ਸ਼ੰਕਰ ਬਦਰਾ ਦੀ ਰਿਪੋਰਟ 

 

ਅੰਮ੍ਰਿਤਸਰ : ਪੰਜਾਬ ਵਿੱਚ ਇਤਿਹਾਸਕ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਵੱਲੋਂ ਅੱਜ ਅੰਮ੍ਰਿਤਸਰ 'ਚ ਰੋਡ ਸ਼ੋਅ ਕੀਤਾ ਜਾ ਰਿਹਾ ਹੈ। ਆਮ ਆਦਮੀ ਪਾਰਟੀ ਵੱਲੋਂ ਅੰਮ੍ਰਿਤਸਰ 'ਚ ਧੰਨਵਾਦ ਰੋਡ ਸ਼ੋਅ ਕੱਢਿਆ ਜਾ ਰਿਹਾ ਹੈ। ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਅਗਲੇ ਮੁੱਖ ਮੰਤਰੀ ਭਗਵੰਤ ਮਾਨ ਇਸ ਮਾਰਚ ਦੀ ਅਗਵਾਈ ਕਰ ਰਹੇ ਹਨ।

 

ਇਸ ਦੌਰਾਨ ਭਗਵੰਤ ਮਾਨ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਸੇ ਵੀ ਸਰਕਾਰੀ ਦਫ਼ਤਰ ਵਿੱਚ ਮੁੱਖ ਮੰਤਰੀ ਦੀ ਤਸਵੀਰ ਨਹੀਂ ਹੋਵੇਗੀ, ਸਗੋਂ ਸ਼ਹੀਦ ਭਗਤ ਸਿੰਘ ਅਤੇ ਬਾਬਾ ਸਾਹਿਬ ਅੰਬੇਡਕਰ ਦੀਆਂ ਤਸਵੀਰਾਂ ਲਗਾਈਆਂ ਜਾਣਗੀਆਂ। ਭਗਵੰਤ ਮਾਨ ਨੇ ਕਿਹਾ ਕਿ ਪਹਿਲੇ ਦਿਨ ਤੋਂ ਹੀ ਕੰਮ ਸ਼ੁਰੂ ਕਰਾਂਗੇ। ਲੋਕਾਂ ਨੇ ਆਪਣੇ ਆਪ ਨੂੰ ਵੋਟ ਪਾਈ ਹੈ।
  

 

ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਕਿਹਾ ਕਿ ਉਹ ਸ਼ਹੀਦ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿਖੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਉਨ੍ਹਾਂ ਕਿਹਾ ਕਿ ਅੱਗੇ ਰਾਜ ਭਵਨ ਵਿੱਚ ਸਹੁੰ ਚੁੱਕ ਸਮਾਗਮ ਹੁੰਦਾ ਸੀ ਪਰ ਹੁਣ ਪਿੰਡ ਖਟਕੜ ਕਲਾਂ ਵਿਖੇ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਾਂਗਾ। ਇਸ ਦੇ ਨਾਲ ਹੀ ਮਾਨ ਨੇ ਲੋਕਾਂ ਨੂੰ ਵੀ ਪਹੁੰਚਣ ਦੀ ਅਪੀਲ ਕਤੀ ਹੈ। 

 

ਦੱਸ ਦੇਈਏ ਕਿ ਰੋਡ ਸ਼ੋਅ ਤੋਂ ਪਹਿਲਾਂ 'ਆਪ' ਦੇ ਨਵੇਂ ਚੁਣੇ ਗਏ ਵਿਧਾਇਕਾਂ ਸਮੇਤ ਭਗਵੰਤ ਮਾਨ ਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਸਨ। ਮੱਥਾ ਟੇਕਣ ਤੋਂ ਬਾਅਦ ਐੱਸਜੀਪੀਸੀ ਵੱਲੋਂ ਪੰਜਾਬ ਦੇ ਅਗਲੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਦਾ ਸਿਰੋਪਾਓ ਪਾ ਕੇ ਸਨਮਾਨ ਕੀਤਾ ਹੈ। ਇਸ ਤੋਂ ਬਾਅਦ ਭਗਵੰਤ ਮਾਨ ਅਤੇ ਕੇਜਰੀਵਾਲ ਸ੍ਰੀ ਦੁਰਗਿਆਣਾ ਮੰਦਿਰ ਵਿਖੇ ਨਤਮਸਤਕ ਹੋਏ।