ਪਾਕਿਸਤਾਨ ਤੋਂ ਧਾਰਮਿਕ ਯਾਤਰਾ ਕਰਕੇ ਪਰਤੇ 518 ਸਿੱਖ ਸ਼ਰਧਾਲੂ, ਅਟਾਰੀ ਸਰਹੱਦ 'ਤੇ ਹੋਇਆ ਭਰਵਾਂ ਸਵਾਗਤ
ਅੰਮ੍ਰਿਤਸਰ: ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਮੌਕੇ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸਾਹਿਬਾਂ ਅਤੇ ਹੋਰ ਪਵਿੱਤਰ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਗਿਆ ਸਿੱਖ ਸ਼ਰਧਾਲੂਆਂ ਦਾ ਜੱਥਾ ਆਪਣੀ ਧਾਰਮਿਕ ਯਾਤਰਾ ਸਫਲਤਾਪੂਰਵਕ

ਅੰਮ੍ਰਿਤਸਰ: ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਮੌਕੇ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸਾਹਿਬਾਂ ਅਤੇ ਹੋਰ ਪਵਿੱਤਰ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਗਿਆ ਸਿੱਖ ਸ਼ਰਧਾਲੂਆਂ ਦਾ ਜੱਥਾ ਆਪਣੀ ਧਾਰਮਿਕ ਯਾਤਰਾ ਸਫਲਤਾਪੂਰਵਕ ਪੂਰੀ ਕਰਕੇ ਵੀਰਵਾਰ ਨੂੰ ਅਟਾਰੀ-ਵਾਹਗਾ ਸਰਹੱਦ ਰਾਹੀਂ ਭਾਰਤ ਵਾਪਸ ਪਰਤ ਆਇਆ। ਇਸ ਜੱਥੇ ਵਿੱਚ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਗਏ ਕਰੀਬ 518 ਸ਼ਰਧਾਲੂ ਸ਼ਾਮਲ ਸਨ, ਜਿਨ੍ਹਾਂ ਵਿੱਚ ਵੱਡੀ ਗਿਣਤੀ ਮਹਿਲਾਵਾਂ ਦੀ ਵੀ ਸੀ।
ਜਾਣਕਾਰੀ ਅਨੁਸਾਰ ਪਾਕਿਸਤਾਨ ਸਰਕਾਰ ਵੱਲੋਂ ਸ਼ਰਧਾਲੂਆਂ ਨੂੰ 10 ਜੂਨ ਤੋਂ 19 ਜੂਨ ਤੱਕ 10 ਦਿਨਾਂ ਦਾ ਵੀਜ਼ਾ ਜਾਰੀ ਕੀਤਾ ਗਿਆ ਸੀ। ਸਾਰੀਆਂ ਕਾਨੂੰਨੀ ਅਤੇ ਇਮੀਗ੍ਰੇਸ਼ਨ ਕਾਰਵਾਈਆਂ ਪੂਰੀਆਂ ਕਰਨ ਉਪਰੰਤ ਜੱਥਾ ਪਾਕਿਸਤਾਨ ਲਈ ਰਵਾਨਾ ਹੋਇਆ ਸੀ। ਯਾਤਰਾ ਦੌਰਾਨ ਸ਼ਰਧਾਲੂਆਂ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਨਾਲ ਸਬੰਧਤ ਧਾਰਮਿਕ ਸਮਾਗਮਾਂ ਵਿੱਚ ਹਿੱਸਾ ਲਿਆ ਅਤੇ ਗੁਰੂ ਘਰਾਂ ਵਿੱਚ ਨਤਮਸਤਕ ਹੋ ਕੇ ਅਰਦਾਸ ਕੀਤੀ।
ਸ਼ਰਧਾਲੂਆਂ ਨੇ ਕਈ ਗੁਰੂਧਾਮਾਂ ਦੇ ਕੀਤੇ ਦਰਸ਼ਨ
ਇਸ ਧਾਰਮਿਕ ਯਾਤਰਾ ਦੌਰਾਨ ਸੰਗਤ ਨੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ, ਗੁਰਦੁਆਰਾ ਸ੍ਰੀ ਪੰਜਾ ਸਾਹਿਬ, ਲਾਹੌਰ ਸਥਿਤ ਗੁਰਦੁਆਰਾ ਡੇਰਾ ਸਾਹਿਬ ਸਮੇਤ ਕਈ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕੀਤੇ। ਵਾਪਸ ਪਰਤੇ ਸ਼ਰਧਾਲੂਆਂ ਨੇ ਆਪਣੇ ਤਜਰਬੇ ਸਾਂਝੇ ਕਰਦਿਆਂ ਕਿਹਾ ਕਿ ਗੁਰਧਾਮਾਂ ਦੇ ਦਰਸ਼ਨ ਕਰਕੇ ਉਨ੍ਹਾਂ ਨੂੰ ਆਤਮਿਕ ਸ਼ਾਂਤੀ ਅਤੇ ਗੁਰੂ ਸਾਹਿਬਾਨ ਦੇ ਇਤਿਹਾਸ ਨੂੰ ਨੇੜਿਓਂ ਜਾਣਨ ਦਾ ਮੌਕਾ ਮਿਲਿਆ।
ਅਟਾਰੀ ਸਰਹੱਦ ‘ਤੇ ਐਸ.ਜੀ.ਪੀ.ਸੀ. ਵੱਲੋਂ ਕੀਤੇ ਗਏ ਸਨ ਵਿਸ਼ੇਸ਼ ਪ੍ਰਬੰਧ
ਅਟਾਰੀ ਸਰਹੱਦ 'ਤੇ ਪਹੁੰਚਣ ਮੌਕੇ ਸ਼ਰਧਾਲੂਆਂ ਦਾ ਪਰਿਵਾਰਕ ਮੈਂਬਰਾਂ, ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਸੰਗਤਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵੱਲੋਂ ਸ਼ਰਧਾਲੂਆਂ ਲਈ ਲੰਗਰ, ਠੰਢੇ ਜਲ ਦੀਆਂ ਛਬੀਲਾਂ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਸੀ।
ਘਰਾਂ ਤੱਕ ਪਹੁੰਚਾਉਣ ਲਈ ਚਲਾਈਆਂ ਗਈਆਂ ਵਿਸ਼ੇਸ਼ ਬੱਸਾਂ
ਇਸ ਤੋਂ ਇਲਾਵਾ, ਸ਼ਰਧਾਲੂਆਂ ਨੂੰ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਉਣ ਲਈ ਐਸਜੀਪੀਸੀ, ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਬੱਸਾਂ ਦਾ ਪ੍ਰਬੰਧ ਕੀਤਾ ਗਿਆ। ਆਪਣੇ ਪਰਿਵਾਰਕ ਮੈਂਬਰਾਂ ਨਾਲ ਮੁੜ ਮਿਲ ਕੇ ਕਈ ਸ਼ਰਧਾਲੂ ਅਤੇ ਉਨ੍ਹਾਂ ਦੇ ਸਾਕ-ਸੰਬੰਧੀ ਭਾਵੁਕ ਵੀ ਨਜ਼ਰ ਆਏ।
ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਇੰਤਜ਼ਾਮ
ਸ਼ਰਧਾਲੂਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਸਰਹੱਦੀ ਖੇਤਰ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਇਮੀਗ੍ਰੇਸ਼ਨ ਦੀਆਂ ਸਾਰੀਆਂ ਕਾਰਵਾਈਆਂ ਪੂਰੀਆਂ ਹੋਣ ਤੋਂ ਬਾਅਦ ਸ਼ਰਧਾਲੂਆਂ ਨੂੰ ਸ਼ਾਂਤਮਈ ਅਤੇ ਸੁਚੱਜੇ ਢੰਗ ਨਾਲ ਉਨ੍ਹਾਂ ਦੇ ਘਰਾਂ ਲਈ ਰਵਾਨਾ ਕੀਤਾ ਗਿਆ। ਧਾਰਮਿਕ ਆਸਥਾ, ਗੁਰੂ ਚਰਨਾਂ ਪ੍ਰਤੀ ਸ਼ਰਧਾ ਅਤੇ ਅਧਿਆਤਮਿਕ ਅਨੁਭਵਾਂ ਨਾਲ ਭਰਪੂਰ ਇਹ ਯਾਤਰਾ ਸ਼ਰਧਾਲੂਆਂ ਲਈ ਯਾਦਗਾਰ ਸਾਬਤ ਹੋਈ।
ਟ੍ਰੈਂਡਿੰਗ ਟੌਪਿਕ






















