Barnala ਦੇ ਪਿੰਡ ਕਾਲੇਕੇ 'ਚ ਵਾਪਰਿਆ ਦਰਦਨਾਕ ਹਾਦਸਾ , 30 ਸਾਲਾ ਨੌਜਵਾਨ ਦੀ ਟੋਬੇ 'ਚ ਡੁੱਬਣ ਨਾਲ ਮੌਤ
Barnala News : ਬਰਨਾਲਾ ਜ਼ਿਲ੍ਹੇ ਦੇ ਪਿੰਡ ਕਾਲੇਕੇ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਪਿੰਡ ਦੇ ਟੋਬੇ ਵਿੱਚ ਡੁੱਬਣ ਕਾਰਨ 30 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗਰੀਬ ਪਰਿਵਾਰ ਨਾਲ ਸਬੰਧਤ ਹ

Barnala News : ਬਰਨਾਲਾ ਜ਼ਿਲ੍ਹੇ ਦੇ ਪਿੰਡ ਕਾਲੇਕੇ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਪਿੰਡ ਦੇ ਟੋਬੇ ਵਿੱਚ ਡੁੱਬਣ ਕਾਰਨ 30 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗਰੀਬ ਪਰਿਵਾਰ ਨਾਲ ਸਬੰਧਤ ਹਰਦੀਪ ਸਿੰਘ ਪੁੱਤਰ ਕਾਲਾ ਸਿੰਘ ਪਿੰਡ ਕਾਲੇਕੇ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਹਰਦੀਪ ਸਿੰਘ ਆਪਣੇ ਚਾਚੇ ਨਾਲ ਕੰਮ 'ਤੇ ਜਾ ਰਿਹਾ ਸੀ। ਇਸ ਦੌਰਾਨ ਉਸ ਨੂੰ ਪਿੰਡ ਦੇ ਟੋਬੇ ਵਿੱਚ ਇੱਕ ਗੈਸ ਸਿਲੰਡਰ ਤੈਰਦਾ ਦਿਖਾਈ ਦਿੱਤਾ। ਉਹ ਸਿਲੰਡਰ ਨੂੰ ਬਾਹਰ ਕੱਢਣ ਲਈ ਟੋਬੇ ਵਿੱਚ ਉਤਰ ਗਿਆ।
ਟੋਬੇ ਵਿੱਚ ਉਤਰਦੇ ਹੀ ਹਰਦੀਪ ਸਿੰਘ ਅਚਾਨਕ ਦਲਦਲ ਵਿੱਚ ਫਸ ਗਿਆ ਅਤੇ ਦੇਖਦੇ ਹੀ ਦੇਖਦੇ ਪਾਣੀ ਵਿੱਚ ਡੁੱਬ ਗਿਆ। ਉਸ ਦੇ ਚਾਚੇ ਨੇ ਉਸ ਨੂੰ ਬਾਹਰ ਆਉਣ ਲਈ ਕਾਫੀ ਆਵਾਜ਼ਾਂ ਮਾਰੀਆਂ ਅਤੇ ਬਚਾਉਣ ਦੀ ਕੋਸ਼ਿਸ਼ ਕੀਤੀ, ਪਰ ਹਰਦੀਪ ਦਾ ਕੋਈ ਪਤਾ ਨਹੀਂ ਲੱਗ ਸਕਿਆ। ਇਸ ਦਰਦਨਾਕ ਹਾਦਸੇ ਤੋਂ ਬਾਅਦ ਮ੍ਰਿਤਕ ਦੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।
ਹਾਦਸੇ ਤੋਂ ਬਾਅਦ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਕੇ 'ਤੇ ਇਕੱਠੇ ਹੋ ਗਏ। ਪਿੰਡ ਵਾਸੀਆਂ, ਪੰਚਾਇਤ ਅਤੇ ਨੌਜਵਾਨਾਂ ਨੇ ਆਪਣੇ ਪੱਧਰ 'ਤੇ ਰੱਸੀਆਂ ਅਤੇ ਟਰੈਕਟਰਾਂ ਦੀ ਮਦਦ ਨਾਲ ਹਰਦੀਪ ਸਿੰਘ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਪਰ ਸਫਲਤਾ ਨਹੀਂ ਮਿਲੀ। ਪਰਿਵਾਰ ਦਾ ਆਰੋਪ ਹੈ ਕਿ ਸਵੇਰੇ ਕਰੀਬ 8:30 ਵਜੇ ਹਾਦਸਾ ਵਾਪਰਨ ਦੇ ਬਾਵਜੂਦ ਤਿੰਨ ਘੰਟਿਆਂ ਤੋਂ ਵੱਧ ਸਮੇਂ ਤੱਕ ਕੋਈ ਪ੍ਰਸ਼ਾਸਨਿਕ ਅਧਿਕਾਰੀ ਮੌਕੇ 'ਤੇ ਨਹੀਂ ਪਹੁੰਚਿਆ।
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪਿੰਡ ਦੇ ਟੋਬੇ ਦੇ ਆਲੇ-ਦੁਆਲੇ ਸੁਰੱਖਿਆ ਲਈ ਕੋਈ ਚਾਰਦੀਵਾਰੀ ਨਹੀਂ ਹੈ ਅਤੇ ਨਾ ਹੀ ਟੋਬੇ ਵਿੱਚ ਕਿਸੇ ਤਰ੍ਹਾਂ ਦੇ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਨੇ ਪ੍ਰਸ਼ਾਸਨ ਦੀ ਕਾਰਗੁਜ਼ਾਰੀ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਜੇਕਰ ਸਮੇਂ ਸਿਰ ਪ੍ਰਸ਼ਾਸਨਿਕ ਅਤੇ ਸਿਹਤ ਵਿਭਾਗ ਦੀ ਟੀਮ ਮੌਕੇ 'ਤੇ ਪਹੁੰਚਦੀ ਤਾਂ ਸ਼ਾਇਦ ਹਰਦੀਪ ਨੂੰ ਬਚਾਉਣ ਦੀ ਕੋਸ਼ਿਸ਼ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਕੀਤੀ ਜਾ ਸਕਦੀ ਸੀ।
ਨਿੱਜੀ ਰੈਸਕਿਊ ਟੀਮ ਨੇ ਕਰੀਬ ਅੱਧੇ ਘੰਟੇ ਵਿੱਚ ਬਾਹਰ ਕੱਢੀ ਲਾਸ਼
ਪ੍ਰਸ਼ਾਸਨਿਕ ਮਦਦ ਦੀ ਉਡੀਕ ਕਰਦੇ ਹੋਏ ਪਿੰਡ ਵਾਸੀਆਂ ਨੇ ਆਪਣੇ ਪੱਧਰ 'ਤੇ ਬੰਟੀ ਸਿੰਘ ਦੀ ਨਿੱਜੀ ਰੈਸਕਿਊ ਟੀਮ ਨੂੰ ਪਿੰਡ ਵਿੱਚ ਬੁਲਾਇਆ। ਰੈਸਕਿਊ ਟੀਮ ਕਰੀਬ 11 ਵਜੇ ਪਿੰਡ ਪਹੁੰਚੀ ਅਤੇ ਆਪਣੇ ਸਾਥੀਆਂ ਦੀ ਮਦਦ ਨਾਲ ਰੈਸਕਿਊ ਆਪਰੇਸ਼ਨ ਚਲਾ ਕੇ ਹਰਦੀਪ ਸਿੰਘ ਦੀ ਲਾਸ਼ ਨੂੰ ਟੋਬੇ ਵਿੱਚੋਂ ਬਾਹਰ ਕੱਢ ਲਿਆ।
ਹਰਦੀਪ ਸਿੰਘ ਦੀ ਮਾਤਾ ਦਾ ਪਹਿਲਾਂ ਹੀ ਦਿਹਾਂਤ ਹੋ ਚੁੱਕਾ ਹੈ। ਹੁਣ ਉਹ ਆਪਣੇ ਪਿਤਾ ਕਾਲਾ ਸਿੰਘ ਅਤੇ ਭਰਾ ਕੁਲਦੀਪ ਸਿੰਘ ਨਾਲ ਘਰ ਵਿੱਚ ਰਹਿੰਦਾ ਸੀ। ਉਹ ਦਿਹਾੜੀ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਪਾਲਣ-ਪੋਸ਼ਣ ਕਰ ਰਿਹਾ ਸੀ। ਉੱਥੇ ਹੀ ਲੋਕ ਜਨਸ਼ਕਤੀ ਪਾਰਟੀ ਦੇ ਐਸਸੀ ਮੋਰਚਾ ਪੰਜਾਬ ਦੇ ਪ੍ਰਧਾਨ ਸੁਖਵਿੰਦਰ ਸਿੰਘ ਕਾਲੇਕੇ ਨੇ ਵੀ ਪ੍ਰਸ਼ਾਸਨਿਕ ਢਿੱਲ 'ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਹਾਦਸੇ ਤੋਂ ਬਾਅਦ ਕਈ ਘੰਟੇ ਬੀਤ ਜਾਣ ਦੇ ਬਾਵਜੂਦ ਪ੍ਰਸ਼ਾਸਨਿਕ ਅਧਿਕਾਰੀ ਮੌਕੇ 'ਤੇ ਨਹੀਂ ਪਹੁੰਚੇ, ਜੋ ਕਿ ਵੱਡੀ ਲਾਪਰਵਾਹੀ ਹੈ।
ਟ੍ਰੈਂਡਿੰਗ ਟੌਪਿਕ





















