ਛੇਵੇਂ ਪਾਤਸ਼ਾਹ ਜੀ ਦਾ ਮੀਰੀ ਪੀਰੀ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਛੇਵੇਂ ਪਾਤਸ਼ਾਹ ਜੀ ਦਾ ਮੀਰੀ ਪੀਰੀ ਦਿਵਸ ਮਨਾਇਆ ਗਿਆ।
ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਛੇਵੇਂ ਪਾਤਸ਼ਾਹ ਜੀ ਦਾ ਮੀਰੀ ਪੀਰੀ ਦਿਵਸ ਮਨਾਇਆ ਗਿਆ।ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ।
ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਿਮਰਪ੍ਰੀਤ ਸਿੰਘ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ। ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਲਿਆ।
ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੀਰੀ ਪੀਰੀ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਛੇਵੇਂ ਪਾਤਸ਼ਾਹ ਵੱਲੋਂ ਸਿੱਖ ਕੌਮ ਨੂੰ ਮੀਰੀ ਪੀਰੀ ਦੇ ਸਿਧਾਂਤ ਨਾਲ ਜੋੜ ਕੇ ਜੋ ਮਾਰਗ ਦਿਖਾਇਆ ਗਿਆ, ਉਹ ਅਧਿਆਤਮ ਨਾਲ ਜੁੜਨ ਦੇ ਨਾਲ-ਨਾਲ ਮਜਲੂਮਾਂ ਦੀ ਰੱਖਿਆ ਕਰਨ ਵਾਲਾ ਹੈ।
ਉਨ੍ਹਾਂ ਕਿਹਾ ਕਿ ਦੁਨੀਆ ਦੇ ਇਤਿਹਾਸ ਅੰਦਰ ਲੋਕ ਰੂਹਾਨੀਅਤ ਅਤੇ ਰਾਜਸੀ ਸ਼ਕਤੀ ਅੱਗੇ ਝੁਕਦੇ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਨੇ ਰੂਹਾਨੀਅਤ ਤਾਕਤ ਨਾਲ ਲੋਕਾਈ ਨੂੰ ਆਪਣੇ ਨਾਲ ਜੋੜਿਆ। ਉਨ੍ਹਾਂ ਕਿਹਾ ਕਿ ਛੇਵੇਂ ਪਾਤਸ਼ਾਹ ਨੇ ਰੂਹਾਨੀਅਤ ਦੇ ਨਾਲ-ਨਾਲ ਸਿੱਖਾਂ ਨੂੰ ਰਾਜਸੀ ਸ਼ਕਤੀ ਲਈ ਵੀ ਪ੍ਰੇਰਿਆ। ਰਾਜਸੀ ਸ਼ਕਤੀ ਤੇਗ ਦੀ ਧਾਰ ਵਿੱਚੋਂ ਹੀ ਪੈਦਾ ਹੁੰਦੀ ਹੈ ਅਤੇ ਇਹ ਉਦੋਂ ਸੰਭਵ ਹੁੰਦਾ ਹੈ, ਜਦੋਂ ਤੇਗ ਫੜਨ ਵਾਲੀ ਕੌਮ ਵਿਚ ਏਕਤਾ ਤੇ ਇਤਫਾਕ ਹੋਵੇ।
ਉਨ੍ਹਾਂ ਸਿੱਖ ਕੌਮ ਨੂੰ ਗੁਰੂ ਸਾਹਿਬ ਵੱਲੋਂ ਬਖ਼ਸ਼ਿਸ਼ ਕੀਤੇ ਸਿਧਾਂਤਾਂ ਨੂੰ ਸੰਭਾਲਣ ਦੀ ਅਪੀਲ ਕਰਦਿਆਂ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ ਦੀ ਪ੍ਰੇਰਣਾ ਕੀਤੀ ਅਤੇ ਆਪਣੀਆਂ ਰਵਾਇਤਾਂ ਤੇ ਪ੍ਰੰਪਰਾਵਾਂ ’ਤੇ ਪਹਿਰਾ ਦੇਣ ਲਈ ਆਖਿਆ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਛੇਵੇਂ ਪਾਤਸ਼ਾਹ ਜੀ ਦੇ ਮੀਰੀ ਪੀਰੀ ਦਿਵਸ ਦੀ ਸਿੱਖ ਸੰਗਤ ਨੂੰ ਵਧਾਈ ਦਿੱਤੀ।