Sikh News: ਜਗਤ ਗੁਰੂ ਪਹਿਲੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਜਗਤ ਮਾਤਾ ਸੁਲੱਖਣੀ ਜੀ ਦੇ 536ਵੇਂ ਵਿਆਹ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਮਹਾਨ ਨਗਰ ਕੀਰਤਨ ਬਟਾਲਾ ਲਈ ਰਵਾਨਾ ਹੋਣ ਸਮੇਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਹੋਰ ਅਹੁਦੇਦਾਰ ਸਾਹਿਬਾਨ ਹਾਜ਼ਰੀ ਭਰਨ ਵੇਲੇ ਪਹੁੰਚੇ।


ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੀ ਖੁਸ਼ੀ ’ਚ ਬਰਾਤ ਰੂਪੀ ਅਲੌਕਿਕ ਅਤੇ ਮਹਾਨ ਨਗਰ ਕੀਰਤਨ ਅੱਜ ਸਵੇਰੇ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੋਂ ਬਟਾਲਾ ਲਈ ਰਵਾਨਾ ਹੋਇਆ। ਇਸ ਤੋਂ ਪਹਿਲਾਂ ਹੈੱਡ ਗ੍ਰੰਥੀ ਵੱਲੋਂ ਨਗਰ ਕੀਰਤਨ ਦੀ ਆਰੰਭਤਾ ਦੀ ਅਰਦਾਸ ਕੀਤੀ ਗਈ। ਇਸ ਦੇ ਬਾਅਦ ਮਹਾਨ ਨਗਰ ਕੀਰਤਨ ਆਰੰਭ ਹੋਇਆ। 


ਬਰਾਤ ਰੂਪੀ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਕੱਢਿਆ ਗਿਆ। ਇਸ ਮਹਾਨ ਨਗਰ ਕੀਰਤਨ ਦਾ ਤਲਵੰਡੀ ਪੁਲ, ਪਿੰਡ ਮੇਵਾ ਸਿੰਘ ਵਾਲਾ, ਮੰਗੂਪੁਰ, ਖੇੜਾ ਬੇਟ, ਤਲਵੰਡੀ ਚੌਧਰੀਆਂ ਅਤੇ ਫੱਤੂਢੀਂਗਾ ਪਹੁੰਚਣ ’ਤੇ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਸੁਆਗਤ ਕੀਤਾ ਗਿਆ। 


ਇਸ ਮੌਕੇ ਪਾਲਕੀ ਸਾਹਿਬ ਨੂੰ ਸੁੰਦਰ ਫੁੱਲਾਂ ਨਾਲ ਸਜਾਇਆ ਗਿਆ ਹੈ। ਇਸ ਵਾਰ ਬਰਾਤ ਰੂਪੀ ਨਗਰ ਕੀਰਤਨ ’ਚ ਐੱਸ. ਜੀ. ਪੀ. ਸੀ. ਦੇ ਸਮੂਹ ਮੈਂਬਰ ਅਤੇ ਵੱਖ-ਵੱਥ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਅਤੇ ਪ੍ਰਸ਼ਾਸਨ ਦੇ ਅਧਿਕਾਰੀ ਵੀ ਸ਼ਾਮਲ ਹੋਏ। ਇਸ ਮੌਕੇ ਸਿਆਸੀ ਪਾਰਟੀਆਂ ਦੇ ਆਗੂਆਂ ਸਮੇਤ ਸਾਰੀ ਸੰਗਤ ਸਤਿਨਾਮ ਵਾਹਿਗੁਰੂ ਦਾ ਜਾਪ ਕਰਦੀ ਹੋਈ ਬਾਬਾ ਨਾਨਕ ਦੇ ਰੰਗ ’ਚ ਰੰਗੀ ਹੋਈ ਵਿਖਾਈ ਦਿੱਤੀ। 


ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਦੇ ਅੱਗੇ-ਅੱਗੇ ਸ਼ਰਧਾਲੂ ਸਫ਼ਾਈ ਸੇਵਕ ਜੱਥਾ ਰਸਤੇ ਦੀ ਸਫ਼ਾਈ ਕਰ ਰਿਹਾ ਸੀ। ਨਗਰ ਕੀਰਤਨ ਦੌਰਾਨ ਗੁਲਾਬ ਦੇ ਫੁੱਲਾਂ ਦੀ ਵਰਖਾ ਕੀਤੀ ਜਾ ਰਹੀ ਸੀ, ਜੋਕਿ ਆਕਰਸ਼ਕ ਦਾ ਕੇਂਦਰ ਬਣੀ ਹੋਈ ਸੀ। ਇਸ ਮੌਕੇ ਨਿਹੰਗ ਸਿੰਘਾਂ ਅਤੇ ਗਤਕਾ ਪਾਰਟੀ ਨੇ ਖ਼ਾਲਸਾਈ ਯੁੱਧ ਕੌਸ਼ਲ ਦਾ ਬੜੇ ਹੀ ਰੋਚਕ ਤਰੀਕੇ ਨਾਲ ਪ੍ਰਦਰਸ਼ਨ ਕੀਤਾ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਵੀ ਨਗਰ ਕੀਰਤਨ ’ਚ ਸ਼ਾਮਲ ਹੋ ਕੇ ਨਗਰ ਕੀਰਤਨ ਦੀ ਸ਼ੋਭਾ ਵਧਾਈ। 


ਨਗਰ ਕੀਰਤਨ 'ਚ ਸੁਲਤਾਨਪੁਰ ਲੋਧੀ, ਬਟਾਲਾ, ਕਪੂਰਥਲਾ, ਗੁਰਦਾਸਪੁਰ, ਗੋਇੰਦਵਾਲ ਸਾਹਿਬ, ਜਲੰਧਰ, ਢਿਲਵਾਂ, ਲੋਹੀਆਂ, ਸ਼ਾਹਕੋਟ ਤੋਂ ਇਲਾਵਾ ਦੂਰ-ਦੁਰਾਡੇ ਤੋਂ ਲੱਖਾਂ ਸ਼ਰਧਾਲੂ ਸ਼ਾਮਲ ਹੋਏ।
ਅੱਜ ਸਵੇਰੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸ੍ਰੀ ਆਸਾ ਜੀ ਦੀ ਵਾਰ ਦੇ ਕੀਰਤਨ ਉਪਰੰਤ ਗੁਰਬਾਣੀ ਦੀ ਕਥਾ ਅਤੇ ਗੁਰਬਾਣੀ ਸੁਣਾਈ ਗਈ ਅਤੇ ਉਪਰੰਤ ਨਗਰ ਕੀਰਤਨ ਦੀ ਆਰੰਭਤਾ ਦੀ ਅਰਦਾਸ ਹੋਈ


ਇਸ ਉਪਰੰਤ ਨਗਰ ਕੀਰਤਨ 'ਚ ਸ਼ਾਮਲ ਪੰਜ ਨਿਸ਼ਾਨਚੀ ਅਤੇ ਪੰਜ ਪਿਆਰੇ ਸਾਹਿਬਾਨ ਅਤੇ ਹੋਰ ਸੰਤਾਂ ਮਹਾਂਪੁਰਸ਼ਾਂ ਦਾ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ। ਇਸ ਉਪਰੰਤ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸੀਸ ਤੇ ਲੈ ਕੇ ਜੈਕਾਰੇ ਗੂੰਜਾਉਦੇ ਹੋਏ ਫੁੱਲਾਂ ਨਾਲ ਸਜਾਈ ਸੁੰਦਰ ਪਾਲਕੀ 'ਚ ਸ਼ਸ਼ੋਬਿਤ ਕੀਤਾ ।