ਚੰਡੀਗੜ੍ਹ: ਆਮ ਆਦਮੀ ਪਾਰਟੀ ਪੰਜਾਬ ਨੇ ਬੀਜੇਪੀ ਉੱਪਰ ਤਿੱਖਾ ਨਿਸ਼ਾਨਾ ਸਾਧਿਆ ਹੈ। ਪੰਜਾਬ ਵਿੱਚ ਸਨੀਅਰ ਕਾਂਗਰਸੀ ਲੀਡਰਾਂ ਦੇ ਬੀਜੇਪੀ ਵਿੱਚ ਸ਼ਾਮਲ ਹੋਣ ਮਗਰੋਂ ਆਮ ਆਦਮੀ ਪਾਰਟੀ ਨੇ ਚੁਣੌਤੀ ਦਿੱਤੀ ਹੈ। ਆਮ ਆਦਮੀ ਪਾਰਟੀ ਨੇ ਦੋਸ਼ ਲਾਇਆ ਕਿ ਬੀਜੇਪੀ ’ਚ ਸ਼ਾਮਲ ਹੋਣ ਵਾਲੇ ਸਾਬਕਾ ਮੰਤਰੀ ਭ੍ਰਿਸ਼ਟਾਚਾਰ ’ਚ ਸ਼ਾਮਲ ਹਨ। ਇਨ੍ਹਾਂ ਮੰਤਰੀਆਂ ਨੇ ਮਾਨ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਕਾਰਵਾਈ ਤੋਂ ਬਚਣ ਬੀਜੇਪੀ ’ਚ ਸ਼ਰਨ ਲਈ ਹੈ।



ਆਮ ਆਦਮੀ ਪਾਰਟੀ ਪੰਜਾਬ ਨੇ ਭਾਰਤੀ ਜਨਤਾ ਪਾਰਟੀ (ਬੀਜੇਪੀ) ’ਚ ਸ਼ਾਮਲ ਹੋਏ ਕਾਂਗਰਸ ਦੇ ਸਾਬਕਾ ਚਾਰ ਮੰਤਰੀਆਂ ਦੀ ਤਿੱਖੀ ਆਲੋਚਨਾ ਕਰਦਿਆਂ ਉਨ੍ਹਾਂ ਨੂੰ ਮੌਕਾਪ੍ਰਸਤ ਤੇ ਵਿਕਾਊ ਆਗੂ ਕਰਾਰ ਦਿੱਤਾ ਹੈ। ‘ਆਪ’ ਦੇ ਪ੍ਰਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਦੋਸ਼ ਲਾਇਆ ਕਿ ਭਾਜਪਾ ’ਚ ਸ਼ਾਮਲ ਹੋਣ ਵਾਲੇ ਸਾਬਕਾ ਮੰਤਰੀ ਭ੍ਰਿਸ਼ਟਾਚਾਰ ’ਚ ਸ਼ਾਮਲ ਹਨ ਤੇ ਇਨ੍ਹਾਂ ਮੰਤਰੀਆਂ ਨੇ ਮਾਨ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਕਾਰਵਾਈ ਤੋਂ ਬਚਣ ਲਈ ਭਗਵਾ ਪਾਰਟੀ ’ਚ ਸ਼ਰਨ ਲਈ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਾ ਮਾਫੀਆ ਤੇ ਰੇਤ ਮਾਫੀਆ ਰਾਹੀਂ ਸੂਬੇ ਦੇ ਖਜ਼ਾਨੇ ਤੇ ਨੌਜਵਾਨੀ ਨੂੰ ਬਰਬਾਦ ਕਰਨ ਵਾਲੇ ਕਾਂਗਰਸੀ ਆਗੂਆਂ ਨੂੰ ਭਗਵਾ ਪਾਰਟੀ ਨੇ ਆਪਣੇ ਸਿਆਸੀ ਲਾਭ ਲਈ ਸੁਰੱਖਿਆ ਪ੍ਰਦਾਨ ਕੀਤੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਨਾਲ ਗੱਦਾਰੀ ਕਰਨ ਵਾਲੇ ਆਗੂਆਂ ਦੀ ਹਰ ਤਰ੍ਹਾਂ ਦੀ ਜਾਂਚ ਕਰਵਾਈ ਜਾਵੇਗੀ ਤੇ ਦੋਸ਼ੀ ਪਾਏ ਜਾਣ ਵਾਲੇ ਆਗੂਆਂ ਨੂੰ ਬਖਸ਼ਿਆ ਨਹੀਂ ਜਾਵੇਗਾ।

‘ਆਪ’ ਆਗੂ ਨੇ ਦੋਸ਼ ਲਾਇਆ ਕਿ ਸਾਬਕਾ ਕਾਂਗਰਸੀ ਆਗੂ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ ਤੇ ਕਥਿਤ ਤੌਰ ’ਤੇ ਆਪਣੇ ਕਾਰਜਕਾਲ ਦੌਰਾਨ ਕੀਤੀਆਂ ਵੱਖ-ਵੱਖ ਗੈਰਕਾਨੂੰਨੀ ਕਾਰਵਾਈਆਂ ’ਚ ਉਲਝੇ ਹੋਏ ਹਨ। ਭਾਜਪਾ ਆਗੂਆਂ ਨੇ ਵੀ ਇਨ੍ਹਾਂ ਕਾਂਗਰਸੀ ਆਗੂਆਂ ਨੂੰ ਪੰਜਾਬ ਦਾ ਭਵਿੱਖ ਬਰਬਾਦ ਕਰਨ ਲਈ ਦੋਸ਼ੀ ਠਹਿਰਾਇਆ ਸੀ। ਕੰਗ ਨੇ ‘ਆਪ’ ਦੀ ਪੰਜਾਬ ਪ੍ਰਤੀ ਪ੍ਰਤੀਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਮਾਨ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਤੇ ਪੰਜਾਬ ਵਿਰੋਧੀ ਗਤੀਵਿਧੀਆਂ ’ਚ ਸ਼ਾਮਲ ਲੋਕਾਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ।