Amritsar News: 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਖਿਲਾਫ ਵੀਡੀਓ ਪਾਉਣ ਤੋਂ ਬਾਅਦ ਅੰਮ੍ਰਿਤਸਰ ਪਹੁੰਚੇ ਨੌਜਵਾਨ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਨੇ ਇਲਜ਼ਾਮ ਲਾਇਆ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਦੀ ਹਾਜ਼ਰੀ ਵਿੱਚ ਉਸ ਨਾਲ ਕੁੱਟਮਾਰ ਹੋਈ ਹੈ। ਇਸ ਬਾਰੇ ਸ਼ਿਕਾਇਤ ਤੋਂ ਬਾਅਦ ਭਾਈ ਅੰਮ੍ਰਿਤਪਾਲ ਸਿੰਘਅ ਤੇ ਉਨ੍ਹਾਂ ਦੇ 6 ਸਾਥੀਆਂ ਖਿਲਾਫ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ।
ਹਾਸਲ ਜਾਣਕਾਰੀ ਮੁਤਾਬਕ ਭਾਈ ਅੰਮ੍ਰਿਤਪਾਲ ਸਿੰਘ ਦੇ ਪੰਜਾਬ ਆਉਣ ਤੋਂ ਬਾਅਦ ਜਿੱਥੇ ਬਹੁਤ ਸਾਰੇ ਨੌਜਵਾਨ ਉਨ੍ਹਾਂ ਨੂੰ ਆਪਣੇ ਦਿਲਾਂ ਦੀ ਧੜਕਣ ਮੰਨਦੇ ਹਨ, ਉੱਥੇ ਹੀ ਕੁਝ ਲੋਕ ਭਾਈ ਅੰਮ੍ਰਿਤਪਾਲ ਸਿੰਘ ਦਾ ਸ਼ੋਸ਼ਲ ਮੀਡੀਆ 'ਤੇ ਵਿਰੋਧ ਵੀ ਕਰਦੇ ਹਨ। ਚਮਕੌਰ ਸਾਹਿਬ ਦੇ ਰਹਿਣ ਵਾਲੇ ਵਰਿੰਦਰ ਸਿੰਘ ਵੱਲੋਂ ਵੀ ਭਾਈ ਅੰਮ੍ਰਿਤਪਾਲ ਸਿੰਘ ਦਾ ਵਿਰੋਧ ਕਰਦੇ ਹੋਏ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਪਾਈ ਗਈ ਸੀ।
ਚਮਕੌਰ ਸਾਹਿਬ ਦਾ ਰਹਿਣ ਵਾਲਾ ਵਰਿੰਦਰ ਸਿੰਘ ਨਾਮਕ ਨੌਜਵਾਨ ਅੰਮ੍ਰਿਤਸਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਆਇਆ ਸੀ। ਉਸ ਤੋਂ ਬਾਅਦ ਵਰਿੰਦਰ ਸਿੰਘ ਅਜਨਾਲਾ ਵਿਖੇ ਦਮਦਮੀ ਟਕਸਾਲ ਸੰਤਾਂ ਦੀ ਬਰਸੀ ਮੌਕੇ ਉੱਥੇ ਨਤਮਸਤਕ ਹੋਣ ਪਹੁੰਚਿਆ। ਬਰਿੰਦਰ ਸਿੰਘ ਮੁਤਾਬਕ ਕੁਝ ਸਿੰਘਾਂ ਵੱਲੋਂ ਉਸ ਨਾਲ ਗੱਲਬਾਤ ਕਰਕੇ ਉਸ ਨੂੰ ਆਪਣੀਆਂ ਗੱਲਾਂ ਵਿੱਚ ਲਾ ਕੇ ਅਜਨਾਲਾ ਤੋਂ ਅਗਵਾ ਕਰ ਲਿਆ। ਉਹ ਉਸ ਨੂੰ ਜੰਡਿਆਲਾ ਗੁਰੂ ਲੈ ਗਏ ਜਿੱਥੇ ਜਾ ਕੇ ਉਨ੍ਹਾਂ ਸਿੰਘਾਂ ਵੱਲੋਂ ਤੇ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਉਸ ਨਾਲ ਕੁੱਟਮਾਰ ਕੀਤੀ ਗਈ।
ਵਰਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਕਸੂਰ ਸਿਰਫ ਇੰਨਾ ਸੀ ਕਿ ਉਸ ਨੇ ਚਮਕੌਰ ਸਾਹਿਬ ਤੋਂ ਇੱਕ ਵੀਡੀਓ ਜਾਰੀ ਕੀਤੀ ਜਿਸ ਵਿੱਚ ਭਾਈ ਅੰਮ੍ਰਿਤਪਾਲ ਸਿੰਘ ਨੂੰ ਨਸੀਹਤ ਦੇਣ ਦੀ ਗੱਲ ਕੀਤੀ ਜਾ ਰਹੀ ਸੀ। ਇਸ ਦੀ ਸਜ਼ਾ ਉਸ ਨੂੰ ਇਹ ਮਿਲੀ ਕਿ ਉਸ ਦੀ ਕੁੱਟਮਾਰ ਭਾਈ ਅਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਵੱਲੋਂ ਕੀਤੀ ਗਈ। ਹੁਣ ਪੀੜਤ ਵਰਿੰਦਰ ਸਿੰਘ ਵੱਲੋਂ ਇਨਸਾਫ ਦੀ ਗੁਹਾਰ ਲਗਾਈ ਜਾ ਰਹੀ ਹੈ।
ਦੂਜੇ ਪਾਸੇ ਇਸ ਮਾਮਲੇ ਦੀ ਜਾਂਚ ਕਰ ਰਹੇ ਅਜਨਾਲਾ ਤੋਂ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸਵੇਰੇ ਉਨ੍ਹਾਂ ਨੂੰ ਇਤਲਾਹ ਮਿਲੀ ਸੀ ਕਿ ਵਰਿੰਦਰ ਸਿੰਘ ਨਾਮਕ ਨੌਜਵਾਨ ਨਾਲ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਕੁੱਟਮਾਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਵਰਿੰਦਰ ਸਿੰਘ ਦੇ ਬਿਆਨ ਉੱਤੇ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ। ਇਸ ਵਿੱਚ ਉਹ ਭਾਈ ਅੰਮ੍ਰਿਤਪਾਲ ਸਿੰਘ ਦਾ ਵੀ ਨਾਮ ਲੈ ਰਿਹਾ ਹੈ। ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ ਤੇ ਇਸ ਤੋਂ ਬਾਅਦ ਹੀ ਕਾਰਵਾਈ ਕੀਤੀ ਜਾਵੇਗੀ।