ਪਟਿਆਲਾ: ਬੇਅਦਬੀ ਮਾਮਲੇ ਵਿੱਚ ਨਜ਼ਰਬੰਦ ਪੰਜ ਡੇਰਾ ਸਿਰਸਾ ਪ੍ਰੇਮੀ ਰਿਹਾਅ ਹੋ ਗਏ ਹਨ। ਉਨ੍ਹਾਂ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਜ਼ਮਾਨਤ ਮਿਲਣ ਮਗਰੋਂ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿੱਚੋਂ ਰਿਹਾਅ ਕਰ ਦਿੱਤਾ ਗਿਆ। ਹਾਈਕੋਰਟ ਨੇ 11 ਜੁਲਾਈ ਨੂੰ ਜ਼ਮਾਨਤ ਦੇ ਦਿੱਤੀ ਸੀ। ਅਦਾਲਤੀ ਹੁਕਮਾਂ ਦੀ ਕਾਪੀ 12 ਜੁਲਾਈ ਨੂੰ ਜੇਲ੍ਹ ਕੋਲ ਪਹੁੰਚੀ ਜਿਸ ਮਗਰੋਂ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ। ਪੁਲਿਸ ਨੇ ਡੇਰਾ ਪ੍ਰੇਮੀਆਂ ਨੂੰ ਭਾਰੀ ਸੁਰੱਖਿਆ ਹੇਠ ਉਨ੍ਹਾਂ ਦੇ ਟਿਕਾਣਿਆਂ ’ਤੇ ਭੇਜਿਆ।


ਕਾਬਲੇਗੌਰ ਹੈ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਦੇ ਇਲਜ਼ਾਮ ਅਧੀਨ 7 ਡੇਰਾ ਪ੍ਰੇਮੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੀ 22 ਜੂਨ ਨੂੰ ਜੇਲ੍ਹ ਅੰਦਰ ਹੀ ਗੁਰਸੇਵਕ ਸਿੰਘ ਤੇ ਮਨਿੰਦਰ ਸਿੰਘ ਨੇ ਲੋਹੇ ਦੀਆਂ ਰਾਡਾਂ ਮਾਰ ਕੇ ਕਤਲ ਕਰ ਦਿੱਤਾ ਸੀ।

ਹਾਈਕੋਰਟ ਨੇ ਡੇਰਾ ਪ੍ਰੇਮੀ ਕੁਲਦੀਪ ਸਿੰਘ, ਜਤਿੰਦਰ ਵੀਰ ਅਰੋੜਾ, ਬਲਜੀਤ ਸਿੰਘ, ਸੁਖਵਿੰਦਰ ਸਿੰਘ ਤੇ ਰਾਜਵੀਰ ਸਿੰਘ ਜੋ ਭਗਤਾ ਭਾਈ, ਜ਼ਿਲ੍ਹਾ ਬਠਿੰਡਾ ਦੇ ਰਹਿਣ ਵਾਲੇ ਹਨ, ਨੂੰ ਜ਼ਮਾਨਤ ਦੇ ਦਿੱਤੀ ਹੈ। ਡੇਰਾ ਪ੍ਰੇਮੀ ਮਹਿੰਦਰ ਕੁਮਾਰ ਕੋਟਕਪੂਰਾ ਅਜੇ ਜ਼ਿਲ੍ਹਾ ਜੇਲ੍ਹ ਵਿੱਚ ਬੰਦ ਹੈ।