1 ਮਿਲੀਅਨ ਮਜ਼ਦੂਰਾਂ ਨੇ ਕੀਤੀ ਹੜਤਾਲ, 1840 ਮੰਡੀਆਂ 'ਚ ਸੰਕਟ, ਝੋਨਾ ਲੈ ਕੇ ਆਏ ਕਿਸਾਨ ਪ੍ਰੇਸ਼ਾਨ
Labour Strike In Punjab: ਤੁਹਾਨੂੰ ਦੱਸ ਦੇਈਏ ਕਿ ਸੂਬੇ ਭਰ ਵਿੱਚ 6,06,641 ਟਨ ਝੋਨੇ ਦੀ ਆਮਦ ਹੋਈ ਹੈ। ਹੁਣ ਤੱਕ 5,56,580 ਟਨ ਫਸਲ ਦੀ ਖਰੀਦ ਕੀਤੀ ਜਾ ਚੁੱਕੀ ਹੈ। ਹੁਣ ਮਜ਼ਦੂਰਾਂ ਦੇ ਹੜਤਾਲ 'ਤੇ ਜਾਣ ਕਾਰਨ ਕਿਸਾਨ ਪਰੇਸ਼ਾਨ ਹੋ ਗਏ ਹਨ।
Punjab News: ਇੱਕ ਪਾਸੇ ਜਿੱਥੇ ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਸ਼ੁਰੂ ਹੋਣ ਦੇ ਨਾਲ ਹੀ ਕਿਸਾਨ ਆਪਣੀਆਂ ਟਰਾਲੀਆਂ ਵਿੱਚ ਝੋਨਾ ਭਰ ਕੇ ਵੇਚਣ ਲਈ ਮੰਡੀਆਂ ਵਿੱਚ ਪਹੁੰਚ ਰਹੇ ਹਨ। ਦੂਜੇ ਪਾਸੇ ਵਰਕਰਾਂ ਨੇ ਵੀ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਹੈ। ਇਸ ਕਾਰਨ ਕਿਸਾਨਾਂ ਦੀਆਂ ਮੁਸ਼ਕਲਾਂ ਵਧਣ ਜਾ ਰਹੀਆਂ ਹਨ। ਪੰਜਾਬ ਵਿੱਚ 1840 ਦੇ ਕਰੀਬ ਅਨਾਜ ਮੰਡੀਆਂ ਹਨ, ਜਿਨ੍ਹਾਂ ਵਿੱਚ 10 ਲੱਖ ਦੇ ਕਰੀਬ ਮਜ਼ਦੂਰ ਕੰਮ ਕਰਦੇ ਹਨ, ਇਸ ਲਈ 10 ਲੱਖ ਮਜ਼ਦੂਰਾਂ ਨੇ 7 ਅਕਤੂਬਰ ਤੋਂ ਇੱਕੋ ਸਮੇਂ ਹੜਤਾਲ ਕਰਨ ਦਾ ਐਲਾਨ ਕੀਤਾ ਹੈ।
ਸਰਕਾਰ ਖਿਲਾਫ ਰੋਸ ਪ੍ਰਦਰਸ਼ਨ
ਧਰਨਾਕਾਰੀ ਮਜ਼ਦੂਰਾਂ ਦਾ ਕਹਿਣਾ ਹੈ ਕਿ ਹੜਤਾਲ ਦੌਰਾਨ ਉਹ ਆਪਣੇ ਪਰਿਵਾਰਾਂ ਨੂੰ ਵੀ ਮੰਡੀਆਂ ਵਿੱਚ ਲੈ ਕੇ ਆਉਣਗੇ ਅਤੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨਗੇ। ਮਜ਼ਦੂਰ ਯੂਨੀਅਨ ਦੇ ਪ੍ਰਧਾਨ ਰਾਕੇਸ਼ ਕੁਮਾਰ ਤੁਲੀ ਨੇ ਕਿਹਾ ਕਿ ਮਜ਼ਦੂਰਾਂ ਦੀਆਂ ਸਮੱਸਿਆਵਾਂ ਸਬੰਧੀ ਉੱਚ ਅਧਿਕਾਰੀਆਂ ਨਾਲ ਕਈ ਵਾਰ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ ਪਰ ਇਸ ਦੇ ਬਾਵਜੂਦ ਸਾਰੇ ਅਧਿਕਾਰੀ ਕੁੰਭਕਰਨੀ ਨੀਂਦ ਸੁੱਤੇ ਪਏ ਹਨ। ਮਜ਼ਦੂਰਾਂ ਦਾ ਸ਼ੋਸ਼ਣ ਹੋ ਰਿਹਾ ਹੈ। ਰਾਕੇਸ਼ ਕੁਮਾਰ ਤੁਲੀ ਦਾ ਕਹਿਣਾ ਹੈ ਕਿ ਮਹਿੰਗਾਈ ਦੇ ਮੱਦੇਨਜ਼ਰ ਮਜ਼ਦੂਰੀ ਵਿੱਚ 25 ਰੁਪਏ ਦਾ ਵਾਧਾ ਕੀਤਾ ਜਾਣਾ ਸੀ, ਪਰ ਅਜੇ ਤੱਕ ਅਜਿਹਾ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਮੰਡੀ ਬੋਰਡ ਤੋਂ ਮੰਗ ਹੈ ਕਿ ਲੋਡਿੰਗ ਦੀ ਮਜ਼ਦੂਰੀ ਘੱਟੋ-ਘੱਟ 5 ਰੁਪਏ ਪ੍ਰਤੀ ਬੋਰੀ ਕੀਤੀ ਜਾਵੇ।
ਬਾਹਰਲੇ ਮਜ਼ਦੂਰਾਂ ਨੂੰ ਕੰਮ ਨਹੀਂ ਕਰਨ ਦੇਣਗੇ
ਮੋਗਾ ਵਿੱਚ ਹੋਏ ਪ੍ਰਦਰਸ਼ਨ ਦੌਰਾਨ ਮਜ਼ਦੂਰ ਯੂਨੀਅਨ ਦੇ ਕੁਲਦੀਪ ਸਿੰਘ ਨੇ ਕਿਹਾ ਕਿ ਕਰੀਬ ਇੱਕ ਸਾਲ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਜ਼ਦੂਰਾਂ ਦੀਆਂ ਤਨਖਾਹਾਂ ਵਿੱਚ 25 ਫੀਸਦੀ ਵਾਧੇ ਦਾ ਐਲਾਨ ਕੀਤਾ ਗਿਆ ਸੀ ਪਰ ਅਜੇ ਤੱਕ ਇਸ ਨੂੰ ਲਾਗੂ ਨਹੀਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀ ਮੰਗ ਨਹੀਂ ਮੰਨਦੀ ਉਦੋਂ ਤੱਕ ਉਹ ਹੜਤਾਲ 'ਤੇ ਰਹਿਣਗੇ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਬਾਹਰੋਂ ਆਏ ਕਿਸੇ ਵੀ ਮਜ਼ਦੂਰ ਨੂੰ ਮੰਡੀਆਂ ਵਿੱਚ ਕੰਮ ਨਹੀਂ ਕਰਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਕਿਸਾਨ ਅਤੇ ਵਪਾਰੀ ਵਰਗ ਵੀ ਉਨ੍ਹਾਂ ਦੇ ਸੰਘਰਸ਼ ਵਿੱਚ ਮਜ਼ਦੂਰਾਂ ਦਾ ਸਾਥ ਦੇਣ।