ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਸਮਾਰਟ ਕਾਰਡ ਧਾਰਕਾਂ ਨੂੰ ਕਣਕ ਤੇ ਦਾਲ ਵੰਡਣੀ ਸ਼ੁਰੂ ਹੋ ਗਈ ਹੈ। ਸੂਬੇ ਦੇ ਤਕਰੀਬਨ 36 ਲੱਖ ਪਰਿਵਾਰਾਂ ਦੇ 1.40 ਕਰੋੜ ਮੈਂਬਰਾਂ ਨੂੰ ਕੇਂਦਰ ਸਰਕਾਰ ਦੀ ਇਹ ਮਦਦ ਮਿਲੇਗੀ।


ਪੰਜਾਬ ਦੇ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਦੱਸਿਆ ਕਿ ਅੰਮ੍ਰਿਤਸਰ, ਫ਼ਿਰੋਜ਼ਪੁਰ, ਫ਼ਰੀਦਕੋਟ, ਫ਼ਤਹਿਗੜ੍ਹ ਸਾਹਿਬ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਮੁਹਾਲੀ, ਪਟਿਆਲਾ, ਰੋਪੜ ਤੇ ਸੰਗਰੂਰ ਜ਼ਿਲ੍ਹਿਆਂ ਵਿੱਚ ਦਾਲਾਂ ਪਹੁੰਚ ਚੁੱਕੀਆਂ ਹਨ ਤੇ ਵੰਡ ਦਾ ਕੰਮ ਤੇਜ਼ੀ ਨਾਲ ਜਾਰੀ ਹੈ। ਹਾਲੇ ਬਰਨਾਲਾ, ਬਠਿੰਡਾ, ਫ਼ਾਜ਼ਿਲਕਾ, ਮਾਨਸਾ, ਮੋਗਾ, ਸ਼ਹੀਦ ਭਗਤ ਸਿੰਘ ਨਗਰ, ਸ੍ਰੀ ਮੁਕਤਸਰ ਸਾਹਿਬ, ਤਰਨ ਤਾਰਨ ਤੇ ਪਠਾਨਕੋਟ ਵਿੱਚ ਰਾਸ਼ਨ ਦੀ ਵੰਡ 10 ਮਈ ਤੋਂ ਸ਼ੁਰੂ ਕੀਤੀ ਜਾਵੇਗੀ।


ਉਨ੍ਹਾਂ ਦੱਸਿਆ ਕਿ ਕੌਮੀ ਖੁਰਾਕ ਸੁਰੱਖਿਆ ਐਕਟ, 2013 ਤਹਿਤ ਸਮਾਰਟ ਰਾਸ਼ਨ ਕਾਰਡ ਸਕੀਮ ਦੇ ਲਾਭਪਾਤਰੀਆਂ ਨੂੰ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਤਹਿਤ ਇਹ ਰਾਸ਼ਨ ਵੰਡਿਆ ਜਾ ਰਿਹਾ ਹੈ। ਇਸ ਵਿੱਚ ਤਿੰਨ ਮਹੀਨਿਆਂ ਲਈ ਪ੍ਰਤੀ ਵਿਅਕਤੀ ਪੰਜ ਕਿੱਲੋ ਕਣਕ ਤੇ ਇੱਕ ਕਿੱਲੋ ਦਾਲ ਪ੍ਰਤੀ ਪਰਿਵਾਰ ਦਿੱਤੀ ਜਾ ਰਹੀ ਹੈ।