Punjab News: ਪੰਜਾਬ ਵਿੱਚ ਆਏ ਦਿਨ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ। ਪੰਜਾਬ ਸਰਕਾਰ ਦੇ ਨਸ਼ਾ ਖ਼ਤਮ ਕਰਨ ਦੇ ਦਾਅਵੇ ਫੇਲ੍ਹ ਸਾਬਤ ਹੋ ਰਹੇ ਹਨ ਕਿਉਂਕਿ ਕੋਈ ਅਜਿਹਾ ਦਿਨ ਨਹੀਂ ਲੰਘਦਾ ਜਦੋਂ ਕਿਸੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਨਾ ਹੋਈ ਹੋਵੇ। ਸਰਕਾਰ ਦੇ ਦਾਅਵਿਆਂ ਤੇ ਵਾਅਦਿਆਂ ਤੋਂ ਅੱਕ ਕੇ ਲੋਕਾਂ ਵੱਲੋਂ ਖ਼ੁਦ ਹੀ ਕਈ ਪਿੰਡਾਂ ਵਿੱਚ ਨਸ਼ਾ ਵਿਰੋਧੀ ਕਮੇਟੀਆਂ ਬਣਾਈਆਂ ਗਈਆਂ ਹਨ। ਇਸ ਮੁੱਦੇ ਨੂੰ ਲੈ ਕੇ ਵਿਰੋਧੀ ਧਿਰ ਦੇ ਲੀਡਰ ਵੀ ਸਰਕਾਰ ਨੂੰ ਘੇਰਨ ਦੀ ਕੋਈ ਕਸਰ ਨਹੀਂ ਛੱਡ ਰਹੇ ਹਨ।


ਸੁਖਪਾਲ ਖਹਿਰਾ ਨੇ ਟਵੀਟ ਕਰਦਿਆਂ ਕਿਹਾ,ਨਸ਼ੇ ਦੀ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਹੋਰ ਮੌਤ ਤੇ ਭਗਵੰਤ ਮਾਨ  ਸੱਤਾ 'ਚ 17 ਮਹੀਨੇ ਬਰਬਾਦ ਕਰਨ ਤੋਂ ਬਾਅਦ ਡਰੱਗ ਮਾਫੀਆ ਖ਼ਿਲਾਫ਼ ਕਾਰਵਾਈ ਲਈ ਇੱਕ ਸਾਲ ਹੋਰ ਮੰਗ ਰਿਹਾ ਹੈ ! ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਇੱਕ ਸਾਲ ਦੇ ਇਸ ਅਰਸੇ ਵਿੱਚ ਗੁਆਚਣ ਵਾਲੀਆਂ ਕੀਮਤੀ ਜਾਨਾਂ ਦੀ ਜ਼ਿੰਮੇਵਾਰੀ ਲਓਗੇ, ਕਿਉਂਕਿ ਸੱਤਾ ਦੇ 3 ਮਹੀਨਿਆਂ ਵਿੱਚ ਨਸ਼ਿਆਂ ਦੇ ਖ਼ਾਤਮੇ ਦਾ ਵਾਅਦਾ ਤੋੜਿਆ ਹੈ।






ਜ਼ਿਕਰ ਕਰ ਦਈਏ ਕਿ ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਨਸ਼ੇ ਦੇ ਮੁੱਦੇ ਉੱਤੇ ਟਵੀਟ ਕੀਤਾ ਹੈ। ਉਨ੍ਹਾਂ ਕਿਹਾ ਕਿ ਹਾਲ ਏ ਪੰਜਾਬ, ਕੁੱਝ ਇਹੋ ਜਿਹਾ ਹੈ ਬਦਲਾਵ। ਰਾਜਾ ਵੜਿੰਗ ਨੇ ਇਸ ਟਵੀਟ ਵਿੱਚ ਕਈ ਅਖ਼ਬਾਰਾਂ ਦੀਆਂ ਖ਼ਬਰਾਂ ਸਾਂਝੀਆਂ ਕੀਤੀਆਂ ਹਨ ਜਿਸ ਵਿੱਚ ਨਸ਼ੇ ਦੀ ਓਵਰਡੋਜ਼ ਨਾਲ ਮਰਨ ਵਾਲੇ ਨੌਜਵਾਨਾਂ ਦੀਆਂ ਖ਼ਬਰਾਂ ਹਨ।