Cabinet Minister Sanjeev Arora: ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਲੁਧਿਆਣਾ ਜ਼ਿਮਨੀ ਚੋਣ ਦਾ ਮਾਮਲਾ ਹਾਈਕੋਰਟ ਪਹੁੰਚ ਗਿਆ ਹੈ। ਇਸ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਤੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਹਰਾ ਕੇ ਜਿੱਤ ਪ੍ਰਾਪਤ ਕੀਤੀ ਸੀ ਪਰ ਹੁਣ ਸੰਜੀਵ ਅਰੋੜਾ ਨੂੰ ਝਟਕਾ ਲੱਗ ਸਕਦਾ ਹੈ। ਲੁਧਿਆਣਾ ਤੋਂ ਜਸਵਿੰਦਰ ਮੱਲ੍ਹੀ ਨਾਮ ਦੇ ਵਿਅਕਤੀ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਇਸ ਮਾਮਲੇ ਦੀ ਸੁਣਵਾਈ 13 ਅਗਸਤ ਨੂੰ ਤੈਅ ਕੀਤੀ ਗਈ ਹੈ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਅਰੋੜਾ ਨੇ ਚੋਣਾਂ ਸਮੇਂ ਆਪਣੇ ਨਾਲ ਜੁੜੀਆਂ ਕਈ ਜਾਣਕਾਰੀਆਂ ਲੁਕਾਈਆਂ ਸਨ।
ਪਟੀਸ਼ਨ ਵਿੱਚ ਇਲਜ਼ਾਮ ਹੈ ਕਿ ਸੰਜੀਵ ਅਰੋੜਾ ਨੇ ਚੋਣਾਂ ਵਿੱਚ ਤੈਅ ਸੀਮਾ ਤੋਂ ਵੱਧ ਖਰਚ ਕੀਤਾ ਸੀ। ਉਨ੍ਹਾਂ ਦੀ ਆਮਦਨ ਬਾਰੇ ਜਾਣਕਾਰੀ ਸਹੀ ਢੰਗ ਨਾਲ ਪੇਸ਼ ਨਹੀਂ ਕੀਤੀ ਗਈ ਸੀ। ਚੋਣਾਂ ਦੌਰਾਨ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕੀਤੀ ਗਈ ਸੀ। ਇਸ ਦੇ ਨਾਲ ਹੀ 40 ਲੱਖ ਦੀ ਸੀਮਾ ਤੋਂ ਕਿਤੇ ਵੱਧ ਕਰੋੜਾਂ ਰੁਪਏ ਖਰਚ ਕੀਤੇ ਗਏ ਸਨ। ਡਾ. ਮੱਲ੍ਹੀ ਦੇ ਵਕੀਲਾਂ ਨੇ ਕਿਹਾ ਕਿ ਇਹ ਸਿਰਫ਼ ਖਰਚੇ ਲੁਕਾਉਣ ਦਾ ਮਾਮਲਾ ਨਹੀਂ ਸਗੋਂ ਗੈਰ-ਕਾਨੂੰਨੀ ਪ੍ਰਚਾਰ ਰਣਨੀਤੀਆਂ ਤੇ ਭ੍ਰਿਸ਼ਟ ਆਚਰਣ ਦਾ ਮਾਮਲਾ ਹੈ।
ਉਨ੍ਹਾਂ ਨੇ ਅਦਾਲਤ ਵਿੱਚ ਦਸਤਾਵੇਜ਼ੀ ਸਬੂਤ ਪੇਸ਼ ਕੀਤੇ ਹਨ, ਜੋ ਇਨ੍ਹਾਂ ਦੋਸ਼ਾਂ ਨੂੰ ਸਾਬਤ ਕਰਦੇ ਹਨ। ਡਾ. ਮੱਲ੍ਹੀ ਦੇ ਬੁਲਾਰੇ ਨੇ ਕਿਹਾ ਕਿ ਚੋਣਾਂ ਵਿੱਚ ਖਰਚ ਦੀ ਸੀਮਾ ਦੀ ਉਲੰਘਣਾ ਲੋਕਤੰਤਰ ਦੀ ਨੀਂਹ ਨੂੰ ਕਮਜ਼ੋਰ ਕਰਦੀ ਹੈ। ਇਹ ਪਟੀਸ਼ਨ ਜਵਾਬਦੇਹੀ ਯਕੀਨੀ ਬਣਾਉਣ ਲਈ ਦਾਇਰ ਕੀਤੀ ਗਈ ਹੈ। ਅਦਾਲਤ ਨੇ ਪਟੀਸ਼ਨ ਸਵੀਕਾਰ ਕਰਦਿਆਂ ਮਾਮਲੇ ਦੀ ਸੁਣਵਾਈ 13 ਅਗਸਤ ਨੂੰ ਤੈਅ ਕੀਤੀ ਹੈ।
ਦੱਸ ਦਈਏ ਕਿ ਲੁਧਿਆਣਾ ਪੱਛਮੀ ਹਲਕੇ ਵਿੱਚ 19 ਜੂਨ ਨੂੰ ਵੋਟਿੰਗ ਹੋਈ ਸੀ। ਚੋਣ ਕਮਿਸ਼ਨ ਵੱਲੋਂ ਜਾਰੀ ਅੰਕੜਿਆਂ ਅਨੁਸਾਰ 51.33% ਵੋਟਿੰਗ ਹੋਈ ਸੀ। ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਗੁਰਪ੍ਰੀਤ ਗੋਗੀ ਨੇ 2022 ਵਿੱਚ ਇਹ ਸੀਟ ਜਿੱਤੀ ਸੀ। ਹਾਲਾਂਕਿ ਗੋਲੀ ਲੱਗਣ ਨਾਲ ਉਨ੍ਹਾਂ ਦੀ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਇੱਥੇ ਉਪ ਚੋਣ ਹੋਈ ਸੀ। 'ਆਪ' ਨੇ ਇੱਥੋਂ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਮੈਦਾਨ ਵਿੱਚ ਉਤਾਰਿਆ ਸੀ।
ਇਸ ਦੇ ਨਾਲ ਹੀ ਕਾਂਗਰਸ ਨੇ ਇੱਥੋਂ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਮੈਦਾਨ ਵਿੱਚ ਉਤਾਰਿਆ ਸੀ। ਉਹ 2012 ਤੇ 2017 ਵਿੱਚ ਇਸ ਸੀਟ ਤੋਂ ਚੋਣ ਜਿੱਤ ਚੁੱਕੇ ਹਨ। ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਅਕਾਲੀ ਦਲ ਵੱਲੋਂ ਉਮੀਦਵਾਰ ਸਨ। ਇਸ ਦੇ ਨਾਲ ਹੀ ਭਾਜਪਾ ਨੇ ਇੱਥੋਂ ਰਾਸ਼ਟਰੀ ਸਵੈਮ ਸੇਵਕ ਸੰਘ (ਆਰਐਸਐਸ) ਪਿਛੋਕੜ ਵਾਲੇ ਸੀਨੀਅਰ ਨੇਤਾ ਜੀਵਨ ਗੁਪਤਾ ਨੂੰ ਟਿਕਟ ਦਿੱਤੀ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।