ਚੰਡੀਗੜ੍ਹ: ਖਬਰਾਂ ਆਈਆਂ ਸੀ ਕਿ ਪੰਜਾਬ ਵਿੱਚੋਂ ਹੋਏ ਜ਼ਰਦਸਤ ਵਿਰੋਧ ਮਗਰੋਂ ਮੋਦੀ ਸਰਕਾਰ ਨੇ 97 ਮਾਲ ਗੱਡੀਆਂ ਦੀ ਆਵਾਜਾਈ ਬਹਾਲ ਕਰ ਦਿੱਤੀ ਹੈ ਪਰ ਹੁਣ ਰੇਲਵੇ ਨੇ ਮੁੜ ਇਨਕਾਰ ਕਰ ਦਿੱਤਾ ਹੈ। ਰੇਲਵੇ ਨੇ ਵੀਰਵਾਰ ਨੂੰ ਕਿਹਾ ਹੈ ਕਿ ਪੰਜਾਬ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਕਾਰਨ ਪੰਜਾਬ ਵਿੱਚ ਰੇਲ ਆਵਾਜਾਈ ਇੱਕ ਵਾਰ ਫੇਰ ਤੋਂ ਰੁਕ ਗਈ ਹੈ। ਉੱਤਰੀ ਰੇਲਵੇ ਦੇ ਬੁਲਾਰੇ ਨੇ ਵੀਰਵਾਰ ਨੂੰ ਕਿਹਾ ਕਿ ਅੰਦੋਲਨ ਪ੍ਰਭਾਵਿਤ ਸੂਬੇ ਵਿੱਚ ਰੇਲਵੇ ਦੇ ਕੰਮਕਾਜ ਬਹਾਲ ਨਹੀਂ ਕੀਤੇ ਗਏ ਹਨ।
ਉੱਤਰੀ ਰੇਲਵੇ ਦੇ ਮੁੱਖ ਲੋਕ ਸੰਪਰਕ ਅਧਿਕਾਰੀ ਦੀਪਕ ਕੁਮਾਰ ਨੇ ਕਿਹਾ, “ਕੁਝ ਖਬਰਾਂ ਪ੍ਰਕਾਸ਼ਤ ਹੋਈਆਂ ਹਨ ਕਿ ਪੰਜਾਬ ਵਿੱਚ ਰੇਲ ਸੇਵਾਵਾਂ ਦੁਬਾਰਾ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇੱਕ ਵਾਰ ਫਿਰ ਸਪੱਸ਼ਟ ਕੀਤਾ ਗਿਆ ਹੈ ਕਿ ਇਹ ਝੂਠੀਆਂ ਖ਼ਬਰਾਂ ਤੋਂ ਇਲਾਵਾ ਕੁਝ ਵੀ ਨਹੀਂ ਹੈ ਤੇ ਰੇਲ ਗੱਡੀਆਂ ਇਸ ਵੇਲੇ ਨਹੀਂ ਚੱਲ ਰਹੀਆਂ।"
ਦੱਸ ਦਈਏ ਕਿ ਇਸ ਤੋਂ ਪਹਿਲਾਂ ਭਾਰਤ ਦੇ ਰੇਲ ਮੰਤਰੀ ਪਿਯੂਸ਼ ਗੋਇਲ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਚਾਲੇ ਇਸ ਮਾਮਲੇ ਨੂੰ ਲੈ ਕੇ ਚਿੱਠੀਆਂ ਦਾ ਆਦਾਨ-ਪ੍ਰਦਾਨ ਹੋਇਆ ਸੀ। ਇਸ ਤੋਂ ਇਲਾਵਾ ਸਾਰੀਆਂ ਸਿਆਸੀ ਪਾਰਟੀਆਂ ਤੇ ਕਿਸਾਨ ਜਥੇਬੰਦੀਆਂ ਨੇ ਕੇਂਦਰ ਵੱਲੋਂ ਮਾਲ ਗੱਡੀਆਂ ਰੋਕਣ ਦਾ ਵਿਰੋਧ ਕੀਤਾ ਸੀ।
ਕੇਂਦਰ ਦੇ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਵਿੱਚ ਕਿਸਾਨਾਂ ਵੱਲੋਂ ਰੇਲ ਪਟੜੀਆਂ ’ਤੇ ਚੱਲ ਰਹੇ ਧਰਨਿਆਂ ਕਾਰਨ ਲੰਘੀ 26 ਅਕਤੂਬਰ ਨੂੰ ਰੇਲ ਮੰਤਰੀ ਨੇ ਪੰਜਾਬ ਸਰਕਾਰ ਤੋਂ ਰੇਲ ਗੱਡੀਆਂ ਤੇ ਉਨ੍ਹਾਂ ਦੇ ਕਰਮਚਾਰੀਆਂ ਦੀ ਸੁਰੱਖਿਆ ਦਾ ਭਰੋਸਾ ਲੈਣਾ ਚਾਹਿਆ ਸੀ। ਰੇਲ ਮੰਤਰੀ ਨੇ ਤਦ ਸਪੱਸ਼ਟ ਕੀਤਾ ਸੀ ਕਿ ਇਹ ਭਰੋਸਾ ਮਿਲਣ ਤੋਂ ਬਾਅਦ ਹੀ ਮਾਲ ਗੱਡੀਆਂ ਦੀ ਆਵਾਜਾਈ ਬਹਾਲ ਕੀਤੀ ਜਾ ਸਕਦੀ ਹੈ। ਉਸ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰੇਲ ਮੰਤਰੀ ਨੂੰ ਇਸ ਮਾਮਲੇ ’ਚ ਦਖ਼ਲ ਦੇਣ ਲਈ ਆਖਿਆ ਸੀ।
ਮੋਦੀ ਸਰਕਾਰ ਦੀ ਸਖਤੀ ਮਗਰੋਂ ਪੰਜਾਬ 'ਚ ਸਿਆਸੀ ਉਬਾਲ, ਬੀਜੇਪੀ ਦੀ ਹਾਲਤ ਖਰਾਬ
ਮੋਦੀ ਸਰਕਾਰ ਵੱਲੋਂ ਪੰਜਾਬ ਨੂੰ ਇਕ ਹੋਰ ਵੱਡਾ ਝਟਕਾ ਦੇਣ ਦੀ ਤਿਆਰੀ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ