ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ‘ਆਪ’ ਸਰਕਾਰ ਨੇ ਕਿਸੇ ਵੀ ਨਕਾਰੇ ਹੋਏ ਵਿਅਕਤੀ ਨੂੰ ਰਾਜ ਸਭਾ ਵਿਚ ਨਹੀਂ ਭੇਜਿਆ, ਜਿਵੇਂ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਕਰਦੇ ਰਹੇ ਹਨ। ਉਨ੍ਹਾਂ ਨੇ ਸੂਬੇ ਵਿੱਚੋਂ ਰਾਜ ਸਭਾ ਮੈਂਬਰਾਂ ਦੀ ਚੋਣ ਬਾਰੇ ਪ੍ਰਾਪੇਗੰਡਾ ਕਰਨ ਦੇ ਇਲਜ਼ਾਮ ਲਾਉਂਦਿਆਂ ਵਿਰੋਧੀਆਂ ਨੂੰ ਕਰਾਰੇ ਹੱਥੀਂ ਲਿਆ। 


ਉਨ੍ਹਾਂ ਕਿਹਾ ਕਿ ਅੱਜ ਜਿਹੜੇ ਰਾਜ ਸਭਾ ਮੈਂਬਰਾਂ ਦੀ ਚੋਣ ਉਤੇ ਸਵਾਲ ਚੁੱਕ ਰਹੇ ਹਨ, ਉਨ੍ਹਾਂ ਨੂੰ ਚੇਤੇ ਰੱਖਣਾ ਚਾਹੀਦਾ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਪੰਜਾਬ ਨਾਲ ਸਬੰਧਤ ਹੋਣ ਦੇ ਬਾਵਜੂਦ ਅਸਾਮ ਤੇ ਰਾਜਸਥਾਨ ਤੋਂ ਰਾਜ ਸਭਾ ਮੈਂਬਰ ਰਹੇ ਹਨ।


ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਸਦਨ ਵਿੱਚ ਕਿਹਾ ਕਿ ਭ੍ਰਿਸ਼ਟ ਆਗੂਆਂ ਨੂੰ ਭੁਲੇਖਾ ਹੈ ਕਿ ਉਹ ਕਿਸੇ ਵੱਡੀ ਪਾਰਟੀ ’ਚ ਸ਼ਾਮਲ ਹੋ ਕੇ ਬਚ ਜਾਣਗੇ ਪਰ ਉਨ੍ਹਾਂ ਨੂੰ ਜੇਲ੍ਹ ਦੀ ਹਵਾ ਖਾਣੀ ਪਵੇਗੀ। ਲੁੱਟ ਦੇ ਪੈਸੇ ਦੀ ਕੀਮਤ ਭ੍ਰਿਸ਼ਟ ਲੀਡਰਾਂ ਨੂੰ ਚੁਕਾਉਣੀ ਪਵੇਗੀ ਤੇ ਬੇਨਾਮੀ ਜਾਇਦਾਦਾਂ ਬਣਾਉਣ ਵਾਲਿਆਂ ਨੂੰ ਬੇਪਰਦ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਲੁੱਟਣ ਵਾਲੇ ਹੁਣ ਆਪਣੇ ਗੁਨਾਹਾਂ ਦੀ ਸਜ਼ਾ ਤੋਂ ਬਚਣ ਲਈ ਹੱਥ-ਪੈਰ ਮਾਰ ਰਹੇ ਹਨ। ਜਿਨ੍ਹਾਂ ਖਿਲਾਫ਼ ਕੋਈ ਕੇਸ ਦਰਜ ਵੀ ਨਹੀਂ ਹੋਇਆ, ਉਹ ਮਨ ਵਿਚ ਪਾਲਾ ਹੋਣ ਕਰਕੇ ਪਹਿਲਾਂ ਹੀ ਅਦਾਲਤਾਂ ਵਿਚ ਚਲੇ ਗਏ ਹਨ।


ਮੁੱਖ ਮੰਤਰੀ ਨੇ ਕਿਹਾ ਕਿ ਅੰਨ੍ਹੀ ਲੁੱਟ ਕਰਨ ਵਾਲੇ ਅੱਜ ਵੀ ਚੰਡੀਗੜ੍ਹ ਵਿਚ ਸਰਕਾਰੀ ਕੋਠੀਆਂ ਤੇ ਫਲੈਟਾਂ ਦੀ ਝਾਕ ਲਾਈ ਬੈਠੇ ਹਨ। ਜਿਨ੍ਹਾਂ ਕੋਲ ਐਨਟਾਈਟਲਮੈਂਟ ਹੈ, ਉਨ੍ਹਾਂ ਨੂੰ ਰਿਹਾਇਸ਼ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਦੇ ਪੈਸੇ ਦੀ ਲੁੱਟ ਰੋਕ ਕੇ ਸੂਬੇ ਦੇ ਵਿਕਾਸ ਤੇ ਖੁਸ਼ਹਾਲੀ ’ਤੇ ਇੱਕ ਇੱਕ ਪੈਸਾ ਖਰਚ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਾਲੀਆ ਜੁਟਾਉਣਾ ਤੇ ਕਰਜ਼ਾ ਘਟਾਉਣਾ, ਸਰਕਾਰ ਦੀ ਤਰਜੀਹ ਹੋਵੇਗੀ ਤੇ ਮਾਲੀ ਵਸੀਲਿਆਂ ਦੀ ਲੀਕੇਜ ਨੂੰ ਬੰਦ ਕੀਤਾ ਜਾਵੇਗਾ।