ਜਲੰਧਰ: ਪੰਚਾਇਤੀ ਚੋਣਾਂ ਵਿੱਚ ਕਥਿਤ ਧਾਂਦਲੀਆਂ ਨੂੰ ਸੰਜੀਦਗੀ ਨਾਲ ਲੈਂਦਿਆਂ ਸੂਬੇ ਦੇ ਚੋਣ ਕਮੀਸ਼ਨ ਨੇ ਵੱਡਾ ਐਕਸ਼ਨ ਕੀਤਾ ਹੈ। ਜ਼ਿਲ੍ਹਾ ਹੁਸ਼ਿਆਰਪੁਰ ਦੀ ਤਹਿਸੀਲ ਦਸੂਹਾ ਦੇ ਤਿੰਨ ਅਧਿਕਾਰੀਆਂ ਨੂੰ ਪੰਚਾਇਤੀ ਚੋਣਾਂ ਵਿੱਚ ਕਥਿਤ ਹੇਰਾਫੇਰੀ ਕਰਨ 'ਤੇ ਤੁਰੰਤ ਬਦਲਣ ਦੇ ਹੁਕਮ ਦਿੱਤੇ ਹਨ।
ਚੋਣ ਅਧਿਕਾਰੀਆਂ ਉੱਪਰ ਐਨਆਰਆਈਜ਼ ਦੀਆਂ ਫ਼ਰਜ਼ੀ ਵੋਟਾਂ ਬਣਾਉਣ ਦੇ ਇਲਜ਼ਾਮ ਲੱਗਣ ਤੋਂ ਬਾਅਦ ਦਸੂਹਾ ਦੇ ਐਸਡੀਐਮ ਹਰਚਰਨ ਸਿੰਘ, ਬੀਡੀਪੀਓ ਪਰਮਜੀਤ ਸਿੰਘ ਤੇ ਨਾਇਬ ਤਹਿਸੀਲਦਾਰ ਮਨਜੀਤ ਸਿੰਘ ਦੀ ਬਦਲੀ ਕਰ ਦਿੱਤੀ ਗਈ ਹੈ। ਇਸ ਦੀ ਸ਼ਿਕਾਇਤ ਕਾਂਗਰਸੀ ਵਿਧਾਇਕ ਸੰਗਤ ਸਿੰਘ ਗਿਲਜੀਆਂ ਨੇ ਹੀ ਕੀਤੀ ਸੀ।
ਸ਼ਿਕਾਇਤ ਮਿਲਣ ਤੋਂ ਬਾਅਦ ਹੁਸ਼ਿਆਰਪੁਰ ਦੇ ਵਧੀਕ ਡਿਪਟੀ ਕਮਿਸ਼ਨਰ (ਏਡੀਸੀ-ਡੀ) ਹਰਬੀਰ ਸਿੰਘ ਵੱਲੋਂ ਜਾਂਚ ਕੀਤੀ ਗਈ। ਜਾਂਚ ਵਿੱਚ ਤਿੰਨੇ ਅਧਿਕਾਰੀਆਂ ਦੀ ਭੂਮਿਕਾ ਸਹੀ ਨਹੀਂ ਪਾਈ ਗਈ ਤਾਂ ਚੋਣ ਕਮਿਸ਼ਨ ਨੇ ਉਨ੍ਹਾਂ ਦੀ ਬਦਲੀ ਕਰ ਦਿੱਤੀ ਹੈ। ਐਸਡੀਐਮ ਦੀ ਬਦਲੀ ਹੋਣ ਤੋਂ ਬਾਅਦ ਹੁਣ ਹੁਸ਼ਿਆਰਪੁਰ ਦੇ ਐਮਸੀ ਕਮਿਸ਼ਨਰ ਬਲਬੀਰ ਰਾਜ ਸਿੰਘ ਨੂੰ ਉਨ੍ਹਾਂ ਦੀਆਂ ਸ਼ਕਤੀਆਂ ਸੌਂਪੀਆਂ ਗਈਆਂ ਹਨ।