ਹਿਮਾਚਲ 'ਚ ਪੰਜਾਬੀ NRI 'ਤੇ 100 ਲੋਕਾਂ ਨੇ ਕੀਤਾ ਹਮਲਾ, ਪੀੜਤ ਨੇ ਸਰਕਾਰ ਨੂੰ ਕੀਤੀ ਮਦਦ ਦੀ ਅਪੀਲ
ਹਿਮਾਚਲ ਵਿੱਚ ਪੰਜਾਬ ਦੇ ਇੱਕ ਵਿਅਕਤੀ ਦੀ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਦਾ ਦੋਸ਼ ਹੈ ਕਿ ਪਾਰਕਿੰਗ ਨੂੰ ਲੈ ਕੇ ਹੋਏ ਝਗੜੇ ਤੋਂ ਬਾਅਦ ਕਰੀਬ 100 ਲੋਕਾਂ ਨੇ ਉਸ 'ਤੇ ਹਮਲਾ ਕਰ ਦਿੱਤਾ।
Punjab News: ਪੰਜਾਬ ਮੂਲ ਦੇ ਇੱਕ ਪ੍ਰਵਾਸੀ ਭਾਰਤੀ ਨੇ ਸ਼ਨੀਵਾਰ ਨੂੰ ਦੋਸ਼ ਲਾਇਆ ਕਿ ਹਿਮਾਚਲ ਪ੍ਰਦੇਸ਼ ਦੇ ਡਲਹੌਜ਼ੀ ਵਿੱਚ ਪਾਰਕਿੰਗ ਨੂੰ ਲੈ ਕੇ ਹੋਏ ਝਗੜੇ ਦੌਰਾਨ ਕੁਝ ਲੋਕਾਂ ਨੇ ਉਸ 'ਤੇ ਹਮਲਾ ਕਰ ਦਿੱਤਾ। ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਇਲਾਜ ਅਧੀਨ ਕਵਲਜੀਤ ਸਿੰਘ ਨਾਂ ਦੇ ਵਿਅਕਤੀ ਨੇ ਦਾਅਵਾ ਕੀਤਾ ਹੈ ਕਿ ਉਸ ਨੂੰ ਪੰਜਾਬੀ ਹੋਣ ਕਾਰਨ ਨਿਸ਼ਾਨਾ ਬਣਾਇਆ ਗਿਆ ਹੈ। ਹਾਲਾਂਕਿ ਹਿਮਾਚਲ ਪ੍ਰਦੇਸ਼ ਪੁਲਿਸ ਨੇ ਇਸ ਤੋਂ ਇਨਕਾਰ ਕੀਤਾ ਹੈ ਅਤੇ ਕਿਹਾ ਹੈ ਕਿ ਇਸ ਘਟਨਾ ਦਾ ਕਿਸੇ 'ਅੰਤਰ-ਰਾਜੀ ਜਾਂ ਅੰਤਰ-ਭਾਈਚਾਰਕ ਝਗੜੇ' ਨਾਲ ਕੋਈ ਸਬੰਧ ਨਹੀਂ ਹੈ। ਇਸ ਘਟਨਾ ਨੇ ਵਿਵਾਦ ਨੂੰ ਜਨਮ ਦਿੱਤਾ ਹੈ।
ਮਾਮਲੇ ਵਿੱਚ ਹਿਮਾਚਲ ਸਰਕਾਰ ਤੋਂ ਕਾਰਵਾਈ ਦੀ ਮੰਗ
ਪੰਜਾਬ ਦੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਅੰਮ੍ਰਿਤਸਰ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਹਿਮਾਚਲ ਪ੍ਰਦੇਸ਼ ਸਰਕਾਰ ਤੋਂ ਇਸ ਮਾਮਲੇ ਵਿੱਚ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਮਜੀਠੀਆ ਅਤੇ ਔਜਲਾ ਨੇ ਇੱਥੋਂ ਤੱਕ ਕਿਹਾ ਕਿ ਇਹ ਹਮਲਾ ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਭਾਜਪਾ ਦੀ ਸੰਸਦ ਕੰਗਨਾ ਰਣੌਤ ਨਾਲ ਹੋਈ ਤਾਜ਼ਾ ਘਟਨਾ ਨਾਲ ਸਬੰਧਤ ਹੈ।
ਕੁਝ ਦਿਨ ਪਹਿਲਾਂ ਚੰਡੀਗੜ੍ਹ ਏਅਰਪੋਰਟ 'ਤੇ ਸੀਆਈਐਸਐਫ ਦੀ ਇਕ ਮਹਿਲਾ ਜਵਾਨ ਨੇ ਅਦਾਕਾਰਾ ਰਣੌਤ ਨੂੰ ਕਥਿਤ ਤੌਰ 'ਤੇ ਥੱਪੜ ਮਾਰਿਆ ਸੀ। ਕਵਲਜੀਤ ਸਿੰਘ ਜੋ ਕਿ 25 ਸਾਲਾਂ ਤੋਂ ਸਪੇਨ ਵਿੱਚ ਰਹਿ ਰਿਹਾ ਹੈ ਅਤੇ ਹਾਲ ਹੀ ਵਿੱਚ ਪੰਜਾਬ ਪਰਤਿਆ ਹੈ, ਨੇ ਦੱਸਿਆ ਕਿ ਉਹ ਦੋ ਦਿਨ ਪਹਿਲਾਂ ਆਪਣੀ ਪਤਨੀ ਅਤੇ ਰਿਸ਼ਤੇਦਾਰ ਨਾਲ ਡਲਹੌਜ਼ੀ ਗਿਆ ਸੀ ਜਿੱਥੇ ਪਾਰਕਿੰਗ ਦੇ ਮੁੱਦੇ ਨੂੰ ਲੈ ਕੇ ਹੋਈ ਤਕਰਾਰ ਤੋਂ ਬਾਅਦ ਕਰੀਬ 100 ਲੋਕਾਂ ਨੇ ਉਸ ਉੱਤੇ ਹਮਲਾ ਕਰ ਦਿੱਤਾ।
ਹਰਿਆਣਾ ਵਿੱਚ ਵੀ ਸਿੱਖ ਦੀ ਕੀਤੀ ਗਈ ਸੀ ਕੁੱਟਮਾਰ
ਹਾਲ ਹੀ ਵਿੱਚ ਹਰਿਆਣਾ ਦੇ ਕੈਥਲ ਵਿੱਚ ਇੱਕ ਸਿੱਖ ਵਿਅਕਤੀ ਦੀ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਸੀ। ਜਿੱਥੇ ਕੈਥਲ 'ਚ ਰੇਲਵੇ ਕ੍ਰਾਸਿੰਗ ਖੁੱਲ੍ਹਣ ਦੀ ਉਡੀਕ ਕਰ ਰਹੇ ਸਿੱਖ ਵਿਅਕਤੀ ਦੀ ਦੋ ਬਾਈਕ ਸਵਾਰ ਨੌਜਵਾਨਾਂ ਨਾਲ ਬਹਿਸ ਹੋ ਗਈ। ਇਸ ਦੌਰਾਨ ਮਾਮਲਾ ਵਧ ਗਿਆ ਅਤੇ ਬਾਈਕ ਸਵਾਰ ਨੌਜਵਾਨਾਂ ਨੇ ਸਿੱਖ ਵਪਾਰੀ ਨੂੰ ਖਾਲਿਸਤਾਨੀ ਦੱਸਦੇ ਹੋਏ ਇੱਟਾਂ ਨਾਲ ਹਮਲਾ ਕਰ ਦਿੱਤਾ।
ਜਦੋਂ ਇਸ ਮਾਮਲੇ ਦਾ ਵਿਰੋਧ ਕੀਤਾ ਗਿਆ ਤਾਂ 5 ਮੈਂਬਰੀ ਸਪੈਸ਼ਲ ਟੀਮ ਬਣਾਈ ਗਈ ਅਤੇ ਦੋਸ਼ੀ 'ਤੇ 10 ਹਜ਼ਾਰ ਰੁਪਏ ਦਾ ਇਨਾਮ ਰੱਖਿਆ ਗਿਆ, ਜਿਸ ਤੋਂ ਬਾਅਦ ਪੁਲਸ ਨੇ ਦੋਵੇਂ ਦੋਸ਼ੀ ਨੌਜਵਾਨਾਂ ਨੂੰ ਗ੍ਰਿਫਤਾਰ ਕਰ ਲਿਆ।