Punjab News: ਹੁਸ਼ਿਆਰਪੁਰ ਦੇ ਸ਼ਹੀਦ ਭਗਤ ਸਿੰਘ ਚੌਕ 'ਤੇ ਸਥਾਪਿਤ ਕੀਤਾ 101 ਫੁੱਟ ਉੱਚਾ ਰਾਸ਼ਟਰੀ ਝੰਡਾ
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਵਿਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ ਅਤੇ ਸ਼ਹਿਰ ਵਿਚ ਲਗਾਇਆ ਗਿਆ 101 ਫੁੱਟ ਉੱਚਾ ਰਾਸ਼ਟਰੀ ਝੰਡਾ ਸਾਰਿਆਂ ਨੂੰ ਦੇਸ਼ ਭਗਤੀ ਲਈ ਪ੍ਰੇਰਣਾ ਦਿੰਦਾ ਰਹੇਗਾ।
Punjab News: ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਸ਼ਹੀਦ ਭਗਤ ਸਿੰਘ ਚੌਕ ਵਿਖੇ 101 ਫੁੱਟ ਉੱਚਾ ਰਾਸ਼ਟਰੀ ਝੰਡਾ ਸਥਾਪਿਤ ਕਰਕੇ ਇਸ ਨੂੰ ਦੇਸ਼ ਦੀ ਰੱਖਿਆ ਕਰਨ ਵਾਲੇ ਸ਼ਹੀਦ ਸੈਨਿਕਾਂ ਨੂੰ ਸਮਰਪਿਤ ਕੀਤਾ। ਇਸ ਦੌਰਾਨ ਉਨ੍ਹਾਂ ਨੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਨੂੰ ਨਮਨ ਕਰਦੇ ਹੋਏ ਦੇਸ਼ ਦੀ ਆਜ਼ਾਦੀ ਲਈ ਦਿੱਤੀ ਗਈ ਉਨ੍ਹਾਂ ਦੀ ਕੁਰਬਾਨੀ ਨੂੰ ਯਾਦ ਕੀਤਾ ਅਤੇ ਸਮੂਹ ਸ਼ਹਿਰ ਵਾਸੀਆਂ ਦੀ ਹਾਜ਼ਰੀ ਵਿਚ ਸ਼ਹੀਦਾਂ ਨੂੰ ਪ੍ਰਣਾਮ ਕੀਤਾ।
ਨਗਰ ਨਿਗਮ ਹੁਸ਼ਿਆਰਪੁਰ ਵਲੋਂ ਆਯੋਜਿਤ ਇਸ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਵਿਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ ਅਤੇ ਸ਼ਹਿਰ ਵਿਚ ਲਗਾਇਆ ਗਿਆ 101 ਫੁੱਟ ਉੱਚਾ ਰਾਸ਼ਟਰੀ ਝੰਡਾ ਸਾਰਿਆਂ ਨੂੰ ਦੇਸ਼ ਭਗਤੀ ਲਈ ਪ੍ਰੇਰਣਾ ਦਿੰਦਾ ਰਹੇਗਾ। ਉਨ੍ਹਾਂ ਕਿਹਾ ਕਿ ‘ਤਿਰੰਗਾ’ ਸਾਡੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਸਮਰਪਣ ਦੀ ਭਾਵਨਾ ਦਾ ਪ੍ਰਤੀਕ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਅੱਜ ਦਾ ਦਿਨ ਹੁਸ਼ਿਆਰਪੁਰ ਵਾਸੀਆਂ ਲਈ ਖੁਸ਼ੀ ਤੇ ਮਾਣ ਦਾ ਦਿਨ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਚੌਕ ਦੀ ਤਰਜ਼ ’ਤੇ ਦੂਜਾ 101 ਫੁੱਟ ਉੱਚਾ ਰਾਸ਼ਟਰੀ ਝੰਡਾ ਮਹਾਰਾਣਾ ਪ੍ਰਤਾਪ ਚੌਕ ’ਤੇ ਜਲਦ ਹੀ ਸਥਾਪਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਤਿਰੰਗਾ ਸਾਨੂੰ ਸਾਰੇ ਦੇਸ਼ ਲਈ ਮਰ ਮਿਟਣ ਵਾਲੇ ਸ਼ਹੀਦਾਂ ਦੀ ਕੁਰਬਾਨੀ ਦੀ ਯਾਦ ਦਿਵਾਉਂਦਾ ਹੈ। ਇਸ ਲਈ ਸਾਰਿਆਂ ਦਾ ਫਰਜ਼ ਹੈ ਕਿ ਅਸੀਂ ਦੇਸ਼ ਦੀ ਏਕਤਾ, ਅਖੰਡਤਾ ਅਤੇ ਆਪਸੀ ਭਾਈਚਾਰੇ ਨੂੰ ਕਾਇਮ ਰੱਖਣ ਵਿਚ ਕੋਈ ਕਮੀ ਨਾ ਛੱਡੀਏ।
ਇਸ ਦੌਰਾਨ ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਸਵੱਛਤਾ ਦੀ ਸਹੁੰ ਚੁਕਾਉਂਦੇ ਹੋਏ ਕਿਹਾ ਕਿ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣਾ ਸਾਰਿਆਂ ਦੀ ਨੈਤਿਕ ਜ਼ਿੰਮੇਵਾਰੀ ਹੈ ਅਤੇ ਸਾਨੂੰ ਇਸ ਨੂੰ ਇਮਾਨਦਾਰੀ ਨਾਲ ਆਪਣੇ ਜੀਵਨ ਵਿਚ ਅਪਨਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਵਿਚ ਆਪਣਾ ਪੂਰਨ ਯੋਗਦਾਨ ਦੇ ਰਿਹਾ ਹੈ ਪਰੰਤੂ ਜਦ ਤੱਕ ਸ਼ਹਿਰ ਦਾ ਹਰ ਨਾਗਰਿਕ ਸਫ਼ਾਈ ਨੂੰ ਲੈ ਕੇ ਜਾਗਰੂਕ ਨਹੀਂ ਹੋਵੇਗਾ, ਉਦੋਂ ਤੱਕ ਸਾਡਾ ਸ਼ਹਿਰ ਦੇਸ਼ ਦੇ ਸਵੱਛਤਾ ਸ਼ਹਿਰਾਂ ਦੀ ਸੂਚੀ ਵਿਚ ਸ਼ਾਮਿਲ ਨਹੀਂ ਹੋ ਸਕਦਾ ਹੈ, ਇਸ ਲਈ ਅੱਜ ਤੋਂ ਹੀ ਸ਼ਹਿਰ ਨੂੰ ਸਵੱਛ ਬਣਾਉਣ ਦਾ ਸੰਕਲਪ ਲੈਂਦੇ ਹੋਏ ਹੁਸ਼ਿਆਰਪੁਰ ਨੂੰ ਦੇਸ਼ ਦੇ ਸਵੱਛ ਸ਼ਹਿਰਾਂ ਦੀ ਸੂਚੀ ਵਿਚ ਸ਼ਾਮਿਲ ਕਰਨ ਲਈ ਜੀ-ਤੋੜ ਯਤਨ ਕਰੇ। ਇਸ ਦੌਰਾਨ ਸਫ਼ਾਈ ਅਤੇ ਸਵੱਛਤਾ ਰੱਖਣ ਸਬੰਧੀ ਸ਼ਹਿਰ ਵਾਸੀਆਂ ਨੂੰ ਉਤਸ਼ਾਹਿਤ ਕਰਨ ਲਈ ਨਗਰ ਨਿਗਮ ਦੇ ਸਕੱਤਰ ਜਸਵਿੰਦਰ ਸਿੰਘ ਵੱਲੋਂ ਸਮਾਗਮ ਵਿਚ ਸਵੱਛਤਾ ਗੀਤ ਵੀ ਗਾਇਆ ਗਿਆ।