ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਦੀ ਨੀਤੀ ਤਹਿਤ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਤੇ ਚੇਤਨ ਸਿੰਘ ਜੌੜੇਮਾਜਰਾ ਨੇ ਮੰਗਲਵਾਰ ਨੂੰ ਚੰਡੀਗੜ੍ਹ ਵਿੱਚ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਵਿੱਚ 205 ਨਰਸਾਂ, 20 ਪੈਰਾ ਮੈਡੀਕਲ ਟੈਕਨੀਸ਼ੀਅਨ ਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 46 ਉਪ ਮੰਡਲ ਇੰਜਨੀਅਰਾਂ (ਐਸਡੀਈਜ਼) ਨੂੰ ਨਿਯੁਕਤੀ ਪੱਤਰ ਸੌਂਪੇ ਹਨ।
ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਰਕਾਰੀ ਨੌਕਰੀਆਂ ਲਈ ਮੁਕਾਬਲੇ ਦੀਆਂ ਪ੍ਰੀਖਿਆਵਾਂ ਪਾਸ ਕਰਨ ਵਾਲੇ ਯੋਗ ਨੌਜਵਾਨਾਂ ਨੂੰ ਨੌਕਰੀਆਂ ਮਿਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਤਹਿਤ ਪਹਿਲਾਂ ਹੀ 25 ਹਜ਼ਾਰ ਤੋਂ ਵੱਧ ਨੌਕਰੀਆਂ ਮੁਹੱਈਆ ਕਰਵਾਉਣ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਹਨ।
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਭਰਤੀ ਪ੍ਰਕਿਰਿਆ ਨੂੰ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਸਿਰੇ ਚੜ੍ਹਾਇਆ ਜਾਵੇਗਾ ਤਾਂ ਜੋ ਯੋਗ ਨੌਜਵਾਨਾਂ ਨੂੰ ਇਹ ਨੌਕਰੀਆਂ ਮਿਲ ਸਕਣ। ਇਸ ਦੌਰਾਨ ਜਿੰਪਾ ਤੇ ਜੌੜੇਮਾਜਰਾ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਡਿਊਟੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ।
ਕੈਬਨਿਟ ਮੰਤਰੀਆਂ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ ਸੱਤਾ ’ਚ ਆਉਣ ਉਪਰੰਤ ‘ਆਪ’ ਸਰਕਾਰ ਨੇ 650 ਨਰਸਾਂ ਅਤੇ 60 ਪੈਰਾ-ਮੈਡੀਕਲ ਟੈਕਨੀਸ਼ੀਅਨਾਂ ਦੀ ਭਰਤੀ ਕੀਤੀ ਹੈ। ਇਸ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਡਾਕਟਰਾਂ ਅਤੇ ਪੈਰਾ-ਮੈਡੀਕਲ ਟੈਕਨੀਸ਼ੀਅਨਾਂ ਦੀ ਭਰਤੀ ਪ੍ਰਕਿਰਿਆ ਵਿਚਾਰ ਅਧੀਨ ਹੈ।
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।