ਅੰਮ੍ਰਿਤਸਰ: ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮਨਾਉਣ ਲਈ ਤੇ ਹੋਰ ਗੁਰਧਾਮਾਂ ਦੇ ਦਰਸ਼ਨ-ਦੀਦਾਰੇ ਕਰਨ ਲਈ ਜਥਾ ਰਵਾਨਾ ਕੀਤਾ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 839 ਸਿੱਖ ਸ਼ਰਧਾਲੂਆਂ ਦਾ ਜਥਾ ਖ਼ਾਲਸਾਈ ਜੈਕਾਰਿਆਂ ਦੀ ਗੂੰਜ ’ਚ ਸ਼੍ਰੋਮਣੀ ਕਮੇਟੀ ਦਫਤਰ ਤੋਂ ਰਵਾਨਾ ਕੀਤਾ ਗਿਆ।



ਜਥੇ ਦੀ ਰਵਾਨਗੀ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਤੇ ਗਿਆਨੀ ਗੁਰਮਿੰਦਰ ਸਿੰਘ ਸਮੇਤ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਕੀਤੀ। ਰਵਿੰਦਰ ਸਿੰਘ ਨੇ ਕਿਹਾ ਕਿ ਪਾਕਿਸਤਾਨ ਅੰਦਰ ਸਿੱਖ ਕੌਮ ਦੇ ਅਨੇਕਾਂ ਗੁਰਦੁਆਰਾ ਸਾਹਿਬਾਨ ਸੁਸ਼ੋਭਿਤ ਹਨ, ਜਿਨ੍ਹਾਂ ਦੇ ਦਰਸ਼ਨ ਕਰਨ ਲਈ ਹਰ ਸਿੱਖ ਰੋਜ਼ਾਨਾ ਅਰਦਾਸ ਕਰਦਾ ਹੈ।



ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ ਨੇ ਦੱਸਿਆ ਕਿ ਖ਼ਾਲਸਾ ਦਾ ਸਾਜਣਾ ਦਿਵਸ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੇਂਦਰ ਸਰਕਾਰ ਤੇ ਪਾਕਿਸਤਾਨ ਅੰਬੈਸੀ ਨੂੰ 872 ਪਾਸਪੋਰਟ ਭੇਜੇ ਗਏ ਸਨ, ਜਿਨ੍ਹਾਂ ਵਿਚੋਂ 839 ਸ਼ਰਧਾਲੂਆਂ ਨੂੰ ਵੀਜ਼ੇ ਮਿਲੇ ਹਨ ਜਦਕਿ 33 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਨਹੀਂ ਹੋਏ।