Barnala news: ਬਰਨਾਲਾ ਵਿੱਚ ਅਰਵਿੰਦ ਕੇਜਰੀਵਾਲ ਅਤੇ ਸਾਥੀਆਂ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਵੱਲੋਂ ਡੀਸੀ ਦਫ਼ਤਰ ਅੱਗੇ ਭੁੱਖ ਹੜਤਾਲ ਅਤੇ ਧਰਨਾ ਦਿੱਤਾ ਗਿਆ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਵੱਲੋਂ ਭਾਜਪਾ ਦੀ ਕੇਂਦਰ ਸਰਕਾਰ ਖ਼ਿਲਾਫ਼ ਜ਼ਿਲ੍ਹਾ ਪੱਧਰੀ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਧਰਨੇ ਵਿੱਚ ਕੈਬਨਿਟ ਮੰਤਰੀ ਅਤੇ ਸੰਗਰੂਰ ਤੋਂ ‘ਆਪ’ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।


ਇਸ ਬਾਰੇ ਦੱਸਦਿਆਂ ਹੋਇਆਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਚੇਅਰਮੈਨ ਗੁਰਦੀਪ ਸਿੰਘ ਬਾਠ ਨੇ ਕਿਹਾ ਕਿ ਅੱਜ ਪੂਰੇ ਦੇਸ਼ ਵਿੱਚ ਡਰ ਦਾ ਮਾਹੌਲ ਹੈ। ਭਾਜਪਾ ਸਰਕਾਰ ਨੇ ਪੂਰੇ ਦੇਸ਼ ਵਿੱਚ ਤਾਨਾਸ਼ਾਹੀ ਰਵੱਈਆ ਅਪਣਾਇਆ ਹੋਇਆ ਹੈ।


ਜਿਹੜੀਆਂ ਵੀ ਪਾਰਟੀਆਂ ਜਾਂ ਆਗੂ ਭਾਜਪਾ ਦੀ ਅਗਵਾਈ ਨੂੰ ਸਵੀਕਾਰ ਨਹੀਂ ਕਰ ਰਹੇ, ਉਨ੍ਹਾਂ ਨੂੰ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਕੇ ਝੂਠੇ ਕੇਸਾਂ ਵਿੱਚ ਫਸਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੇ ਸਾਥੀ ਈਡੀ ਅਤੇ ਸੀਬੀਆਈ ਦੇ ਡਰ ਕਰਕੇ ਭਾਜਪਾ ਵਿੱਚ ਸ਼ਾਮਲ ਨਹੀਂ ਹੋਏ। ਇਸੇ ਲਈ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਮਨੀ ਲਾਂਡਰਿੰਗ ਅਤੇ ਸ਼ਰਾਬ ਦੇ ਝੂਠੇ ਕੇਸਾਂ ਵਿੱਚ ਫਸਾਇਆ ਜਾ ਰਿਹਾ ਹੈ।


ਇਹ ਵੀ ਪੜ੍ਹੋ: Waris Punjab De: ਅੰਮ੍ਰਿਤਪਾਲ ਸਿੰਘ ਦੇ ਮਾਤਾ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ, ਜਾਣੋ ਵਜ੍ਹਾ


ਉਨ੍ਹਾਂ ਕਿਹਾ ਕਿ ਮਨੀਸ਼ ਸਿਸੋਦੀਆ ਦੇ ਮਾਮਲੇ 'ਚ ਜਾਂਚ ਏਜੰਸੀਆਂ ਅਜੇ ਤੱਕ ਕੁਝ ਵੀ ਬਰਾਮਦ ਨਹੀਂ ਕਰ ਸਕੀਆਂ ਹਨ। ਅਰਵਿੰਦ ਕੇਜਰੀਵਾਲ ਨੂੰ ਦਿੱਲੀ ਸ਼ਰਾਬ ਘੁਟਾਲੇ ਵਿੱਚ ਸ਼ਾਮਲ ਇੱਕ ਅਹਿਮ ਵਿਅਕਤੀ ਵੱਲੋਂ ਝੂਠਾ ਗਵਾਹ ਬਣਾਉਣ ਤੋਂ ਬਾਅਦ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਗਿਆ ਸੀ। ਜਦਕਿ ਭਾਜਪਾ ਨੇ ਉਕਤ ਵਿਅਕਤੀ ਦੇ ਪਿਤਾ ਨੂੰ ਐਮ.ਪੀ ਦੀ ਟਿਕਟ ਵੀ ਦਿੱਤੀ ਹੈ ਅਤੇ ਭਾਜਪਾ ਨੇ ਉਕਤ ਵਿਅਕਤੀ ਤੋਂ ਕਰੋੜਾਂ ਰੁਪਏ ਦੇ ਚੋਣ ਬਾਂਡ ਵੀ ਪ੍ਰਾਪਤ ਕੀਤੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ਜਾਂ ਪੰਜਾਬ ਹੀ ਨਹੀਂ, ਪੂਰੇ ਦੇਸ਼ ਦੇ ਲੋਕ ਵੋਟ ਪਾ ਕੇ ਭਾਜਪਾ ਦੀ ਇਸ ਤਾਨਾਸ਼ਾਹੀ ਨੂੰ ਸਬਕ ਸਿਖਾਉਣਗੇ।


ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਭੁੱਖ ਹੜਤਾਲ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਜਾਰੀ ਕੀਤੇ ਜਾ ਰਹੇ ਝੂਠੇ ਪਰਚੇ ਦੇ ਵਿਰੋਧ ਵਿੱਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਪੂਰੀ ਤਰ੍ਹਾਂ ਖੁਸ਼ ਹਨ ਅਤੇ ਆਮ ਆਦਮੀ ਪਾਰਟੀ ਸੂਬੇ ਦੀਆਂ ਸਾਰੀਆਂ ਸੀਟਾਂ 'ਤੇ ਵੱਡੇ ਫਰਕ ਨਾਲ ਜਿੱਤ ਦਰਜ ਕਰੇਗੀ।


ਇਹ ਵੀ ਪੜ੍ਹੋ: Barnala news: ਕਿਸਾਨਾਂ ਨੇ ਕੇਂਦਰ ਸਰਕਾਰ ਦਾ ਪੁਤਲਾ ਸਾੜ ਕੇ ਕੱਢਿਆ ਗੁੱਸਾ, ਭਾਜਪਾ 'ਤੇ ਲਾਏ ਗੰਭੀਰ ਦੋਸ਼