Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੀ ਗਾਰੰਟੀ ਪੂਰੀ ਕਰਨ ਦੇ ਸਫ਼ਰ ਨੂੰ ਜਾਰੀ ਰੱਖਦੇ ਹੋਏ ਆਪਣੀ ਸਰਕਾਰ ਦੇ ਮਹਿਜ਼ 18 ਮਹੀਨਿਆਂ ਦੇ ਕਾਰਜਕਾਲ ਵਿੱਚ 37100 ਸਰਕਾਰੀ ਨੌਕਰੀਆਂ ਦਿੱਤੀਆਂ ਹਨ।


ਮਿਊਂਸਪਲ ਭਵਨ ਵਿਖੇ ਗ੍ਰਹਿ ਮਾਮਲੇ, ਟਰਾਂਸਪੋਰਟ ਅਤੇ ਮਾਲ ਵਿਭਾਗਾਂ ਦੇ ਨਵੇਂ ਭਰਤੀ ਹੋਏ 304 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਣ ਲਈ ਕਰਵਾਏ ਸਮਾਗਮ ਦੌਰਾਨ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਸ਼ੁਰੂਆਤ ਵਿੱਚ ਪਹਿਲੇ ਨਵਰਾਤੇ ਦੇ ਪਵਿੱਤਰ ਮੌਕੇ ਦੀ ਲੋਕਾਂ ਨੂੰ ਵਧਾਈ ਦਿੱਤੀ।






ਨਵੇਂ ਭਰਤੀ ਹੋਏ ਨੌਜਵਾਨਾਂ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਇਹ ਇਕ ਇਤਿਹਾਸਕ ਮੌਕਾ ਹੈ ਕਿਉਂਕਿ ਨੌਜਵਾਨ ਹੁਣ ਰਸਮੀ ਤੌਰ ਉਤੇ ਸੂਬਾ ਸਰਕਾਰ ਦੇ ਪਰਿਵਾਰ ਦੇ ਮੈਂਬਰ ਬਣ ਗਏ ਹਨ। ਭਗਵੰਤ ਸਿੰਘ ਮਾਨ ਨੇ ਇਸ ਵਿਲੱਖਣ ਪ੍ਰਾਪਤੀ ਲਈ ਇਨ੍ਹਾਂ ਉਮੀਦਵਾਰਾਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ ਕਿਉਂਕਿ ਉਹ ਸਖ਼ਤ ਮੁਕਾਬਲੇ ਦੀਆਂ ਪ੍ਰੀਖਿਆਵਾਂ ਪਾਸ ਕਰਕੇ ਕਾਮਯਾਬ ਹੋਏ ਹਨ।


ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਸੂਬਾ ਸਰਕਾਰ ਪੁਲਿਸ ਨੂੰ ਵਿਗਿਆਨਕ ਲੀਹਾਂ ‘ਤੇ ਆਧੁਨਿਕ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ।


ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਅਮਨ-ਕਾਨੂੰਨ ਨੂੰ ਕਾਇਮ ਰੱਖਣ ਦੇ ਆਪਣੇ ਮੁਢਲੇ ਫਰਜ਼ ਨੂੰ ਨਿਭਾਉਣ ਦੇ ਨਾਲ-ਨਾਲ ਹਮੇਸ਼ਾ ਹੀ ਦੇਸ਼ ਅਤੇ ਲੋਕਾਂ ਦੇ ਹਿੱਤਾਂ ਦੀ ਰਾਖੀ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਬਦਲਦੇ ਹਾਲਤਾਂ ਵਿੱਚ ਫੋਰਸ ਲਈ ਚੁਣੌਤੀਆਂ ਕਈ ਗੁਣਾ ਵੱਧ ਗਈਆਂ ਹਨ, ਜਿਸ ਕਾਰਨ ਇਨ੍ਹਾਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਟਾਕਰਾ ਕਰਨ ਲਈ ਆਧੁਨਿਕੀਕਰਨ ਹੋਣਾ ਸਮੇਂ ਦੀ ਲੋੜ ਹੈ।


ਸੂਬੇ ਦੇ ਵਿਕਾਸ ਤੇ ਤਰੱਕੀ ਨੂੰ ਯਕੀਨੀ ਬਣਾਉਣ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਅਤੇ ‘ਰੰਗਲਾ ਪੰਜਾਬ’ ਸਿਰਜਣ ਲਈ ਉਨ੍ਹਾਂ ਦਾ ਸਾਥ ਦੇਣ ਦਾ ਸੱਦਾ ਦਿੱਤਾ।