ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦਿੱਲੀ ਸਿੱਖ ਕਤਲੇਆਮ ਦੇ 34 ਦੋਸ਼ੀਆਂ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਦਿੱਤੇ ਜਾਣ ਦਾ ਤਿੱਖਾ ਵਿਰੋਧ ਕੀਤਾ ਹੈ। ਸਿੱਖ ਲੀਡਰਾਂ ਦਾ ਕਹਿਣਾ ਹੈ ਕਿ ਦੋਸ਼ੀਆਂ ਨੂੰ ਜ਼ਮਾਨਤ ਨਾਲ ਪੀੜਤਾਂ ਤੇ ਸਿੱਖ ਕੌਮ ਨੂੰ ਠੇਸ ਪਹੁੰਚੀ ਹੈ। ਸ਼੍ਰੋਮਣੀ ਕਮੇਟੀ ਨੇ ਇਸ ਖਿਲਾਫ ਪਟੀਸ਼ਨ ਦਾਇਰ ਕਰਨ ਦਾ ਐਲਾਨ ਕੀਤਾ ਹੈ।


ਉਨ੍ਹਾਂ ਕਿਹਾ ਕਿ ਪੀੜਤਾਂ ਦੇ ਜਖ਼ਮਾਂ 'ਤੇ ਮਰਹਮ ਉਦੋਂ ਹੀ ਲੱਗੇਗੀ ਜਦੋਂ ਦੋਸ਼ੀਆਂ ਨੂੰ ਸਜ਼ਾ ਮਿਲੇਗੀ। ਕਤਲੇਆਮ ਦੇ ਪੀੜਤ ਪਿਛਲੇ 35 ਸਾਲਾਂ ਤੋਂ ਅਦਾਲਤਾਂ ਵਿੱਚ ਖੱਜਲ ਹੋ ਰਹੇ ਹਨ ਪਰ ਉਨ੍ਹਾਂ ਨੂੰ ਇਨਸਾਫ ਨਹੀਂ ਮਿਲ ਰਿਹਾ। ਸ਼੍ਰੋਮਣੀ ਕਮੇਟੀ ਨੇ ਇਨਸਾਫ ਲਈ ਪੀੜਤਾਂ ਦੀ ਹਰ ਸੰਭਵ ਸਹਾਇਤਾ ਕਰਨ ਦਾ ਭਰੋਸਾ ਦਿਵਾਇਆ ਹੈ। ਲੌਂਗੋਵਾਲ ਨੇ ਕਿਹਾ ਕਿ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਤੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਰਾਸ਼ਟਰਪਤੀ ਨੂੰ ਵੀ ਮਿਲਿਆ ਜਾਏਗਾ।

ਸਿੱਖ ਕਤਲੇਆਮ ਦੇ ਕੇਸਾਂ ਦੀ ਪੈਰਵਾਈ ਕਰ ਰਹੇ ਸੁਪਰੀਮ ਕੋਰਟ ਦੇ ਵਕੀਲ ਐਚਐਸ ਫੂਲਕਾ ਨੇ ਕਿਹਾ ਕਿ ਤ੍ਰਿਲੋਕਪੁਰੀ ਮਾਮਲੇ ਵਿੱਚ ਅਦਲਾਤ ਨੇ 89 ਲੋਕਾਂ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਪੰਜ ਸਾਲ ਦੀ ਸਜ਼ਾ ਸੁਣਾਈ ਸੀ। ਤ੍ਰਿਲੋਕਪੁਰੀ ਵਿੱਚ 77 ਸਿੱਖਾਂ ਨੂੰ ਜਿਉਂਦੇ ਸਾੜ ਦਿੱਤਾ ਸੀ।

ਉਨ੍ਹਾਂ ਕਿਹਾ ਕਿ ਪੁਲਿਸ ਨੇ ਹੁਣ ਤੱਕ 55 ਲੋਕਾਂ ਨੂੰ ਗ੍ਰਿਫਤਾਰ ਕਰਕੇ ਜੇਲ੍ਹ ਭੇਜਿਆ ਸੀ ਜਿਨ੍ਹਾਂ ਵਿੱਚੋਂ 34 ਨੂੰ ਸੁਪਰੀਮ ਕੋਰਟ ਨੇ ਅੱਜ ਜ਼ਮਾਨਤ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ 15 ਦੋਸ਼ੀਆਂ ਨੂੰ ਬਰੀ ਕਰ ਦਿੱਤਾ ਸੀ। ਇਸ ਫੈਸਲੇ ਖਿਲਾਫ ਦਿੱਲੀ ਪੁਲਿਸ ਨੇ ਪਟੀਸ਼ਨ ਪਾਈ ਹੈ ਜਿਸ ਦੀ ਸੁਣਵਾਈ ਹੋਈ ਹੈ।