Punjab News: ਆਮ ਆਦਮੀ ਪਾਰਟੀ ਦੇ ਸਪੀਕਰ ਸਣੇ 92 ਵਿਧਾਇਕ ਹਨ ਪਰ ਸੋਮਵਾਰ ਨੂੰ ਵਿਧਾਨ ਸਭਾ ਵਿੱਚ ਭਰੋਸਗੀ ਮਤੇ 'ਤੇ ਪਾਰਟੀ ਨੂੰ 93 ਵੋਟ ਪੈ ਗਏ। ਇਹ ਮਾਮਲਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਕਾਂਗਰਸ ਦੇ ਸੀਨੀਅਰ ਲੀਡਰ ਸੁਖਪਾਲ ਖਹਿਰਾ ਦਾ ਕਹਿਣਾ ਹੈ ਕਿ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਆਪਣੀ ਵੋਟ ਵੀ ਜੋੜ ਲਈ ਜੋ ਗਲਤ ਹੈ।
ਦੱਸ ਦਈਏ ਕਿ ਪੰਜਾਬ ਅਸੈਂਬਲੀ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੇਸ਼ ‘ਭਰੋਸਗੀ ਮਤੇ’ ਨੂੰ ਸੋਮਵਾਰ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ਮਤੇ ’ਤੇ ਹੋਈ ਵੋਟਿੰਗ ਦੌਰਾਨ ਕਾਂਗਰਸੀ ਵਿਧਾਇਕਾਂ ਨੇ ਵਾਕਆਊਟ ਕੀਤਾ। ਹਾਕਮ ਪਾਰਟੀ ‘ਆਪ’ ਦੇ 91 ਵਿਧਾਇਕਾਂ ਨੇ ਮਤੇ ਦੇ ਹੱਕ ਵਿੱਚ ਹੱਥ ਖੜ੍ਹੇ ਕੀਤੇ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਭਰੋਸਗੀ ਮਤੇ ਨੂੰ 93 ਵਿਧਾਇਕਾਂ ਦੀ ਹਮਾਇਤ ਹੋਣ ਦਾ ਦਾਅਵਾ ਕੀਤਾ। ਇਸ ਮਗਰੋਂ ਨਵੀਂ ਚਰਚਾ ਛਿੜ ਗਈ।
ਉਧਰ, ਇਹ ਵੀ ਦੱਸਿਆ ਜਾ ਰਿਹਾ ਹੈ ਕਿ ਸਦਨ ਵਿੱਚ ਉਸ ਵੇਲੇ ਮੌਜੂਦ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਇੱਕ-ਇੱਕ ਵਿਧਾਇਕ ਨੇ ਮਤੇ ਦਾ ਵਿਰੋਧ ਨਹੀਂ ਕੀਤਾ। ਭਾਜਪਾ ਵਿਧਾਇਕ ਇਜਲਾਸ ਦੇ ਬਾਈਕਾਟ ਕਰਕੇ ਪਹਿਲਾਂ ਹੀ ਸਦਨ ’ਚੋਂ ਗ਼ੈਰਹਾਜ਼ਰ ਸਨ।
ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਲੋਕਾਂ ਦੇ ਵਿਸ਼ਵਾਸ ਦੀ ਜਿੱਤ ਹੋਈ ਹੈ ਤੇ ਲੋਕਾਂ ਵੱਲੋਂ ਦਿੱਤੇ ਗਏ ਫਤਵੇ ਨੂੰ ਖਰੀਦਣ ਦੀਆਂ ਕੋਝੀਆਂ ਚਾਲਾਂ ਚੱਲਣ ਵਾਲੀਆਂ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਮਿਲਿਆ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਵਿੱਚ ਭਰੋਸਗੀ ਮਤਾ ਇਹ ਦੱਸਣ ਲਈ ਲਿਆਂਦਾ ਗਿਆ ਸੀ ਕਿ ਸਰਕਾਰ ਵਿਚ ਲੋਕਾਂ ਦਾ ਪੂਰਨ ਵਿਸ਼ਵਾਸ ਹੈ। ਉਨ੍ਹਾਂ ਕਿਹਾ ਕਿ ਮਤੇ ਦੇ ਪਾਸ ਹੋਣ ਨਾਲ ਸਾਬਤ ਹੋ ਗਿਆ ਹੈ ਕਿ ਦੇਸ਼ ਦੀ ਜਮਹੂਰੀਅਤ ਨੂੰ ਪੈਸੇ ਜਾਂ ਧੌਂਸ ਨਾਲ ਨਹੀਂ ਖਰੀਦਿਆ ਜਾ ਸਕਦਾ। ਇਸ ਇਤਿਹਾਸਕ ਫਤਵੇ ਨਾਲ ਸੂਬਾ ਸਰਕਾਰ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਹੋਰ ਵੀ ਤਨਦੇਹੀ ਨਾਲ ਉਪਰਾਲੇ ਕਰੇਗੀ।
ਮੁੱਖ ਮੰਤਰੀ ਨੇ ਦੇਸ਼ ਵਿੱਚ ਜਮਹੂਰੀਅਤ ਦੇ ਕਤਲ ਲਈ ਘੜੀਆਂ ਜਾ ਰਹੀਆਂ ਸਾਜ਼ਿਸ਼ਾਂ ਨੂੰ ਦੇਸ਼ ਲਈ ਵੱਡਾ ਖਤਰਾ ਦੱਸਿਆ। ਉਨ੍ਹਾਂ ਕਿਹਾ ਕਿ ਕਾਂਗਰਸ ਤੇ ਭਾਜਪਾ ਪਿਛਲੇ ਦਰਵਾਜ਼ੇ ਰਾਹੀਂ ਸੱਤਾ ਹਥਿਆ ਕੇ ਜਮਹੂਰੀ ਕਦਰਾਂ-ਕੀਮਤਾਂ ਦਾ ਘਾਣ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਸਰਮਾਏਦਾਰਾਂ ਤੇ ਤਾਕਤਵਰ ਲੋਕਾਂ ਨੇ ਜਮਹੂਰੀਅਤ ਦਾ ਮਜ਼ਾਕ ਬਣਾ ਕੇ ਰੱਖ ਦਿੱਤਾ ਹੈ। ਭਾਜਪਾ ਮੁਲਕ ਵਿੱਚ ਪਿਛਲੇ ਦਰਵਾਜ਼ੇ ਰਾਹੀਂ ਸੂਬਿਆਂ ਵਿੱਚ ਸਰਕਾਰਾਂ ਬਣਾਉਣ ਦੀ ਕਲਾ ਵਿੱਚ ਮੁਹਾਰਤ ਹਾਸਲ ਕਰ ਰਹੀ ਹੈ ਤੇ ਬਦਕਿਸਮਤੀ ਨਾਲ ਕਾਂਗਰਸ ਇਸ ਦਾ ਸਭ ਤੋਂ ਵੱਧ ਸ਼ਿਕਾਰ ਹੋਣ ਦੇ ਬਾਵਜੂਦ ਸਮਰਥਨ ਕਰ ਰਹੀ ਹੈ।