Punjab News: ਸਿੱਖ ਬੰਦੀਆਂ ਸਮੇਤ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਾਰੇ ਕੈਦੀਆਂ ਦੀ ਫੌਰੀ ਰਿਹਾਅ ਲਈ ਅੱਜ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵੱਲੋਂ ਵੱਡਾ ਐਕਸ਼ਨ ਕੀਤਾ ਜਾ ਰਿਹਾ ਹੈ। ਕਿਸਾਨ ਯੂਨੀਅਨ ਵੱਲੋਂ ਅੱਜ 19 ਜ਼ਿਲ੍ਹਿਆਂ ਵਿੱਚ 20 ਥਾਵਾਂ ’ਤੇ ਧਰਨੇ ਲਾਏ ਜਾ ਰਹੇ ਹਨ। ਇਸ ਦੇ ਐਲਾਨ ਕਿਸਾਨ ਯੂਨੀਅਨ ਵੱਲੋਂ ਕੁਝ ਦਿਨ ਪਹਿਲਾਂ ਕੀਤਾ ਗਿਆ ਸੀ।
ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਨੇ ਦੱਸਿਆ ਕਿ ਇਨ੍ਹਾਂ ਧਰਨਿਆਂ ਮੌਕੇ ਪ੍ਰਧਾਨ ਮੰਤਰੀ ਤੇ ਰਾਸ਼ਟਰਪਤੀ ਦੇ ਨਾਂ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪ ਕੇ ਮੰਗ ਕੀਤੀ ਜਾਵੇਗੀ ਕਿ ਸਿੱਖ ਕੈਦੀਆਂ ਸਮੇਤ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਾਰੇ ਕੈਦੀਆਂ ਨੂੰ ਫੌਰੀ ਰਿਹਾਅ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਅਦਾਲਤੀ ਸੁਣਵਾਈ ਤੋਂ ਬਿਨਾਂ ਹੀ ਸਾਲਾਂਬੱਧੀ ਜੇਲ੍ਹਾਂ ’ਚ ਬੰਦ ਕੈਦੀਆਂ ਦੀ ਸੁਣਵਾਈ ਸ਼ੁਰੂ ਕੀਤੀ ਜਾਵੇ ਤੇ ਬਣਦੀ ਕਾਨੂੰਨੀ ਸਜ਼ਾ ਤੋਂ ਵੱਧ ਸਮਾਂ ਜੇਲ੍ਹ ’ਚ ਕੱਟਣ ਵਾਲਿਆਂ ਨੂੰ ਢੁੱਕਵਾਂ ਮੁਆਵਜ਼ਾ ਦਿੱਤਾ ਜਾਵੇ। ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਤੋਂ ਇਲਾਵਾ ਸੰਯੁਕਤ ਕਿਸਾਨ ਮੋਰਚਾ ਵੀ ਬੰਦੀ ਸਿੰਘਾਂ ਦੀ ਰਿਹਾਈ ਲਈ ਹਮਾਇਤ ਦੇ ਰਿਹਾ ਹੈ।
ਸਜ਼ਾਵਾਂ ਪੂਰੀਆਂ ਕਰ ਚੁੱਕੇ ਸਭਨਾਂ ਜਾਤਾਂ, ਧਰਮਾਂ ਤੇ ਇਲਾਕਿਆਂ ਦੇ ਕੈਦੀਆਂ ਦੇ ਮਨੁੱਖੀ ਅਧਿਕਾਰਾਂ ਦੇ ਵਡੇਰੇ ਪ੍ਰਸੰਗ 'ਚ ਦੇਖਿਆਂ ਸੌੜੇ ਧਾਰਮਿਕ ਅਤੇ ਫਿਰਕੂ ਪੈਂਤੜੇ ਦੀ ਥਾਂ ਇਸ ਮੁੱਦੇ ਨੂੰ ਧਰਮ ਨਿਰਪੱਖ ਅਤੇ ਜਮਹੂਰੀ ਪੈਂਤੜੇ ਤੋਂ ਉਠਾਉਣਾ ਹੀ ਸੰਘਰਸ਼ ਦਾ ਸਿੱਕੇਬੰਦ ਪੈਂਤੜਾ ਬਣਦਾ ਹੈ। ਕਰਨਾਟਕ ਜੇਲ੍ਹ ਤੋਂ ਪੈਰੋਲ 'ਤੇ ਆਏ ਅਜਿਹੇ ਪੀੜਤ ਕੈਦੀ ਗੁਰਦੀਪ ਸਿੰਘ ਖੇੜਾ ਨੇ ਵੀ ਇਸ ਪੈਂਤੜੇ ਉੱਪਰ ਹੀ ਮੋਹਰ ਲਾਈ ਹੈ।
ਜਥੇਬੰਦੀ ਵੱਲੋਂ ਤਾਂ ਪਹਿਲਾਂ ਤੋਂ ਹੀ ਇਸ ਪੈਂਤੜੇ ਤਹਿਤ ਆਵਾਜ਼ ਉਠਾਈ ਜਾਂਦੀ ਰਹੀ ਹੈ। ਹੁਣ ਸਾਲ ਦੇ ਅੰਦਰ ਅੰਦਰ ਹੀ ਮਨੁੱਖੀ ਅਧਿਕਾਰ ਦਿਵਸ ਮੌਕੇ 10 ਦਸੰਬਰ 2021 ਨੂੰ ਟਿਕਰੀ ਬਾਰਡਰ ਦਿੱਲੀ ਵਿਖੇ ਅਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ 28 ਸਤੰਬਰ 2022 ਨੂੰ ਬਰਨਾਲਾ ਵਿਖੇ ਬੇਸ਼ੁਮਾਰ ਇਕੱਠਾਂ ਵਿੱਚ ਇਨ੍ਹਾਂ ਮੰਗਾਂ ਸੰਬੰਧੀ ਮਤੇ ਪਾਸ ਕਰਕੇ ਜ਼ੋਰਦਾਰ ਆਵਾਜ਼ ਉਠਾਈ ਜਾ ਚੁੱਕੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।