Punjab Vidhan Sabha Monsoon Session: ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਵਿੱਚ ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਜ਼ੋਰਦਾਰ ਤਰੀਕੇ ਨਾਲ ਮੁੱਦੇ ਉਠਾਏ। ਉਨ੍ਹਾਂ ਨੇ ਆਪਣੀ ਹੀ ਸਰਕਾਰ ਨੂੰ ਕਈ ਵਾਰ ਸ਼ੀਸ਼ਾ ਵਿਖਾਇਆ ਜਿਸ ਦੀ ਸੋਸ਼ਲ ਮੀਡੀਆ ਉਪਰ ਵੀ ਪ੍ਰਸ਼ੰਸਾ ਕੀਤੀ ਜਾ ਰਹੀ ਹੈ। 



ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਅੱਜ ਕਿਸਾਨਾਂ ਦੇ ਸੰਘਰਸ਼ ਤੇ ਬੇਅਦਬੀ ਦਾ ਮੁੱਦਾ ਸਦਨ ​​ਵਿੱਚ ਉਠਾਇਆ। ਉਨ੍ਹਾਂ ਕਿਹਾ ਕਿ ਸਾਡੇ ਕਿਸਾਨ ਵਿਰੋਧ ਕਰ ਰਹੇ ਹਨ। ਇਸ ਤੋਂ ਪਹਿਲਾਂ ਉਹ ਦਿੱਲੀ ਵਿੱਚ ਸੰਘਰਸ਼ ਕਰ ਚੁੱਕੇ ਹਨ। ਇਸ ਦੇ ਨਾਲ ਹੀ ਹੁਣ ਕਿਸਾਨਾਂ ਨੂੰ ਸ਼ੰਭੂ ਬਾਰਡਰ 'ਤੇ ਰੋਕਿਆ ਹੋਇਆ ਹੈ। ਉਨ੍ਹਾਂ ਨੇ ਆਪਣੀ ਹੀ ਸਰਕਾਰ ਨੂੰ ਬੇਨਤੀ ਕੀਤੀ ਕਿ ਕਿਸਾਨਾਂ ਤੇ ਬਰਗਾੜੀ ਦੇ ਮੁੱਦੇ 'ਤੇ ਵਿਸ਼ੇਸ਼ ਬੈਠਕ ਰੱਖੀ ਜਾਵੇ। ਇਸ ਲਈ ਸੈਸ਼ਨ ਨੂੰ ਇੱਕ ਦਿਨ ਲਈ ਵਧਾਇਆ ਜਾਵੇ।


ਉਨ੍ਹਾਂ ਨੇ ਕਿਹਾ ਕਿ ਚੋਣਾਂ ਦੌਰਾਨ ਅਸੀਂ ਵਾਅਦਾ ਕੀਤਾ ਸੀ ਕਿ ਘੱਟੋ-ਘੱਟ ਸਮਰਥਨ ਮੁੱਲ ਦੇ ਮੁੱਦੇ 'ਤੇ ਕਾਨੂੰਨ ਬਣਾਵਾਂਗੇ। ਮੈਂ ਬੇਨਤੀ ਕਰਾਂਗਾ ਕਿ MSP 'ਤੇ ਕਾਨੂੰਨ ਬਣਾਇਆ ਜਾਵੇ। ਮੈਨੂੰ ਨਹੀਂ ਲੱਗਦਾ ਕਿ ਕੋਈ ਵੀ ਇਸ ਕਾਨੂੰਨ ਦੇ ਵਿਰੁੱਧ ਹੋਵੇਗਾ ਕਿਉਂਕਿ ਕੇਂਦਰ ਤੇ ਰਾਜ ਸਰਕਾਰਾਂ ਆਮ ਜਨਤਾ ਦੁਆਰਾ ਹੀ ਚੁਣੀਆਂ ਜਾਂਦੀਆਂ ਹਨ। ਉੱਥੇ ਬੈਠ ਕੇ ਇਹ ਤੈਅ ਹੋ ਜਾਵੇਗਾ ਕਿ ਕੇਂਦਰ ਤੇ ਰਾਜ ਸਰਕਾਰ ਕਿੰਨਾ ਪੈਸਾ ਦੇਵੇਗੀ। ਖੇਤੀਬਾੜੀ ਰਾਜ ਦੀ ਸੂਚੀ ਵਿੱਚ ਆਉਂਦੀ ਹੈ। ਵਿਧਾਨ ਸਭਾ ਕਾਨੂੰਨ ਬਣਾਉਣ ਦੇ ਸਮਰੱਥ ਹੈ। 



ਕੁੰਵਰ ਵਿਜੇ ਪ੍ਰਤਾਪ ਨੇ ਸਦਨ ਨੂੰ ਬੇਅਦਬੀ ਦੇ ਮਾਮਲੇ ਬਾਰੇ ਵਿਸਥਾਰ ਨਾਲ ਦੱਸਿਆ। ਉਨ੍ਹਾਂ ਨੇ ਆਪਣੀ ਜਾਂਚ ਬਾਰੇ ਵੀ ਦੱਸਿਆ। ਅਧਿਕਾਰੀਆਂ ਦੀ ਭੂਮਿਕਾ 'ਤੇ ਚਾਨਣਾ ਪਾਇਆ। ਇਸ ਦੇ ਨਾਲ ਹੀ ਉਨ੍ਹਾਂ ਆਪਣੀ, ਸ਼੍ਰੋਮਣੀ ਕਮੇਟੀ ਤੇ ਸਰਕਾਰ ਦੀ ਭੂਮਿਕਾ ਬਾਰੇ ਵੀ ਦੱਸਿਆ। ਉਸ ਸਮੇਂ ਦੀ ਸਰਕਾਰ ਤੇ ਹੋਰ ਗੱਲਾਂ ਬਾਰੇ ਵੀ ਦੱਸਿਆ।