Punjab News: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ੍ਰੀ ਫਤਿਹਗੜ੍ਹ ਸਾਹਿਬ ਦੇ ਇੱਕ ਦਿਨ ਦੇ ਦੌਰੇ 'ਤੇ ਹਨ ਅਤੇ ਕਈ ਮਹੱਤਵਪੂਰਨ ਪ੍ਰੋਗਰਾਮਾਂ ਵਿੱਚ ਹਿੱਸਾ ਲੈਣਗੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸਵੇਰੇ ਲਗਭਗ 11 ਵਜੇ ਸਰਹਿੰਦ ਰੇਲਵੇ ਸਟੇਸ਼ਨ ਪਹੁੰਚੇ ਅਤੇ ਯਾਤਰੀਆਂ ਨਾਲ ਮੁਲਾਕਾਤ ਕੀਤੀ।
ਉਨ੍ਹਾਂ ਦੇ ਦਿਨ ਦੀ ਸ਼ੁਰੂਆਤ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕ ਕੇ ਕੀਤੀ। ਇਸ ਤੋਂ ਬਾਅਦ, ਉਹ ਮਹਾਰਾਸ਼ਟਰ ਦੇ ਸੱਚਖੰਡ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨਾਂ ਤੇ ਸਿਖਲਾਈ ਲਈ 500 ਮਹਿਲਾ ਪੰਚਾਂ ਅਤੇ ਸਰਪੰਚਾਂ ਨੂੰ ਲੈ ਕੇ ਜਾਣ ਵਾਲੀ ਇੱਕ ਵਿਸ਼ੇਸ਼ ਰੇਲਗੱਡੀ ਨੂੰ ਹਰੀ ਝੰਡੀ ਦਿਖਾਉਣ ਲਈ ਸਰਹਿੰਦ ਰੇਲਵੇ ਸਟੇਸ਼ਨ ਪਹੁੰਚੇ।
ਭਗਵੰਤ ਮਾਨ ਨੇ ਇਸ ਸਮੇਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਸਾਂਝੀਆਂ ਕਰਕੇ ਲਿਖਿਆ, ਅੱਜ ਇਤਿਹਾਸਕ ਧਰਤੀ ਸਰਹਿੰਦ ਵਿਖੇ ਸੂਬੇ ਦੀਆਂ ਮਹਿਲਾ ਸਰਪੰਚਾਂ ਅਤੇ ਪੰਚਾਂ ਦੇ ਵਫ਼ਦ ਨੂੰ ਮਹਾਰਾਸ਼ਟਰ ਵਿਖੇ Training and Exposure ਫੇਰੀ ਲਈ ਰੇਲਵੇ ਸਟੇਸ਼ਨ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਸਾਰਿਆਂ ਨੂੰ ਮਿਲ ਕੇ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਦੌਰੇ ਨੂੰ ਸਫ਼ਲ ਬਣਾਉਣ ਲਈ ਹੱਲਾਸ਼ੇਰੀ ਦਿੱਤੀ। ਇਸ ਦੌਰੇ ਦਾ ਮੁੱਖ ਉਦੇਸ਼ ਪੰਜਾਬ ਦੀਆਂ ਮਹਿਲਾ ਸਰਪੰਚਾਂ ਤੇ ਪੰਚਾਂ ਦਾ ਦੇਸ਼ ਦੇ ਬਾਕੀ ਸੂਬਿਆਂ ਦੀਆਂ ਪੰਚਾਇਤਾਂ ਦੇ ਨੁਮਾਇੰਦਿਆਂ ਨਾਲ ਆਪਸੀ ਵਿਚਾਰ ਚਰਚਾ ਰਾਹੀਂ ਨਵੇਂ ਤਜਰਬੇ ਹਾਸਲ ਕਰਨਾ ਹੈ ਤਾਂ ਕਿ ਪਿੰਡਾਂ ਵਿੱਚ ਹੋਰ ਸੁਧਾਰ ਕੀਤੇ ਜਾ ਸਕਣ।
ਇਸ ਮੌਕੇ ਭਗਵੰਤ ਸਿੰਘ ਮਾਨ ਨੇ ਕਿਹਾ- ਅੱਜ ਪੰਜਾਬ ਲਈ ਇੱਕ ਇਤਿਹਾਸਕ ਦਿਨ ਹੈ। ਸਰਕਾਰ ਨੇ ਪੰਜਾਬ ਦੇ ਪੰਚ ਸਰਪੰਚਾਂ ਲਈ ਸਿਖਲਾਈ ਦਾ ਪ੍ਰਬੰਧ ਕੀਤਾ ਹੈ। ਉਹ ਪਹਿਲਾਂ ਸ੍ਰੀ ਹਜ਼ੂਰ ਸਾਹਿਬ ਵਿਖੇ ਮੱਥਾ ਟੇਕਣਗੇ ਜਿਸ ਤੋਂ ਬਾਅਦ ਉਨ੍ਹਾਂ ਨੂੰ ਮਹਾਰਾਸ਼ਟਰ ਵਿੱਚ ਸਿਖਲਾਈ ਦਿੱਤੀ ਜਾਵੇਗੀ ਅਤੇ ਫਿਰ ਉਕਤ ਮਹਿਲਾ ਪੰਚ ਸਰਪੰਚ ਵਾਪਸ ਆਉਣਗੀਆਂ।
ਸੀਐਮ ਮਾਨ ਨੇ ਕਿਹਾ ਕਿੇ ਕੁੱਲ ਤਿੰਨ ਰੇਲਗੱਡੀਆਂ ਵਿਸ਼ੇਸ਼ ਤੌਰ 'ਤੇ ਬੁੱਕ ਕੀਤੀਆਂ ਗਈਆਂ ਹਨ। ਜਿਵੇਂ-ਜਿਵੇਂ ਬੈਚ ਅੱਗੇ ਵਧੇਗਾ, ਉਨ੍ਹਾਂ ਨੂੰ ਉੱਥੇ ਸਿਖਲਾਈ ਦਿੱਤੀ ਜਾਵੇਗੀ ਤੇ ਪੰਚਾਇਤੀ ਜ਼ਿੰਮੇਵਾਰੀਆਂ ਬਾਰੇ ਸਿਖਲਾਈ ਦਿੱਤੀ ਜਾਵੇਗੀ ਜਿਸ ਵਿੱਚ ਉਨ੍ਹਾਂ ਨੂੰ ਦੱਸਿਆ ਜਾਵੇਗਾ ਕਿ ਪੰਚਾਇਤੀ ਜ਼ਿੰਮੇਵਾਰੀਆਂ ਨੂੰ ਕਿਵੇਂ ਚੰਗੀ ਤਰ੍ਹਾਂ ਨਿਭਾਉਣਾ ਹੈ।