ਚੰਡੀਗੜ੍ਹ: ਕੈਪਟਨ ਸਰਕਾਰ ਚਾਹੇ ਕਰਜ਼ ਮਾਫੀ ਦੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ ਪਰ ਆਰਥਿਕ ਸੰਕਟ ਦੀ ਝੰਬੀ ਪੰਜਾਬ ਦੀ ਕਿਸਾਨੀ ਖੁਦਕੁਸ਼ੀਆਂ ਦੇ ਹਾਰ ਤੋਂ ਨਹੀਂ ਮੁੜ ਰਹੀ। ਪਿਛਲੇ 3 ਮਹੀਨਿਆਂ ਵਿੱਚ ਹੀ ਲਗਭਗ 112 ਕਿਸਾਨਾਂ ਨੇ ਖ਼ੁਦਕੁਸ਼ੀ ਕੀਤੀ ਹੈ। ਇਹ ਅੰਕੜਾ ਬਿਆਨ ਕਰਦਾ ਹੈ ਕਿ ਕਾਂਗਰਸ ਸਰਕਾਰ ਸੱਤਾ ਸੰਭਾਲਣ ਦੇ ਦੋ ਸਾਲ ਮਗਰੋਂ ਵੀ ਕਿਸਾਨਾਂ ਨੂੰ ਆਰਥਿਕ ਸੰਕਟ ਵਿੱਚੋਂ ਕੱਢਣ ਲਈ ਕੁਝ ਨਹੀਂ ਕਰ ਰਹੀ।


ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਸੂਬੇ ਦੇ ਕਿਸਾਨਾਂ ਵੱਲੋਂ ਕੀਤੀਆਂ ਖੁਦਕੁਸ਼ੀਆਂ ਦੀ ਸੂਚੀ ਜਾਰੀ ਕਰਦਿਆਂ ਇਸ ਲਈ ਪੰਜਾਬ ਦੀ ਕਾਂਗਰਸ ਸਰਕਾਰ ਤੇ ਕੇਂਦਰ ਦੀ ਬੀਜੇਪੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਯੂਨੀਅਨ ਵੱਲੋਂ ਜਾਰੀ ਸੂਚੀ ਅਨੁਸਾਰ ਪਿਛਲੇ ਤਿੰਨ ਮਹੀਨਿਆਂ ਵਿੱਚ ਕਰੀਬ 112 ਕਿਸਾਨਾਂ ਨੇ ਖ਼ੁਦਕੁਸ਼ੀ ਕੀਤੀ ਹੈ।

ਕਿਸਾਨ ਯੂਨੀਅਨਾਂ ਦਾ ਕਹਿਣਾ ਹੈ ਕਿ ਕਿਸਾਨਾਂ ਨੇ ਇਹ ਖੁਦਕੁਸ਼ੀਆਂ ਸਰਕਾਰਾਂ ਵੱਲੋਂ ਖੇਤੀਬਾੜੀ ਧੰਦੇ ਪ੍ਰਤੀ ਅਪਣਾਈਆਂ ਦੋਗਲੀਆਂ ਨੀਤੀਆਂ ਤੇ ਸੌੜੀ ਰਾਜਨੀਤੀ ਕਰਕੇ ਕੀਤੀਆਂ ਹਨ। ਕਿਸਾਨ ਲੀਡਰਾਂ ਨੇ ਆਖਿਆ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਕਿਸਾਨਾਂ ਨੂੰ ਧੋਖੇ ਵਿੱਚ ਰੱਖਿਆ ਕਿ ਸਰਕਾਰ ਬਣਨ ਉਤੇ ਕਿਸਾਨਾਂ ਦੇ ਸਾਰੇ ਕਰਜ਼ੇ ਬਿਨਾਂ ਸ਼ਰਤ ਮੁਆਫ਼ ਕੀਤੇ ਜਾਣਗੇ ਪਰ ਹੁਣ ਕਿਸਾਨਾਂ ਨੂੰ ਕੋਰਾ ਜਵਾਬ ਦਿੱਤਾ ਜਾ ਰਿਹਾ ਹੈ।

ਬੈਂਕ ਅਧਿਕਾਰੀਆਂ ਵੱਲੋਂ ਕਿਸਾਨਾਂ ਨੂੰ ਕਰਜ਼ੇ ਭਰਨ ਲਈ ਜ਼ਲੀਲ ਕੀਤਾ ਜਾ ਰਿਹਾ ਹੈ ਜਿਸ ਕਾਰਨ ਕਿਸਾਨ ਮੌਤ ਦੇ ਰਾਹ ਤੁਰਨ ਲਈ ਮਜਬੂਰ ਹੋ ਰਹੇ ਹਨ। ਉਨ੍ਹਾਂ ਨੇ ਕੈਪਟਨ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਇਸ ਸਰਕਾਰ ਦੇ ਕਾਰਜਕਾਲ ਦੌਰਾਨ ਹੁਣ ਤੱਕ ਲਗਪਗ ਇੱਕ ਹਜ਼ਾਰ ਤੋਂ ਵਧੇਰੇ ਕਿਸਾਨ ਤੇ ਮਜ਼ਦੂਰ ਖ਼ੁਦਕੁਸ਼ੀਆਂ ਕਰ ਗਏ ਹਨ ਪਰ ਪੰਜਾਬ ਸਰਕਾਰ ਨੇ ਇਸ ਪਾਸੇ ਕੋਈ ਧਿਆਨ ਨਹੀਂ ਦਿੱਤਾ। ਇਸ ਦੇ ਨਤੀਜੇ ਵਜੋਂ ਰਾਹਤ ਦੀ ਉਡੀਕ ਵਿੱਚ ਕਿਸਾਨ ਖੁਦਕੁਸ਼ੀਆਂ ਵਿੱਚ ਆਏ ਦਿਨ ਵਾਧਾ ਹੋ ਰਿਹਾ ਹੈ।