Punjab News: ਕੋਟਕਪੂਰਾ 'ਚ ਡੇਰਾ ਪ੍ਰੇਮੀ ਪ੍ਰਦੀਪ ਦੇ ਕਤਲ ਦੀਆਂ ਤਾਰਾਂ ਗੈਂਗਸਟਰਾਂ ਨਾਲ ਹੀ ਜੁੜ ਰਹੀਆਂ ਹਨ। ਪੁਲਿਸ ਦੀ ਮੁੱਢਲੀ ਜਾਂਚ ਵਿੱਚ ਸੰਕੇਤ ਮਿਲੇ ਹਨ ਕਿ ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ਾਰਪ ਸ਼ੂਟਰਾਂ ਨੇ ਹੀ ਡੇਰਾ ਪ੍ਰੇਮੀ ਪ੍ਰਦੀਪ ਦਾ ਕਤਲ ਕਰਨ ਦਾ ਖਦਸ਼ਾ ਹੈ। ਇਹ ਵੀ ਮੰਨਿਆ ਜਾ ਰਿਹਾ ਹੈ ਕਿ ਇਨ੍ਹਾਂ ਵਿੱਚੋਂ ਚਾਰ ਸ਼ੂਟਰ ਹਰਿਆਣਾ ਤੇ ਦੋ ਸ਼ੂਟਰ ਪੰਜਾਬ ਦੇ ਦੱਸੇ ਜਾ ਰਹੇ ਹਨ। ਉਂਝ ਪੁਲਿਸ ਨੇ ਅਜੇ ਇਸ ਦੀ ਪੁਸ਼ਟੀ ਨਹੀਂ ਕੀਤੀ। ਉਂਝ ਪੁਲਿਸ ਨੇ ਛੇ ਮੁਲਜ਼ਮਾਂ ਦੀ ਸ਼ਨਾਖਤ ਕਰ ਲਈ ਹੈ ਤੇ ਇਨ੍ਹਾਂ ਵਿੱਚੋਂ ਤਿੰਨ ਮੁਲਜ਼ਮਾਂ ਨੂੰ ਦਿੱਲੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।


 







ਦੱਸ ਦੇਈਏ ਕਿ ਗੈਂਗਸਟਰ ਗੋਲਡੀ ਬਰਾੜ ਨੇ ਪਹਿਲਾਂ ਹੀ ਆਪਣੇ ਫੇਸਬੁੱਕ ਪੇਜ 'ਤੇ ਪੋਸਟ ਅਪਲੋਡ ਕਰਕੇ ਇਸ ਕਤਲ ਦੀ ਜ਼ਿੰਮੇਵਾਰੀ ਲੈ ਲਈ ਹੈ। ਪੁਲਿਸ ਇਸ ਦੀ ਜਾਂਚ ਕਰ ਰਹੀ ਸੀ। ਸੂਤਰਾਂ ਮੁਤਾਬਕ ਹੁਣ ਇਸ ਕਤਲ ਦੇ ਤਾਰ ਲਾਰੈਂਸ ਬਿਸ਼ਨੋਈ ਗੈਂਗ ਨਾਲ ਹੀ ਜੁੜਦੇ ਦਿਖਾਈ ਦੇ ਰਹੇ ਹਨ। 


 
ਦੱਸ ਦਈਏ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਪੱਤਰੇ ਗਲੀਆਂ ਵਿੱਚ ਖਿਲਾਰ ਕੇ ਪਵਿੱਤਰ ਗ੍ਰੰਥ ਦੀ ਬੇਅਦਬੀ ਕਰਨ ਦੇ ਇਲਜ਼ਾਮਾਂ ਵਿੱਚ ਘਿਰੇ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਉਰਫ਼ ਰਾਜੂ ਨੂੰ ਵੀਰਵਾਰ ਛੇ ਹਥਿਆਰਬੰਦ ਨੌਜਵਾਨਾਂ ਨੇ ਸਵੇਰੇ 7 ਕੁ ਵਜੇ ਉਸ ਦੀ ਦੁਕਾਨ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਕਰਿਆਨੇ ਦੀ ਦੁਕਾਨ ਤੇ ਡੇਅਰੀ ਚਲਾਉਣ ਵਾਲੇ ਪ੍ਰਦੀਪ ਸਿੰਘ ਨੂੰ ਉਸ ਦੇ ਸੁਰੱਖਿਆ ਮੁਲਾਜ਼ਮ ਹਾਕਮ ਸਿੰਘ ਨੇ ਬਚਾਉਣ ਦੀ ਕੋਸ਼ਿਸ਼ ਕੀਤੀ ਤਾਂ ਹਮਲਾਵਰਾਂ ਨੇ ਉਸ ਦੇ ਵੀ ਗੋਲੀ ਮਾਰ ਦਿੱਤੀ ਸੀ। 


ਪ੍ਰਦੀਪ ਸਿੰਘ ਜਦੋਂ ਬਚਾਅ ਲਈ ਭੱਜਣ ਲਈ ਲੱਗਾ ਤਾਂ ਇੱਕ ਗੋਲੀ ਨੇੜੇ ਖੜ੍ਹੇ ਸਾਬਕਾ ਐਮਸੀ ਅਮਰ ਸਿੰਘ ਵਿਰਦੀ ਨੂੰ ਵੀ ਲੱਗ ਗਈ ਸੀ। ਘਟਨਾ ਤੋਂ ਬਾਅਦ ਆਸ-ਪਾਸ ਦੇ ਲੋਕਾਂ ਨੇ ਤੁਰੰਤ ਤਿੰਨੋਂ ਵਿਅਕਤੀਆਂ ਨੂੰ ਕੋਟਕਪੂਰਾ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਸੀ ਜਿੱਥੋਂ ਉਨ੍ਹਾਂ ਨੂੰ ਫ਼ਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਵਿੱਚ ਤਬਦੀਲ ਕਰ ਦਿੱਤਾ ਗਿਆ।



ਉਧਰ, ਪੰਜਾਬ ਪੁਲਿਸ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਸ਼ੂਟਰਾਂ ਨੂੰ ਫੜਨ ਲਈ ਵੱਖ-ਵੱਖ ਜ਼ਿਲ੍ਹਿਆਂ ਵਿੱਚ ਛਾਪੇਮਾਰੀ ਕਰ ਰਹੀ ਹੈ। ਪੁਲਿਸ ਟੀਮਾਂ ਨੇ ਫਰੀਦਕੋਟ, ਖਰੜ, ਬਲੌਂਗੀ ਸਮੇਤ ਕਈ ਥਾਵਾਂ ’ਤੇ ਛਾਪੇਮਾਰੀ ਕੀਤੀ ਹੈ। ਇਸ ਤੋਂ ਇਲਾਵਾ ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿੱਚ ਬੰਦ ਗੈਂਗਸਟਰਾਂ ਦੇ ਰਿਕਾਰਡ ਸਮੇਤ ਜ਼ਮਾਨਤ ’ਤੇ ਰਿਹਾਅ ਹੋਏ ਕੈਦੀਆਂ ਦੀ ਸੂਚੀ ਵੀ ਤਿਆਰ ਕੀਤੀ ਜਾ ਰਹੀ ਹੈ, ਤਾਂ ਜੋ ਕਾਤਲਾਂ ਤੱਕ ਪਹੁੰਚਿਆ ਜਾ ਸਕੇ।