Crime News: ਐਂਮਰਜੈਂਸੀ ਸੇਵਾਵਾਂ ਸਮੇਤ ਤਪਾ ਮੰਡੀ ਹੋਇਆ ਬੰਦ, ਪੁਲਿਸ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ, ਜਾਣੋ ਮਾਮਲਾ
ਇਸ ਮੌਕੇ ਦੁਕਾਨਦਾਰਾਂ ਨੇ ਬਾਜ਼ਾਰ ਬੰਦ ਕਰਕੇ ਪੁਲਿਸ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ਬਰਦਸਤ ਨਾਅਰੇਬਾਜ਼ੀ ਕੀਤੀ ਹੈ। ਇਸ ਬੰਦ ਦੌਰਾਨ ਧਾਰਮਿਕ, ਸਿਆਸੀ, ਸਮਾਜਿਕ ਜਥੇਬੰਦੀਆਂ ਨੇ ਵੀ ਸ਼ਮੂਲੀਅਤ ਕੀਤੀ।
ਤਪਾ ਮੰਡੀ: ਸ਼ੁੱਕਰਵਾਰ ਨੂੰ ਇੱਕ ਸੁਨਿਆਰੇ ਦੇ ਜ਼ਖਮੀ ਹੋਣ ਅਤੇ ਉਸ ਦੀ ਦੁਕਾਨ ਤੋਂ ਲੁੱਟ ਦੀ ਘਟਨਾ ਤੋਂ ਬਾਅਦ ਸ਼ਹਿਰ ਦੇ ਵਪਾਰੀ ਗੁੱਸੇ 'ਚ ਹਨ। ਜਿਸ ਕਾਰਨ ਅੱਜ ਤਪਾ ਮੰਡੀ ਦੇ ਬਜ਼ਾਰ ਸਮੇਤ ਐਮਰਜੈਂਸੀ ਸੇਵਾਵਾਂ, ਮੈਡੀਕਲ ਸਟੋਰ ਸਮੇਤ ਸਾਰੀਆਂ ਦੁਕਾਨਾਂ ਬੰਦ ਕੀਤੀਆਂ ਗਈਆਂ ਹਨ।
ਇਸ ਮੌਕੇ ਦੁਕਾਨਦਾਰਾਂ ਨੇ ਬਾਜ਼ਾਰ ਬੰਦ ਕਰਕੇ ਪੁਲਿਸ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ਬਰਦਸਤ ਨਾਅਰੇਬਾਜ਼ੀ ਕੀਤੀ ਹੈ। ਇਸ ਬੰਦ ਦੌਰਾਨ ਧਾਰਮਿਕ, ਸਿਆਸੀ, ਸਮਾਜਿਕ ਜਥੇਬੰਦੀਆਂ ਨੇ ਵੀ ਸ਼ਮੂਲੀਅਤ ਕੀਤੀ।
ਧਰਨਾਕਾਰੀਆਂ ਨੇ ਕਿਹਾ ਕਿ ਲੁੱਟ-ਖੋਹ ਦੀਆਂ ਵਾਰਦਾਤਾਂ ਨਿੱਤ ਵਾਪਰ ਰਹੀਆਂ ਹਨ, ਪਰ ਪੁਲਿਸ ਇਸ ਤੇ ਕੋਈ ਕਾਰਵਾਈ ਨਹੀਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੱਲ੍ਹ ਦੀ ਘਟਨਾ ਕਾਰਨ ਤਪਾ ਮੰਡੀ ਦੇ ਸਮੂਹ ਵਪਾਰੀਆਂ ਅਤੇ ਦੁਕਾਨਦਾਰਾਂ ਵਿਚ ਡਰ ਦਾ ਮਾਹੌਲ ਹੈ| ਇਸ ਮੌਕਾ ਸੱਤਾਧਾਰੀ ਧਿਰ ਦੇ ਆਗੂਆਂ ਨੇ ਅਜਿਹੀਆਂ ਘਟਨਾਵਾਂ ਲਈ ਪੁਲਿਸ ਨੂੰ ਹੀ ਜ਼ਿੰਮੇਵਾਰ ਠਹਿਰਾਇਆ। ਇਸ ਦੌਰਾਨ ਧਰਨਾਕਾਰੀਆਂ ਨੇ ਕਿਹਾ ਕਿ ਜਦੋਂ ਤੱਕ ਘਟਨਾ ਦੇ ਦੋਸ਼ੀਆਂ ਨੂੰ ਫੜਿਆ ਨਹੀਂ ਜਾਂਦਾ, ਉਦੋਂ ਤੱਕ ਉਨ੍ਹਾਂ ਦਾ ਧਰਨਾ ਜਾਰੀ ਰਹੇਗਾ।
ਦੱਸ ਦੇਈਏ ਕਿ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਵਿੱਚ ਲੁਟੇਰੇ ਬੜੀ ਬੇਸ਼ਰਮੀ ਨਾਲ ਦੁਕਾਨਦਾਰ ਦੇ ਸਿਰ 'ਤੇ ਹਥੌੜੇ ਨਾਲ ਵਾਰ ਕਰਕੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇ ਰਹੇ ਹਨ ਅਤੇ ਇਸ ਘਟਨਾ ਤੋਂ ਬਾਅਦ ਤਪਾ ਮੰਡੀ ਦੇ ਦੁਕਾਨਦਾਰਾਂ ਅਤੇ ਵਪਾਰੀਆਂ ਨੇ ਰੋਸ ਪ੍ਰਦਰਸ਼ਨ ਕੀਤਾ ਹੈ।
ਇਸ ਮੌਕੇ ਰੋਸ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਲੁੱਟ ਦੀਆਂ ਇਨ੍ਹਾਂ ਘਟਨਾਵਾਂ ਦੇ ਵਿਰੋਧ ਵਿੱਚ ਅੱਜ ਤਪਾ ਮੰਡੀ ਦੀਆਂ ਸਾਰੀਆਂ ਦੁਕਾਨਾਂ ਅਤੇ ਬਾਜ਼ਾਰ ਬੰਦ ਰੱਖ ਕੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੱਲ੍ਹ ਦੀ ਘਟਨਾ ਪੁਲਿਸ ਪ੍ਰਸ਼ਾਸਨ ਦੀ ਨਾਕਾਮੀ ਦੀ ਗਵਾਹੀ ਭਰਦੀ ਹੈ। ਕਾਨੂੰਨ ਵਿਵਸਥਾ ਨਾਂ ਦੀ ਕੋਈ ਚੀਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਘਟਨਾ ਦੇ ਕਈ ਘੰਟੇ ਬੀਤ ਜਾਣ ਤੋਂ ਬਾਅਦ ਵੀ ਪੁਲਿਸ ਪ੍ਰਸ਼ਾਸਨ ਦੋਸ਼ੀਆਂ ਨੂੰ ਫੜਨ 'ਚ ਨਾਕਾਮ ਰਿਹਾ ਹੈ | ਜਿਸ ਕਾਰਨ ਉਨ੍ਹਾਂ ਨੂੰ ਪੁਲਿਸ ਤੋਂ ਕੋਈ ਉਮੀਦ ਨਜ਼ਰ ਨਹੀਂ ਆ ਰਹੀ। ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਜ਼ਮੀਨੀ ਪੱਧਰ ’ਤੇ ਧਿਆਨ ਦੇ ਕੇ ਅਮਨ ਕਾਨੂੰਨ ਦੀ ਸਥਿਤੀ ’ਤੇ ਕਾਬੂ ਪਾਇਆ ਜਾਵੇ।
ਇਸ ਮੌਕੇ ਡੀਐਸਪੀ ਤਪਾ ਆਰਐਸ ਰੰਧਾਵਾ ਨੇ ਦੱਸਿਆ ਕਿ ਜ਼ਖਮੀ ਦੁਕਾਨਦਾਰ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਘਟਨਾ ਤੋਂ ਬਾਅਦ ਪੁਲਿਸ ਨੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਲੁੱਟ ਦੀ ਇਸ ਘਟਨਾ ਨੂੰ ਲੈ ਕੇ ਪੁਲਿਸ ਕਈ ਪਹਿਲੂਆਂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਜਲਦ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।