Punjab News: ਪੰਜਾਬ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪਿਛਲੇ 25 ਦਿਨਾਂ ’ਚ 7660 ਨੌਜਵਾਨਾਂ ਨੂੰ ਨੌਕਰੀਆਂ ਦੇ ਕੇ ਨਵਾਂ ਰਿਕਾਰਡ ਬਣਾਇਆ ਹੈ। ਸਰਕਾਰ ਦਾ ਇਹ ਵੀ ਦਾਅਵਾ ਹੈ ਕਿ ਮਹਿਜ਼ 18 ਮਹੀਨਿਆਂ ਵਿੱਚ 36524 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।
ਸਰਕਾਰੀ ਦਾਅਵੇ ਮੁਤਾਬਕ ਪੰਜਾਬ ਦੀ ਖੁਸ਼ਹਾਲੀ ਤੇ ਬਿਹਤਰੀ ਲਈ ਲਾਮਿਸਾਲ ਤੇ ਇਤਿਹਾਸਕ ਪਹਿਲਕਦਮੀ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਕਾਰਜਕਾਲ ਦੇ ਮਹਿਜ਼ 18 ਮਹੀਨਿਆਂ ਵਿੱਚ ਸੂਬੇ ਦੇ ਨੌਜਵਾਨਾਂ ਨੂੰ 36524 ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਸੌਂਪ ਕੇ ਇੱਕ ਨਵੇਕਲਾ ਰਿਕਾਰਡ ਬਣਾਇਆ ਹੈ।
ਸੂਬੇ ਦੇ ਬਿਜਲੀ, ਸਿੱਖਿਆ, ਜੰਗਲਾਤ ਤੇ ਹੋਰ ਵਿਭਾਗਾਂ ਵਿੱਚ 427 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਸਬੰਧੀ ਸ਼ਨੀਵਾਰ ਨੰ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਇੱਕ ਮਾਅਰਕੇ ਵਾਲੀ ਪ੍ਰਾਪਤੀ ਹੈ ਕਿਉਂਕਿ ਪਿਛਲੀਆਂ ਸਰਕਾਰਾਂ ਨੇ ਆਪਣੇ ਕਾਰਜਕਾਲ ਦੇ ਇੰਨੇ ਥੋੜ੍ਹੇ ਸਮੇਂ ਵਿੱਚ ਅਜਿਹਾ ਕੋਈ ਮੀਲ ਪੱਥਰ ਸਥਾਪਤ ਨਹੀਂ ਕੀਤਾ।
ਇਹ ਵੀ ਪੜ੍ਹੋ: Manpreet singh badal case: ਗ੍ਰਿਫਤਾਰੀ ਦੇ ਡਰ ਤੋਂ ਖੜਕਾਇਆ ਅਦਾਲਤ ਦਾ ਬੂਹਾ, ਅਗਾਊਂ ਜ਼ਮਾਨਤ ਲਈ ਦਰਜ ਕੀਤੀ ਪਟੀਸ਼ਨ
ਉਨ੍ਹਾਂ ਦੱਸਿਆ ਕਿ 30 ਅਗਸਤ ਤੋਂ ਲੈ ਕੇ ਹੁਣ ਤੱਕ ਦੇ 25 ਦਿਨਾਂ ਵਿੱਚ ਸੂਬਾ ਸਰਕਾਰ ਵੱਲੋਂ ਸੂਬੇ ਦੇ 7660 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਨ੍ਹਾਂ ਵਿੱਚ 5714 ਆਂਗਨਵਾੜੀ ਵਰਕਰ, 710 ਪਟਵਾਰੀ, 560 ਪੁਲਿਸ ਤੇ ਹੋਰ ਵੱਖ-ਵੱਖ ਵਿਭਾਗਾਂ ਦੇ 249 ਤੇ 427 ਨੌਜਵਾਨ ਸ਼ਾਮਲ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸਮੁੱਚੀ ਭਰਤੀ ਪ੍ਰਕਿਰਿਆ ਪਾਰਦਰਸ਼ੀ ਤੇ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਈ ਗਈ ਹੈ, ਜਿਸ ਕਾਰਨ ਸਰਕਾਰੀ ਨੌਕਰੀਆਂ ਹਾਸਲ ਕਰਨ ਵਾਲੇ ਇਨ੍ਹਾਂ 36000 ਤੋਂ ਵੱਧ ਨੌਜਵਾਨਾਂ ਵਿੱਚੋਂ ਇੱਕ ਵੀ ਨਿਯੁਕਤੀ ਨੂੰ ਹੁਣ ਤੱਕ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲਈ ਇਹ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ’ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਉਪਰਾਲੇ ਦਾ ਵਾਹਦ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸੂਬੇ ਦੇ ਨੌਜਵਾਨ ਸੂਬੇ ਦੇ ਸਮਾਜਿਕ ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣ ਸਕਣ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ 18 ਮਹੀਨਿਆਂ ਵਿੱਚ ਨੌਕਰੀਆਂ ਦੇ ਕੇ ਹਰ ਮਹੀਨੇ 2000 ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦਾ ਰਿਕਾਰਡ ਕਾਇਮ ਕੀਤਾ ਹੈ।
ਉਨ੍ਹਾਂ ਕਿਹਾ ਕਿ ਇਹ ਇੱਕ ਰਿਕਾਰਡ ਹੈ ਕਿਉਂਕਿ ਪਿਛਲੀ ਕਿਸੇ ਵੀ ਸਰਕਾਰ ਨੇ ਆਪਣੇ ਕਾਰਜਕਾਲ ਦੇ ਸ਼ੁਰੂਆਤੀ ਮਹੀਨਿਆਂ ਵਿੱਚ ਨੌਜਵਾਨਾਂ ਨੂੰ ਇੰਨੀਆਂ ਨੌਕਰੀਆਂ ਨਹੀਂ ਦਿੱਤੀਆਂ। ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਯੋਗਤਾ ਤੇ ਪਾਰਦਰਸ਼ਤਾ ਵਾਲੀ ਦੋ-ਨੁਕਾਤੀ ਪ੍ਰਣਾਲੀ ਅਪਣਾਉਂਦਿਆਂ ਸੂਬੇ ਭਰ ਦੇ ਨੌਜਵਾਨਾਂ ਨੂੰ ਇਹ ਨੌਕਰੀਆਂ ਦਿੱਤੀਆਂ ਗਈਆਂ ਹਨ।
ਇਹ ਵੀ ਪੜ੍ਹੋ: Asian Games 2023: ਏਸ਼ਿਆਈ ਖੇਡਾਂ 'ਚ ਆਪਣਾ ਲੋਹਾ ਮਨਵਾਉਣਗੇ ਪੰਜਾਬ ਦੇ 58 ਖਿਡਾਰੀ, ਪੰਜਾਬ ਸਰਕਾਰ ਨੇ ਕੀਤਾ ਵੱਡਾ ਐਲਾਨ