165 more Aam Aadmi Clinics dedicated to people: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੂਬੇ ਵਿੱਚ 165 ਹੋਰ ਆਮ ਆਦਮੀ ਕਲੀਨਿਕ ਪੰਜਾਬ ਵਾਸੀਆਂ ਨੂੰ ਸਮਰਪਿਤ ਕੀਤੇ ਹਨ। ਜਿਸ ਨਾਲ ਪੰਜਾਬ ਭਰ ਵਿੱਚ ਕੁੱਲ 829 ਕਲੀਨਿਕਾਂ ਦੇ ਕਾਰਜਸ਼ੀਲ ਹੋਣ ਨਾਲ ਨਵੀਂ ਸਿਹਤ ਕ੍ਰਾਂਤੀ ਦਾ ਆਗਾਜ਼ ਹੋਇਆ।



ਇਹ ਕਲੀਨਿਕ ਸੂਬੇ ਦੇ ਲੋਕਾਂ ਲਈ ਵਰਦਾਨ 


ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਹੁਣ ਸੂਬੇ ਵਿੱਚ 829 ਆਮ ਆਦਮੀ ਕਲੀਨਿਕ ਲੋਕਾਂ ਨੂੰ ਮੁਫਤ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਕਾਰਜਸ਼ੀਲ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ ਗਏ ਇਹ ਕਲੀਨਿਕ ਉਨ੍ਹਾਂ ਲਈ ਵਰਦਾਨ ਸਾਬਤ ਹੋ ਰਹੇ ਹਨ।  ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਲੀਨਿਕ ਪਹਿਲਾਂ ਹੀ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹਈਆ ਕਰਨ ਵਿੱਚ ਬਹੁਤ ਸਹਾਈ ਸਿੱਧ ਹੋਏ ਹਨ।


ਇਲਾਜ ਤੋਂ ਇਲਾਵਾ ਕੁੱਲ 41 ਕਿਸਮ ਦੇ ਜਾਂਚ ਟੈਸਟ ਮੁਫ਼ਤ ਹੋ ਰਹੇ


ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਅਤਿ ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਇਹ ਕਲੀਨਿਕ ਲੋਕਾਂ ਨੂੰ ਵਿਸ਼ਵ ਪੱਧਰੀ ਇਲਾਜ ਅਤੇ ਜਾਂਚ ਦੀਆਂ ਸਹੂਲਤਾਂ ਮੁਫ਼ਤ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਸੂਬੇ ਭਰ ਵਿੱਚ ਇਕ ਕਰੋੜ ਤੋਂ ਵੱਧ ਮਰੀਜ਼ ਇਨ੍ਹਾਂ ਆਮ ਆਦਮੀ ਕਲੀਨਿਕਾਂ ਤੋਂ ਇਲਾਜ ਕਰਵਾ  ਚੁੱਕੇ ਹਨ। ਇਸੇ ਤਰ੍ਹਾਂ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਵਿੱਚ ਕੁੱਲ 41 ਕਿਸਮ ਦੇ ਜਾਂਚ ਟੈਸਟ ਮੁਫ਼ਤ ਕੀਤੇ ਜਾ ਰਹੇ ਹਨ।


ਸੂਬੇ ਦੇ ਸਿਹਤ ਸੰਭਾਲ ਖੇਤਰ ਵਿੱਚ ਕ੍ਰਾਂਤੀ

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਭ ਤੋਂ ਵੱਧ ਇਨ੍ਹਾਂ ਕਲੀਨਿਕਾਂ ਨੇ ਸੂਬੇ ਵਿੱਚ ਪ੍ਰਚਲਿਤ ਵੱਖ-ਵੱਖ ਬਿਮਾਰੀਆਂ ਦੀ ਜਾਂਚ ਕਰਨ ਅਤੇ ਇਨ੍ਹਾਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਮੁਕਾਬਲਾ ਕਰਨ ਲਈ ਡਾਟਾਬੇਸ ਤਿਆਰ ਕਰਨ ਵਿੱਚ ਸਰਕਾਰ ਦੀ ਮਦਦ ਕੀਤੀ ਹੈ।  ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਵਿੱਚ ਮਰੀਜ਼ਾਂ ਨੂੰ ਦਵਾਈਆਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ।  ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਕਲੀਨਿਕਾਂ ਨੇ ਸੂਬੇ ਦੇ ਸਿਹਤ ਸੰਭਾਲ ਖੇਤਰ ਵਿੱਚ ਕ੍ਰਾਂਤੀ ਲਿਆ ਦਿੱਤੀ ਹੈ ਕਿਉਂਕਿ ਇਨ੍ਹਾਂ ਕਲੀਨਿਕਾਂ ਵਿੱਚ ਰੋਜ਼ਾਨਾ ਆਉਣ ਵਾਲੇ 95% ਤੋਂ ਵੱਧ ਮਰੀਜ਼ ਆਪਣੀਆਂ ਬਿਮਾਰੀਆਂ ਤੋਂ ਠੀਕ ਹੋ ਜਾਂਦੇ ਹਨ।


 ਕੇਂਦਰ ਵੱਲੋਂ ਪੰਜਾਬ ਦੇ ਫੰਡ ਰੋਕੇ ਗਏ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਿੱਖਿਆ, ਸਿਹਤ ਅਤੇ ਬਿਜਲੀ ਖੇਤਰ ਵਿੱਚ ਦਿੱਲੀ ਸਰਕਾਰ ਦੀਆਂ ਪਹਿਲਕਦਮੀਆਂ ਨੂੰ ਪੰਜਾਬ ਵਿੱਚ ਵੀ ਦੁਹਰਾਇਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਦਿੱਲੀ ਵਾਂਗ ਪੰਜਾਬ ਲਈ ਕੇਂਦਰ ਵੱਲੋਂ ਫੰਡ ਰੋਕ ਦਿੱਤੇ ਗਏ ਹਨ ਪਰ ਫਿਰ ਵੀ ਸੂਬਾ ਸਰਕਾਰ ਆਮ ਲੋਕਾਂ ਦੇ ਭਲੇ ਲਈ ਅਣਥੱਕ ਮਿਹਨਤ ਕਰ ਰਹੀ ਹੈ।  ਉਨ੍ਹਾਂ ਕਿਹਾ ਕਿ ਇਹ ਇੱਕ ਕ੍ਰਾਂਤੀਕਾਰੀ ਕਦਮ ਹੈ ਜੋ ਲੋਕਾਂ ਨੂੰ ਵੱਡੇ ਪੱਧਰ 'ਤੇ ਲਾਭ ਪਹੁੰਚਾਉਣ ਲਈ ਅੱਗੇ ਵਧੇਗਾ।  ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਗਣਤੰਤਰ ਦਿਵਸ ਤੋਂ ਲੈ ਕੇ ਮਰੀਜ਼ਾਂ ਨੂੰ ਸਾਰੀਆਂ ਦਵਾਈਆਂ ਹਸਪਤਾਲ ਦੇ ਅੰਦਰੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਲੋਕਾਂ ਨੂੰ ਐਕਸਰੇ ਅਤੇ ਅਲਟਰਾਸਾਊਂਡ ਦੀ ਸਹੂਲਤ ਵੀ ਮੁਫ਼ਤ ਦਿੱਤੀ ਜਾ ਰਹੀ ਹੈ।