ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਵਿੱਚ ਚੰਡੀਗੜ੍ਹ ਪੰਜਾਬ ਨੂੰ ਦੇਣ ਲਈ 7 ਵਾਰ ਮਤਾ ਆਇਆ ਹੈ। ਜਦੋਂਕਿ ਕਾਂਗਰਸ ਦੇ ਰਾਜ ਵਿੱਚ ਕਦੇ ਚੰਡੀਗੜ੍ਹ ਪੰਜਾਬ ਨੂੰ ਦੇਣ ਲਈ ਮਤਾ ਨਹੀਂ ਆਇਆ ਹੈ। ਇਸ ਦਾ ਖੁਲਾਸਾ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ ਵਿਧਾਨ ਸਭਾ ਵਿੱਚ ਕੀਤਾ। ਉਹ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚੰਡੀਗੜ੍ਹ ਪੰਜਾਬ ਨੂੰ ਦੇਣ ਤੇ ਕੇਂਦਰ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਤਕਰੇ ਖਿਲਾਫ ਪੇਸ਼ ਕੀਤੇ ਗਏ ਮਤੇ ਦੇ ਸਮਰਥਨ ਵਿੱਚ ਬੋਲ ਰਹੇ ਸਨ।
ਉਨ੍ਹਾਂ ਕਿਹਾ ਕਿ ਕੇਂਦਰ ਵਿੱਚ ਕਾਂਗਰਸ ਦੀ 26 ਸਾਲ ਸਰਕਾਰ ਰਹੀ ਹੈ। ਅਰੋੜਾ ਨੇ ਕਿ ਐਸਵਾਈਐਲ ਦੇ ਮੁੱਦੇ 'ਤੇ ਇੱਕ ਦਿਨ ਦੀ ਚਰਚਾ ਕਰਵਾਈ ਜਾਵੇ। ਅਰੋੜਾ ਨੇ ਕਿਹਾ ਕਿ ਕੇਂਦਰ ਦੇ ਖ਼ਿਲਾਫ਼ ਲੜਾਈ ਠੋਕ ਕੇ ਲੜਾਂਗੇ। ਅਰੋੜਾ ਨੇ ਕਿਹਾ ਕਿ ਨਾ ਅਸੀਂ ਈਡੀ ਤੋਂ ਡਰਦੇ ਹਾਂ।
ਦੱਸ ਦਈਏ ਕਿ ਚੰਡੀਗੜ੍ਹ ਪੰਜਾਬ ਨੂੰ ਦੇਣ ਲਈ ਸੀਐਮ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਵਿੱਚ ਮਤਾ ਪੇਸ਼ ਕੀਤਾ ਹੈ। ਮਤਾ ਪੇਸ਼ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਪੁਨਰਗਠਨ ਐਕਟ ਤਹਿਤ ਚੰਡੀਗੜ੍ਹ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਬਣਾਇਆ ਗਿਆ ਸੀ। ਪੰਜਾਬ ਦਾ ਕੁਝ ਹਿੱਸਾ ਚੰਡੀਗੜ੍ਹ ਨੂੰ ਦਿੱਤਾ ਗਿਆ ਸੀ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਹਾਲ ਹੀ ਵਿੱਚ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੀਆਂ ਅਸਾਮੀਆਂ ਲਈ ਸਾਰੀਆਂ ਸਰਕਾਰਾਂ ਨੂੰ ਕਿਹਾ ਹੈ। ਪਹਿਲਾਂ ਇਹ ਅਸਾਮੀਆਂ ਪੰਜਾਬ ਤੋਂ ਭਰੀਆਂ ਜਾਂਦੀਆਂ ਸਨ। ਚੰਡੀਗੜ੍ਹ ਵਿੱਚ ਵੀ ਕੇਂਦਰ ਨੇ ਬਾਹਰੋਂ ਅਧਿਕਾਰੀ ਤਾਇਨਾਤ ਕਰ ਦਿੱਤੇ ਹਨ। ਇਸ ਦੇ ਨਾਲ ਹੀ ਚੰਡੀਗੜ੍ਹ ਵਿੱਚ ਕੇਂਦਰੀ ਕਾਨੂੰਨ ਲਾਗੂ ਕਰ ਦਿੱਤਾ ਗਿਆ ਹੈ। ਚੰਡੀਗੜ੍ਹ ਨੂੰ ਪੰਜਾਬ ਦੀ ਰਾਜਧਾਨੀ ਬਣਾਇਆ ਗਿਆ ਸੀ।
ਉਨ੍ਹਾਂ ਕਿਹਾ ਕਿ ਜਦੋਂ ਵੀ ਕਿਸੇ ਸੂਬੇ ਦੀ ਵੰਡ ਹੋਈ ਤਾਂ ਰਾਜਧਾਨੀ ਮੂਲ ਰਾਜ ਕੋਲ ਹੀ ਰਹੀ। ਇਸ ਲਈ ਚੰਡੀਗੜ੍ਹ 'ਤੇ ਪੰਜਾਬ ਦਾ ਦਾਅਵਾ ਹੈ। ਇਸ ਤੋਂ ਪਹਿਲਾਂ ਵੀ ਸਦਨ ਨੇ ਚੰਡੀਗੜ੍ਹ ਪੰਜਾਬ ਨੂੰ ਦੇਣ ਲਈ ਕਈ ਮਤੇ ਪਾਸ ਕੀਤੇ। ਚੰਡੀਗੜ੍ਹ ਤੁਰੰਤ ਪੰਜਾਬ ਨੂੰ ਦੇਣ ਦਾ ਮਤਾ ਪਾਸ ਕੀਤਾ ਜਾ ਰਿਹਾ ਹੈ। ਕੇਂਦਰ ਨੂੰ ਕੋਈ ਅਜਿਹਾ ਕੰਮ ਨਹੀਂ ਕਰਨਾ ਚਾਹੀਦਾ ਜਿਸ ਨਾਲ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਤੇ ਚੰਡੀਗੜ੍ਹ ਦਾ ਸੰਤੁਲਨ ਵਿਗੜਦਾ ਹੋਵੇ।