ਪੰਜਾਬ ਸਰਕਾਰ ਸਾਹਮਣੇ ਨਵਾਂ ਸੰਕਟ! ਅਧਿਆਪਕਾਂ ਨੇ ਸਮੂਹਿਕ ਅਸਤੀਫਿਆਂ ਦਾ ਕੀਤਾ ਐਲਾਨ
15 ਅਗਸਤ ਨੂੰ ਆਜ਼ਾਦੀ ਦਿਹਾੜੇ ਮੌਕੇ ਝੰਡਾ ਲਹਿਰਾਉਣ ਦੀ ਰਸਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਮੂਹਿਕ ਰੂਪ ਵਿੱਚ ਅਸਤੀਫ਼ੇ ਦੇਣ ਦਾ ਐਲਾਨ ਕੀਤਾ ਹੈ।
ਚੰਡੀਗੜ੍ਹ: ਪੰਜਾਬ ਸਰਕਾਰ ਸਾਹਮਣੇ ਨਵਾਂ ਸੰਕਟ ਖੜ੍ਹਾ ਹੋ ਗਿਆ ਹੈ। ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਾ ਰਹੇ ਕੱਚੇ ਅਧਿਆਪਕਾਂ ਨੇ 15 ਅਗਸਤ ਨੂੰ ਆਜ਼ਾਦੀ ਦਿਹਾੜੇ ਮੌਕੇ ਝੰਡਾ ਲਹਿਰਾਉਣ ਦੀ ਰਸਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਮੂਹਿਕ ਰੂਪ ਵਿੱਚ ਅਸਤੀਫ਼ੇ ਦੇਣ ਦਾ ਐਲਾਨ ਕੀਤਾ ਹੈ। ਇਸ ਨਾਲ ਜਿੱਥੇ ਵਿਦਿਆਰਥੀਆਂ ਦੀ ਪੜ੍ਹਾਈ ਉੱਪਰ ਅਸਰ ਪਵੇਗਾ, ਉੱਥੇ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਸਵਾਲਾਂ ਦੇ ਘੇਰੇ ਵਿੱਚ ਆ ਜਾਵੇਗੀ।
ਸਿੱਖਿਆ ਪ੍ਰੋਵਾਈਡਰ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਕਮੇਟੀ ਮੈਂਬਰਾਂ ਨੇ ਮੀਟਿੰਗ ਮਗਰੋਂ ਐਲਾਨ ਕੀਤਾ ਹੈ ਕਿ 15 ਅਗਸਤ ਨੂੰ ਆਜ਼ਾਦੀ ਦਿਹਾੜੇ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਮੂਹਿਕ ਰੂਪ ਵਿੱਚ ਅਸਤੀਫ਼ੇ ਦਿੱਤੇ ਜਾਣਗੇ। ਯੂਨੀਅਨ ਦੇ ਸੂਬਾ ਪ੍ਰਧਾਨ ਮਨਪ੍ਰੀਤ ਸਿੰਘ ਮੋਗਾ ਨੇ ਕਿਹਾ ਕਿ ਕੱਚੇ ਅਧਿਆਪਕ ਪਿਛਲੇ 18-18 ਸਾਲਾਂ ਤੋਂ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਨਿਗੂਣੀਆਂ ਤਨਖਾਹਾਂ ’ਤੇ ਸੇਵਾਵਾਂ ਨਿਭਾਅ ਰਹੇ ਹਨ, ਜਿਨ੍ਹਾਂ ਦਾ ਸਮੇਂ ਦੀਆਂ ਸਰਕਾਰਾਂ ਮਾਨਸਿਕ ਤੇ ਆਰਥਿਕ ਸ਼ੋਸ਼ਣ ਕਰ ਰਹੀਆਂ ਹਨ।
ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਅਧਿਆਪਕਾਂ ਨੂੰ ਘੱਟੋ ਘੱਟ ਤਨਖਾਹ 36 ਹਜ਼ਾਰ ਰੁਪਏ ਦੇਣ ਦਾ ਵਾਅਦਾ ਕੀਤਾ ਸੀ ਪਰ ਹੁਣ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਐਲਾਨ ਕੀਤਾ ਕਿ 15 ਅਗਸਤ ਨੂੰ ਜਿੱਥੇ ਵੀ ਮੁੱਖ ਮੰਤਰੀ ਭਗਵੰਤ ਮਾਨ ਝੰਡਾ ਲਹਿਰਾਉਣ ਪੁੱਜਣਗੇ, ਉਥੇ ਪੁੱਜ ਕੇ ਕੱਚੇ ਅਧਿਆਪਕ ਆਪਣੇ ਅਸਤੀਫ਼ੇ ਦੇਣਗੇ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :