ਅੰਮ੍ਰਿਤਸਰ- ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਅੰਬੈਸੀ ਨੇ ਵੀਜ਼ੇ ਜਾਰੀ ਕਰ ਦਿੱਤੇ ਹਨ। ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਹ ਜਥਾ ਭੇਜਿਆ ਜਾ ਰਿਹਾ ਹੈ। ਜਿਸ ਦੇ ਲਈ 205 ਸਿੱਖ ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ। ਇਹ ਜਥਾ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਣਾ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਵਿਖੇ ਹੋਣ ਵਾਲੇ ਸਮਾਗਮ ਵਿਚ ਸ਼ਾਮਲ ਹੋਣ ਅਤੇ ਉਥੇ ਸਥਿਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ 276 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ਾ ਲਗਵਾਉਣ ਲਈ ਭੇਜੇ ਗਏ ਸਨ, ਜਿਨ੍ਹਾਂ ਵਿਚੋਂ 205 ਨੂੰ ਵੀਜ਼ੇ ਪ੍ਰਾਪਤ ਹੋਏ ਹਨ। ਉਨ੍ਹਾਂ ਦੱਸਿਆ ਕਿ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਵੱਲੋਂ 71 ਸ਼ਰਧਾਲੂਆਂ ਦੇ ਨਾਮ ਕੱਟ ਦਿੱਤੇ ਗਏ ਹਨ। 


ਪ੍ਰਤਾਪ ਸਿੰਘ ਅਨੁਸਾਰ ਜਥਾ 21 ਜੂਨ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਕੀਤਾ ਜਾਵੇਗਾ, ਜੋ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਨ ਉਪਰੰਤ 29 ਜੂਨ ਨੂੰ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਵਿਖੇ ਹੋਣ ਵਾਲੇ ਸਮਾਗਮ ਵਿੱਚ ਸ਼ਾਮਲ ਹੋਵੇਗਾ। ਇਹ ਜਥਾ 30 ਜੂਨ ਨੂੰ ਵਾਪਿਸ ਦੇਸ਼ ਪਰਤੇਗਾ। ਉਨ੍ਹਾ ਦੱਸਿਆ ਕਿ ਜਥੇ ਨਾਲ ਜਾਣ ਵਾਲੇ ਸ਼ਰਧਾਲੂ 20 ਜੂਨ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਪ੍ਰਾਪਤ ਕਰਨ।


ਇਸ ਤੋਂ ਪਹਿਲਾਂ ਵੀ ਇੱਕ ਜਥਾ ਪਾਕਿਸਤਾਨ ਗਿਆ ਹੈ। ਜੋਂ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰੰਬਧਕ ਕਮੇਟੀ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ ਸੀ ਉਸ ਵਿੱਚ ਸ਼ਿਰਕਤ ਕਰਨ ਲਈ ਪਹੁੰਚੇ ਸਨ। ਹਲਾਂਕਿ ਇਹ ਜਥਾ ਸ਼੍ਰੋਮਣੀ ਕਮੇਟੀ ਨੇ ਨਹੀਂ ਭੇਜਿਆ ਸੀ। ਕਿਉਂਕਿ ਸ਼੍ਰੋਮਣੀ ਕਮੇਟੀ ਨੇ ਇਹ ਦਿਹਾੜਾ ਪਹਿਲਾਂ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੋਧ ਕੀਤੇ ਨਾਨਸ਼ਾਹੀ ਕੈਲੰਡਰ ਮੁਤਾਬਕ ਮਨਾ ਲਿਆ ਸੀ। ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰੰਬਧਕ ਕਮੇਟੀ ਮੂਲ ਨਾਨਸ਼ਾਹੀ ਕੈਲੰਡਰ ਮੁਤਾਬਕ ਇਹ ਦਿਹਾੜਾ ਮਨਾਉਂਦੀ ਹੈ। 




 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।