ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੰਘਰਸ਼ ਕਰ ਰਹੇ ਅਧਿਆਪਕਾਂ ਨੂੰ ਮੁੜ ਝਟਕਾ ਦਿੱਤਾ ਹੈ। ਅਧਿਆਪਕਾਂ ਦੀ ਅੱਜ ਮੁੱਖ ਮੰਤਰੀ ਨਾਲ ਮੀਟਿੰਗ ਹੋਈ ਸੀ ਪਰ ਕੈਪਟਨ ਅਮਰਿੰਦਰ ਸਿੰਘ ਉਨ੍ਹਾਂ ਨੂੰ ਨਹੀਂ ਮਿਲੇ। ਅਧਿਆਪਕ ਜਥੇਬੰਦੀਆਂ ਨੇ ਕੈਬਨਿਟ ਮੰਤਰੀਆਂ ਨਾਲ ਆਪਣੀਆਂ ਮੰਗਾਂ ਸਬੰਧੀ ਬੈਠਕ ਕੀਤੀ ਪਰ ਉਨ੍ਹਾਂ ਨੂੰ ਕੋਈ ਸਪਸ਼ਟ ਜਵਾਬ ਨਹੀਂ ਮਿਲਿਆ।
ਸਰਕਾਰ ਅੱਠ ਮੈਂਬਰੀ ਕਮੇਟੀ ਬਣਾ ਦਿੱਤੀ ਹੈ ਜੋ ਤਿੰਨ ਮਹੀਨਿਆਂ ਵਿੱਚ ਰਿਪੋਰਟ ਦੇਵੇਗੀ। ਇਸ ਕਮੇਟੀ ਵਿੱਚ ਤਿੰਨ ਅਫਸਰ ਤੇ ਪੰਜ ਅਧਿਆਪਕ ਲੀਡਰ ਸ਼ਾਮਲ ਹੋਣਗੇ। ਯਾਦ ਰਹੇ ਅਧਿਆਪਕ ਆਪਣੀ ਤਨਖਾਹ ਕਟੌਤੀ ਖਿਲਾਫ ਸੰਘਰਸ਼ ਕਰ ਰਹੇ ਹਨ। ਸਰਕਾਰ ਨੇ ਅਧਿਆਪਕਾਂ ਨੂੰ ਪੱਕਾ ਕਰਨ ਦੇ ਨਾਂ 'ਤੇ ਇਨ੍ਹਾਂ ਦੀ ਤਨਖਾਹ 42000 ਤੋਂ ਘਟਾ ਕੇ 15,500 ਰੁਪਏ ਕਰ ਦਿੱਤੀ ਹੈ।
ਅੱਜ ਦੀ ਬੈਠਕ ਵਿੱਚ ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ, ਸੁਖਜਿੰਦਰ ਸਿੰਘ ਰੰਧਾਵਾ, ਓਮ ਪ੍ਰਕਾਸ਼ ਸੋਨੀ ਤੇ ਬ੍ਰਹਮਮਹਿੰਦਰਾ ਮੌਜੂਦ ਸਨ। ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਕਿਹਾ ਕਿ ਅਧਿਆਪਕਾਂ ਦੀਆਂ ਮੰਗਾਂ ਸਬੰਧੀ ਅੱਠ ਮੈਂਬਰੀ ਕਮੇਟੀ ਦਾ ਗਠਨ ਕੀਤਾ ਜਾਵੇਗਾ। ਇਸ ਵਿੱਚ ਤਿੰਨ ਅਫ਼ਸਰ ਤੇ ਬਾਕੀ ਅਧਿਆਪਕ ਹੋਣਗੇ।
ਸੋਨੀ ਨੇ ਕਿਹਾ ਕਿ ਕਮੇਟੀ 90 ਦਿਨਾਂ ਤਕ ਆਪਣੀ ਰਿਪੋਰਟ ਪੇਸ਼ ਕਰੇਗੀ। ਇਸ ਤੋਂ ਬਾਅਦ ਸਰਕਾਰ ਵੱਲੋਂ ਅਧਿਆਪਕਾਂ ਦੀਆਂ ਮੰਗਾਂ ’ਤੇ ਵਿਚਾਰ ਵਟਾਂਦਰਾ ਕੀਤਾ ਜਾਏਗਾ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਆਉਣ ਵਾਲੀ ਕੈਬਨਿਟ ਦੀ ਬੈਠਕ ਵਿੱਚ ਵੀ ਅਧਿਆਪਕਾਂ ਦੀਆਂ ਮੰਗਾਂ ਤੇ ਚਰਚਾ ਹੋਵੇਗੀ।