ਚੰਡੀਗੜ੍ਹ : ਸਿਹਤ ਮੰਤਰੀ ਪੰਜਾਬ ਵੱਲੋਂ ਦਿੱਤੇ ਭਰੋਸੇ ਦੇ 7 ਮਹੀਨੇ ਬਾਅਦ ਵੀ ਵਧੀ ਤਨਖਾਹ ਨਾ ਮਿਲਣ ਕਾਰਨ 108 ਐਂਬੂਲੈਂਸ ਸਟਾਫ਼ ਮੁੜ ਤੋਂ ਹੜਤਾਲ 'ਤੇ ਜਾਣ ਦੀ ਤਿਆਰੀ ਵਿੱਚ ਹਨ। ਤਨਖਾਹ ਵਧਾਉਣ ਅਤੇ ਆਪਣੀਆਂ ਹੋਰ ਮੰਗਾਂ ਨੂੰ ਲੈ ਕੇ ਐਂਬੂਲੈਂਸ ਕਰਮਚਾਰੀਆਂ ਨੇ ਜਨਵਰੀ ਮਹੀਨੇ ਦੌਰਾਨ ਲਾਡੋਵਾਲ ਟੋਲ ਪਲਾਜ਼ਾ 'ਤੇ ਧਰਨਾ ਲਗਾਇਆ ਸੀ। ਜਿਸ ਤੋਂ ਬਾਅਦ ਉਸ ਸਮੇਂ ਦੇ ਸਿਹਤ ਮੰਤਰੀ ਨੇ ਕਰਮਚਾਰੀਆਂ ਦੀ ਮੰਗਾਂ ਮੰਨਣ ਅਤੇ ਤਨਖਾਹ ਵਿੱਚ 5000 ਰੁਪਏ ਵਾਧੇ ਸਮੇਤ ਕੰਪਨੀ ਖਿਲਾਫ਼ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਸੀ।


ਪਰ ਸਰਕਾਰ ਅਤੇ ਕੰਪਨੀ ਵਲੋਂ ਮੁਲਾਜ਼ਮਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਹੂਲਤ ਹੁਣ ਤੱਕ ਨਹੀਂ ਦਿੱਤੀ ਗਈ। ਇਨ੍ਹਾਂ ਹੀ ਨਹੀਂ ਮੁੱਖ ਮੰਤਰੀ ਭਗੰਵਤ ਮਾਨ ਜੀ ਦੇ ਕਹਿਣ ਦੇ ਬਾਵਜੂਦ ਵੀ ਕੰਪਨੀ ਨੇ ਮੁਲਾਜ਼ਮਾਂ ਦੀ ਜਨਵਰੀ ਮਹੀਨੇ ਦੀ ਤਨਖਾਹ ਨਹੀਂ ਦਿੱਤੀ।


108 ਇੰਪਲਾਈਜ਼ ਯੂਨੀਅਨ ਦੇ ਸੂਬਾ ਪ੍ਰਧਾਨ ਅਮਨਦੀਪ ਸਿੰਘ ਅਤੇ ਮੀਤ ਪ੍ਰਧਾਨ ਜੋਗਾ ਸਿੰਘ ਨੇ ਦੱਸਿਆ ਕਿ ਉਹ ਲੰਬੇ ਸਮੇਂ ਤੋਂ ਮੰਗ ਕਰਦੇ ਆ ਰਹੇ ਹਨ ਕਿ ਸਰਕਾਰ ਉਨ੍ਹਾਂ ਦੀਆਂ ਸੇਵਾਵਾਂ ਨੂੰ ਆਪਣੇ ਅਧੀਨ ਲਵੇ, ਪਰ ਕੋਈ ਸੁਣਵਾਈ ਨਹੀਂ ਹੋਈ।ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਇੰਕਰੀਮੈਂਟ 2013 ਤੋਂ ਰੁਕਿਆ ਪਿਆ ਹੈ, ਜਿਸ ਦੀ ਅਦਾਇਗੀ ਕਰਨ ਵਿੱਚ ਵੀ ਸਰਕਾਰ ਗੰਭੀਰ ਨਹੀਂ ਹੈ।ਉਨ੍ਹਾਂ ਕਿਹਾ ਕਿ ਸਿਹਤ ਮੰਤਰੀ ਦੇ ਹੁਕਮਾਂ ਦੇ ਬਾਵਜੂਦ ਕੰਪਨੀ ਦਾ ਅੜਬ ਵਤੀਰਾ ਜਿਉਂ ਦੀ ਤਿਉਂ ਹੈ।



ਇਸ ਮੌਕੇ ਯੂਨੀਅਨ ਦੇ ਹੱਕ ਵਿੱਚ ਆਏ ਰਾਸ਼ਟਰੀ ਭਗਵਾਂ ਸੈਨਾ ਦੇ ਕੌਮੀ ਪ੍ਰਧਾਨ ਪੰਕਜ਼ ਦਵੇਸਰ ਅਤੇ ਚੇਅਰਮੈਨ ਸੰਤੋਕ ਸੁਖ ਸਮੇਤ ਬਾਲਮੀਕ ਸਮਾਜ ਦੇ ਗੁਰੂ ਨਕੱਸ਼ਤਰ ਨਾਥ ਨੇ ਕਿਹਾ ਕਿ ਉਹ ਸਰਕਾਰ ਨੂੰ 71 ਘੰਟਿਆਂ ਦਾ ਅਲਟੀਮੇਟਮ ਦਿੰਦੇ ਹਨ, ਜੇਕਰ ਫਿਰ ਵੀ ਸਰਕਾਰ ਨੇ 108 ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਮਜ਼ਬੂਰਨ ਆਉਣ ਵਾਲੀ 4 ਅਗਸਤ ਨੂੰ 108 ਦੀਆਂ ਸੇਵਾਵਾਂ ਬੰਦ ਕਰ ਦਿੱਤੀਆਂ ਜਾਣਗੀਆਂ। 




ਉਨ੍ਹਾਂ ਮੰਗ ਕੀਤੀ ਕਿ 108 ਸਟਾਫ ਨੂੰ ਕੰਪਨੀ ਦੇ ਠੇਕੇ ਰੱਦ ਕਰਕੇ ਸਰਕਾਰ ਤੁਰੰਤ ਆਪਣੇ ਅਧੀਨ ਲਵੇ ਤਾਂ ਜੋ ਲੋਕਾਂ ਨੂੰ ਐਮਰਜੈਂਸੀ ਸਹਾਇਤਾ ਦੇਣ ਵਾਲੇ ਇਸ ਸਟਾਫ਼ ਦਾ ਭਵਿੱਖ ਸੁਰੱਖਿਅਤ ਰਹਿ ਸਕੇ। ਉਨ੍ਹਾਂ ਕਿਹਾ ਕਿ ਸਰਕਾਰੀ ਅਧਿਕਾਰੀਆਂ ਦੀ ਮਿਲੀਭੁਗਤ ਦੇ ਚੱਲਦਿਆਂ ਕੰਪਨੀ ਪੰਜਾਬ ਦਾ ਕਰੋੜਾਂ ਰੁਪਏ ਆਪਣੇ ਮੁੱਖ ਦਫ਼ਤਰ ਮੁੰਬਈ ਭੇਜ਼ ਰਹੀ ਹੈ।ਉਨ੍ਹਾਂ ਕਿਹਾ ਜੇਕਰ ਸਰਕਾਰ ਨੇ ਕੰਪਨੀ ਤੋਂ ਉਨ੍ਹਾਂ ਦੀਆਂ ਮੰਗਾਂ ਨਾ ਮਨਵਾਈਆਂ ਤਾਂ ਉਹ ਅਣਮਿੱਥੇ ਸਮੇਂ ਲਈ ਤਿੱਖਾ ਸੰਘਰਸ਼ ਵਿੱਢ ਦੇਣਗੇ।