ਪੰਜਾਬ ਦੇ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲ ਮੁੜ ਸਿੰਗਾਪੁਰ ਟ੍ਰੇਨਿੰਗ ਲਈ ਜਾ ਰਹੇ ਹਨ। ਇਸ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ 23 ਜੁਲਾਈ ਨੂੰ ਸਕੂਲ ਪ੍ਰਿੰਸੀਪਲਾਂ ਦੇ 2 ਗਰੁੱਪਾਂ ਨੂੰ ਸਿੰਗਾਪੁਰ ਭੇਜਿਆ ਜਾਵੇਗਾ ਤਾਂ ਜੋ ਉਹ ਉਥੋਂ ਦੀ ਸਿੱਖਿਆ ਪ੍ਰਣਾਲੀ ਨੂੰ ਦੇਖ ਕੇ ਨਵਾਂ ਅਨੁਭਵ ਲੈ ਸਕਣ । 


ਭਗਵੰਤ ਮਾਨ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਕੁਝ ਅਧਿਆਪਕਾਂ ਨੂੰ ਇਸੇ ਤਰ੍ਹਾਂ ਦੀ ਸਿਖਲਾਈ ਲਈ ਸਿੰਗਾਪੁਰ ਭੇਜਿਆ ਗਿਆ ਸੀ ਅਤੇ ਇਸ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਅਧਿਆਪਕ ਸਿੱਖਿਆ ਦੇ ਖੇਤਰ ਵਿੱਚ ਵਿਸ਼ਵ ਭਰ ਵਿੱਚ ਪ੍ਰਚਲਿਤ ਉੱਨਤ ਅਭਿਆਸ ਬਾਰੇ ਜਾਣ ਸਕਣ ਅਤੇ ਉਸ ਮੁਹਾਰਤ ਨੂੰ ਸੂਬੇ ਦੇ ਵਿਦਿਆਰਥੀਆਂ ਨਾਲ ਸਾਂਝਾ ਕਰ ਸਕਣ।



ਪੰਜਾਬ ਸਰਕਾਰ ਨੇ ਸਭ ਤੋਂ ਪਹਿਲਾਂ ਸਿੰਗਾਪੁਰ ਵਿੱਚ ਪ੍ਰਿੰਸੀਪਲਾਂ ਦਾ ਜਥਾ 4 ਫਰਵਰੀ ਨੂੰ ਭੇਜਿਆ ਸੀ। ਇਸ ਤੋਂ ਬਾਅਦ ਦੂਸਰਾ ਜਥਾ 4 ਮਾਰਚ ਨੂੰ ਰਵਾਨਾ ਹੋਇਆ ਸੀ। ਪਹਿਲੇ ਜਥੇ ਵਿੱਚ 36 ਅਤੇ ਦੂਸਰੇ ਜਥੇ ਵਿੱਚ 30 ਪ੍ਰਿੰਸੀਪਲ ਸ਼ਾਮਲ ਕੀਤੇ ਗਏ ਸਨ। ਤੀਸਰੇ ਜਥੇ ਵਿੱਚ ਕਿੰਨੇ ਪ੍ਰਿੰਸੀਪਲ ਜਾਣਗੇ ਇਸ ਬਾਰੇ ਹਾਲੇ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ। 


ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਦੀ 70 ਸਾਲ ਤੋਂ ਵੱਧ ਪੁਰਾਣੀ ਚੱਲੀ ਆ ਰਹੀ ਸਿੱਖਿਆ ਪ੍ਰਣਾਲੀ ਵਿੱਚ ਵੱਡੇ ਪੱਧਰ ਉੱਤੇ ਸੁਧਾਰ ਲਿਆਉਣ ਲਈ ਉਨ੍ਹਾਂ ਦੀ ਸਰਕਾਰ ਸਿੱਖਿਆ ਖੇਤਰ ਦੀ ਕਾਇਆ ਕਲਪ ਲਈ ਠੋਸ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਿੱਖਿਆ ਨੂੰ ਹੁਲਾਰਾ ਦੇਣ ਲਈ ਬੁਨਿਆਦੀ ਢਾਂਚੇ ਅਤੇ ਮਨੁੱਖੀ ਵਸੀਲਿਆਂ ਦੇ ਵਿਕਾਸ 'ਤੇ ਪੂਰਾ ਧਿਆਨ ਦਿੱਤਾ ਜਾ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ, ਦੇਸ਼ ਭਰ ਵਿੱਚ ਮਿਆਰੀ ਸਿੱਖਿਆ ਦਾ ਕੇਂਦਰ ਬਣ ਕੇ ਉਭਰੇਗਾ।


ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਜਲਦ ਹੀ ਸਰਕਾਰੀ ਸਕੂਲਾਂ ਵਿੱਚ ਪੜ੍ਹਦੀਆਂ ਵਿਦਿਆਰਥਣਾਂ ਲਈ ਬੱਸ ਸੇਵਾ ਸ਼ੁਰੂ ਕਰੇਗੀ। ਉਨ੍ਹਾਂ ਕਿਹਾ ਕਿ ਇਸ ਸਕੀਮ ਦਾ ਉਦੇਸ਼ ਵਿਦਿਆਰਥਣਾਂ ਨੂੰ ਸਰਕਾਰੀ ਸਕੂਲਾਂ ਵਿੱਚ ਆਪਣੀ ਪੜ੍ਹਾਈ ਪੂਰੀ ਕਰਨ ਲਈ ਸਹੂਲਤ ਪ੍ਰਦਾਨ ਕਰਨਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਕਦਮ ਇਨ੍ਹਾਂ ਸਕੂਲਾਂ ਵਿੱਚ ਪੜ੍ਹਦੀਆਂ ਲੜਕੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਏਗਾ ਤਾਂ ਜੋ ਉਹ ਸਿੱਖਿਆ ਦੇ ਖੇਤਰ ਵਿੱਚ ਸੂਬੇ ਦਾ ਨਾਂ ਰੌਸ਼ਨ ਕਰ ਸਕਣ।