Punjab News: ਆਮ ਆਦਮੀ ਪਾਰਟੀ ਨੇ ਧੂਰੀ ਵਿਧਾਨ ਸਭਾ ਸੀਟ ਤੋਂ ਭਗਵੰਤ ਮਾਨ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਆਮ ਆਦਮੀ ਪਾਰਟੀ ਨੇ ਉਮੀਦ ਜਤਾਈ ਹੈ ਕਿ ਭਗਵੰਤ ਮਾਨ ਧੂਰੀ ਵਿਧਾਨ ਸਭਾ ਸੀਟ ਤੋਂ ਰਿਕਾਰਡ ਤੋੜ ਵੋਟਾਂ ਨਾਲ ਜਿੱਤ ਪ੍ਰਾਪਤ ਕਰਨਗੇ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਬੁਲਾਰੇ ਰਾਘਵ ਚੱਢਾ ਨੇ ਦੋਸ਼ ਲਾਇਆ ਕਿ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਨੇ ਪੰਜਾਬ ਨੂੰ ਲੁੱਟਣ ਦਾ ਹੀ ਕੰਮ ਕੀਤਾ ਹੈ।



ਚੱਢਾ ਨੇ ਦਾਅਵਾ ਕੀਤਾ ਕਿ ਪ੍ਰੀ-ਪੋਲ ਸਰਵੇ ਦਰਸਾਉਂਦੇ ਹਨ ਕਿ ਪੰਜਾਬ 'ਚ ਅਗਲੀ ਸਰਕਾਰ 'ਆਪ' ਦੀ ਹੀ ਬਣਨ ਜਾ ਰਹੀ ਹੈ। ਚੱਢਾ ਨੇ ਕਿਹਾ ਕਿ ਪੰਜਾਬ ਦੇ ਲੋਕ ਬਦਲਾਅ ਚਾਹੁੰਦੇ ਹਨ। ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਪਿਛਲੇ 50 ਸਾਲਾਂ 'ਚ ਸੂਬੇ ਨੂੰ ਲੁੱਟਿਆ ਹੈ। ਲੋਕ ਅਰਵਿੰਦ ਕੇਜਰੀਵਾਲ ਦੇ ਸ਼ਾਸਨ ਦੇ ਮਾਡਲ ਨੂੰ ਮੌਕਾ ਦੇਣਾ ਚਾਹੁੰਦੇ ਹਨ।

ਰਾਘਵ ਚੱਢਾ ਨੇ ਭਾਜਪਾ ਗਠਜੋੜ ਨੂੰ ਸਰਕਾਰ ਬਣਾਉਣ ਦੀ ਦੌੜ ਤੋਂ ਬਾਹਰ ਦੱਸਿਆ ਹੈ। ਚੱਢਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਦਾ ਉਮੀਦਵਾਰ ਨਹੀਂ ਖੜ੍ਹਾ ਕੀਤਾ। ਕਾਂਗਰਸ ਅੰਦਰੂਨੀ ਕਲੇਸ਼ ਕਾਰਨ ਇਸ ਦਾ ਐਲਾਨ ਨਹੀਂ ਕਰ ਸਕਦੀ। ਭਾਰਤੀ ਜਨਤਾ ਪਾਰਟੀ ਤੇ ਕੈਪਟਨ ਅਮਰਿੰਦਰ ਸਿੰਘ ਇਸ ਦੌੜ 'ਚ ਨਹੀਂ ਹਨ। ਸੰਯੁਕਤ ਸਮਾਜ ਮੋਰਚਾ ਨੇ ਵੀ ਅਧਿਕਾਰਤ ਤੌਰ 'ਤੇ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਨਹੀਂ ਕੀਤਾ ਹੈ।

ਧੂਰੀ ਦੀ ਕਾਂਗਰਸ ਨਾਲ ਟੱਕਰ ਹੋ ਸਕਦੀ
ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਪੰਜਾਬ 'ਚ ਅਗਲੇ ਮਹੀਨੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਸੰਗਰੂਰ ਜ਼ਿਲ੍ਹੇ ਦੀ ਧੂਰੀ ਵਿਧਾਨ ਸਭਾ ਸੀਟ ਤੋਂ ਲੜਨਗੇ। ਮਾਨ ਨੂੰ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ 18 ਜਨਵਰੀ ਨੂੰ ਪਾਰਟੀ ਦਾ ਮੁੱਖ ਮੰਤਰੀ ਦਾ ਚਿਹਰਾ ਐਲਾਨਿਆ ਸੀ।

ਕਾਮੇਡੀਅਨ ਤੋਂ ਸਿਆਸਤਦਾਨ ਬਣੇ ਮਾਨ (48) ਸੰਗਰੂਰ ਸੰਸਦੀ ਹਲਕੇ ਦੀ ਨੁਮਾਇੰਦਗੀ ਕਰ ਰਹੇ ਹਨ। ਧੂਰੀ ਵਿਧਾਨ ਸਭਾ ਸੀਟ ਦੀ ਨੁਮਾਇੰਦਗੀ ਇਸ ਵੇਲੇ ਕਾਂਗਰਸੀ ਵਿਧਾਇਕ ਦਲਵੀਰ ਸਿੰਘ ਗੋਲਡੀ ਕਰ ਰਹੇ ਹਨ। ਧੂਰੀ ਸੀਟ ਸੰਗਰੂਰ ਸੰਸਦੀ ਹਲਕੇ ਦਾ ਇੱਕ ਹਿੱਸਾ ਹੈ। ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਲਈ 20 ਫਰਵਰੀ ਨੂੰ ਵੋਟਾਂ ਪੈਣੀਆਂ ਹਨ। ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ।


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904