ਚੰਡੀਗੜ੍ਹ: ਖੇਤੀ ਕਾਨੂੰਨਾਂ ਖ਼ਿਲਾਫ਼ ਡਟੀਆਂ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਅੱਜ ਮੁੱਖ ਮੰਤਰੀ ਚਰਨਜੀਤ ਚੰਨੀ ਨਾਲ ਮੀਟਿੰਗ ਹੋ ਰਹੀ ਹੈ। ਮੁੱਖ ਮੰਤਰੀ ਚੰਨੀ ਨੂੰ ਮਿਲਣ ਤੋਂ ਪਹਿਲਾਂ ਜਥੇਬੰਦੀਆਂ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਆਪਣੀ ਵੱਖਰੀ ਮੀਟਿੰਗ ਕਰ ਰਹੀਆਂ ਹਨ। ਮੀਟਿੰਗ ਵਿੱਚ ਪੰਜਾਬ ਸਰਕਾਰ ਨਾਲ ਗੱਲਬਾਤ ਦੌਰਾਨ ਕੀਤੇ ਜਾਣ ਵਾਲੇ ਮਸਲੇ ਵਿਚਾਰੇ ਜਾ ਰਹੇ ਹਨ।


ਇਸ ਬਾਰੇ ਕਿਸਾਨ ਲੀਡਰ ਡਾ. ਦਰਸ਼ਨਪਾਲ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੇ ਮਸਲੇ ਸਰਕਾਰ ਅੱਗੇ ਚੁੱਕਾਂਗੇ। ਸਰਕਾਰ ਕੋਲ ਡੀਏਪੀ ਖਾਦ ਦੀ ਕਿੱਲਤ, ਪਰਾਲੀ ਸਾੜਨ ਦੇ ਮੁੱਦੇ ਉਠਾਉਣ ਤੋਂ ਇਲਾਵਾ ਖੇਤੀਬਾੜੀ ਯੂਨੀਵਰਸਿਟੀ ਵਿੱਚ ਵਾਈਸ ਚਾਂਸਲਰ ਲਾਉਣ ਦੀ ਮੰਗ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਕਿਸਾਨਾਂ ਦੇ ਮਸਲੇ ਬਗੈਰ ਕਹੇ ਹੱਲ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਮੁੱਦੇ ਲੀਡਰਾਂ ਨੂੰ ਪਾਰਲੀਮੈਂਟ ਵਿੱਚ ਉਠਾਉਣ ਦੀ ਵੀ ਮੰਗ ਕਰਾਂਗੇ। ਡਾ. ਦਰਸ਼ਨ ਪਾਲ ਨੇ ਕਿਹਾ ਕਿ ਬੀਜੇਪੀ ਨੂੰ ਕਿਸਾਨਾਂ ਦੀ ਵੀ ਆਵਾਜ਼ ਸੁਣਨੀ ਚਾਹੀਦੀ ਹੈ। 29 ਨਵੰਬਰ ਨੂੰ ਪਾਰਲੀਮੈਂਟ ਵੱਲ ਮਾਰਚ ਕੱਢਿਆ ਜਾਣਾ ਹੈ।


ਸੂਤਰਾਂ ਮੁਤਾਬਕ ਕਿਸਾਨਾਂ ਵੱਲੋਂ ਮੀਟਿੰਗ ਦੌਰਾਨ ਕਾਂਗਰਸ ਵੱਲੋਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਕਿਸਾਨਾਂ-ਮਜ਼ਦੂਰਾਂ ਨਾਲ ਕਰਜ਼ਿਆਂ ਦੀ ਮੁਆਫ਼ੀ ਸਬੰਧੀ ਕੀਤੇ ਗਏ ਵਾਅਦਿਆਂ ਬਾਰੇ ਗੱਲਬਾਤ ਕੀਤੀ ਜਾਵੇਗੀ। ਕਿਸਾਨਾਂ ਦਾ ਕਹਿਣਾ ਹੈ ਕਿ ਕਾਂਗਰਸ ਨੇ ਆਪਣੇ ਚੋਣ ਮਨੋਰਥ ਪੱਤਰ ਵਿੱਚ ਇਹ ਵਾਅਦੇ ਜ਼ੋਰਦਾਰ ਢੰਗ ਨਾਲ ਚੁੱਕੇ ਸਨ ਪਰ ਸਾਢੇ ਚਾਰ ਸਾਲ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਰਹਿੰਦਿਆਂ ਕੁੱਝ ਨਹੀਂ ਕੀਤਾ ਗਿਆ। ਹੁਣ ਭਾਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬਣ ਗਏ ਹਨ ਪਰ ਇਨ੍ਹਾਂ ਵਾਅਦਿਆਂ ਨੂੰ ਨਿਭਾਉਣ ਲਈ ਚੰਨੀ ਸਰਕਾਰ ਵੱਲੋਂ ਵੀ ਕੋਈ ਪਹਿਲਕਦਮੀ ਨਹੀਂ ਵਿਖਾਈ ਗਈ।


ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਫ਼ਸਲਾਂ ਦੇ ਖ਼ਰਾਬੇ ਦਾ ਮੁਆਵਜ਼ਾ ਵੀ ਨਹੀਂ ਦਿੱਤਾ ਗਿਆ। ਮਾਲਵਾ ਖੇਤਰ ਵਿੱਚ ਗੁਲਾਬੀ ਸੁੰਡੀ ਨੇ ਨਰਮੇ ਦੀ ਫ਼ਸਲ ਪੂਰੀ ਤਰ੍ਹਾਂ ਤਬਾਹ ਕਰ ਦਿੱਤੀ ਹੈ। ਮਾਝੇ-ਦੋਆਬੇ ਵਿੱਚ ਗੜੇਮਾਰੀ ਕਾਰਨ ਫ਼ਸਲਾਂ ਮਾਰੀਆਂ ਗਈਆਂ, ਜਿਨ੍ਹਾਂ ਦਾ ਸਰਵੇਖਣ ਹੋਣ ਦੇ ਬਾਵਜੂਦ ਸਰਕਾਰ ਨੇ ਕੁਝ ਨਹੀਂ ਦਿੱਤਾ। ਗੰਨੇ ਦੇ ਬਕਾਏ ਬਾਰੇ ਵੀ ਸਰਕਾਰ ਵੱਲੋਂ ਧਾਰੀ ਗਈ ਚੁੱਪ ਨੂੰ ਮੁੱਖ ਰੂਪ ਵਿੱਚ ਉਭਾਰਿਆ ਜਾਵੇਗਾ।


ਫਿਰੋਜ਼ਪੁਰ ਵਿੱਚ ਅਕਾਲੀ ਆਗੂਆਂ ਵੱਲੋਂ ਕਿਸਾਨਾਂ ’ਤੇ ਕੀਤੀ ਗਈ ਗੁੰਡਾਗਰਦੀ ਸਬੰਧੀ ਬੇਸ਼ੱਕ ਪੁਲੀਸ ਨੇ ਕੇਸ ਦਰਜ ਕਰ ਲਿਆ ਹੈ ਪਰ ਕਸੂਰਵਾਰਾਂ ਦੀਆਂ ਗ੍ਰਿਫ਼ਤਾਰੀਆਂ ਨਹੀਂ ਹੋਈਆਂ, ਜਿਸ ਬਾਰੇ ਮੀਟਿੰਗ ਦੌਰਾਨ ਵਿਚਾਰ-ਚਰਚਾ ਕੀਤੀ ਜਾਵੇਗੀ। ਇਸ ਤੋਂ ਇਲਾਵਾ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਰਾਸ਼ੀ, ਸਮੁੱਚਾ ਕਰਜ਼ਾ ਖ਼ਤਮ ਕਰਨ ਅਤੇ ਪਰਿਵਾਰ ਦੇ ਮੈਂਬਰਾਂ ਨੂੰ ਨੌਕਰੀ ਦੇਣ ਸਬੰਧੀ ਵੀ ਚਰਚਾ ਕੀਤੀ ਜਾਵੇਗੀ।


ਇਹ ਵੀ ਪੜ੍ਹੋ: Kartarpur Sahib Corridor Reopen: ਅੱਜ ਤੋਂ ਮੁੜ ਖੁੱਲ੍ਹ ਰਿਹਾ ਕਰਤਾਰਪੁਰ ਲਾਂਘਾ, ਸਿੱਖ ਸੰਗਤ 'ਚ ਵੱਡਾ ਉਤਸ਼ਾਹ


ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/


https://apps.apple.com/in/app/811114904